
*ਪ੍ਰੀ-ਪ੍ਰਾਇਮਰੀ ਦੇ 22 ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਆਪਣੀ ਕਿਸਮ ਦੀ ਨਵੇਕਲੀ ਪਹਿਲਕਦਮੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ), ਗੜ੍ਹਾ ਵਿਖੇ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਆਪਣੀ ਸਕੂਲੀ ਸਿੱਖਿਆ ਵਿੱਚ ਹੋਰ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।
ਸਕੂਲ ਇੰਚਾਰਜ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸਕੱਤਰ ਸਿੱਖਿਆ ਅਜੈ ਸ਼ਰਮਾ ਅਤੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਕੂਲ ਵਿੱਚ ਪਹਿਲਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰੀ-ਪ੍ਰਾਇਮਰੀ ਦੇ 22 ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਵਿੱਚ ਉੱਚ ਰੈਂਕ ਪ੍ਰਾਪਤ ਕਰਨ ਲਈ ਹੋਰ ਉਤਸ਼ਾਹਿਤ ਕਰਨ ਖਾਤਰ ਮਾਪਿਆਂ ਸਮੇਤ 50 ਤੋਂ ਵੱਧ ਕਮਿਊਨਿਟੀ ਮੈਂਬਰਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।
ਸਕੂਲ ਇੰਚਾਰਜ ਨੇ ਇਹ ਵੀ ਦੱਸਿਆ ਕਿ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਉਦੇਸ਼ ਉਨ੍ਹਾਂ ਸਾਰੇ ਮਾਪਿਆਂ ਦਾ ਧੰਨਵਾਦ ਕਰਨਾ ਹੈ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜ ਕੇ ਆਪਣਾ ਅਟੁੱਟ ਵਿਸ਼ਵਾਸ ਅਤੇ ਸਮਰਥਨ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਹਰ ਦੋ ਸਾਲਾਂ ਵਿੱਚ ਨਰਸਰੀ ਦੇ ਵਿਦਿਆਰਥੀ ਆਪਣੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਪੂਰੀਆਂ ਕਰਦੇ ਹਨ ਅਤੇ ਪਹਿਲੀ ਜਮਾਤ ਵਿੱਚ ਦਾਖ਼ਲ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਨੂੰ ਅਗਲੇ ਪੱਧਰ ‘ਤੇ ਪ੍ਰਵੇਸ਼ ਕਰਨ ਦਾ ਅਹਿਸਾਸ ਕਰਵਾਉਣਾ ਹੈ। ਇਹ ਗਤੀਵਿਧੀਆਂ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸਫ਼ਲਤਾ ਦੀਆਂ ਉਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕਰਦੀਆਂ ਹਨ। ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਅਤੇ ਸਮਾਰਟ ਕਲਾਸਾਂ ਬਾਰੇ ਮਾਪਿਆਂ ਅਤੇ ਭਾਈਚਾਰੇ ਨੂੰ ਸਿੱਖਿਅਤ ਕਰਨਾ ਵੀ ਹੈ।
ਇਸ ਸਮਾਗਮ ਦੇ ਮੱਦੇਨਜ਼ਰ ਅਧਿਆਪਕਾਂ ਵੱਲੋਂ ਆਪਣੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਰੰਗਦਾਰ ਚਾਰਟ, ਪ੍ਰੀ-ਸਕੂਲ ਸਮੱਗਰੀ, ਰੰਗ-ਬਿਰੰਗੇ ਖਿਡੌਣਿਆਂ, ਗੇਂਦਾਂ, ਕਹਾਣੀਆਂ ਦੀਆਂ ਕਿਤਾਬਾਂ, ਬੱਚਿਆਂ ਦੀਆਂ ਡਰਾਇੰਗ ਗਤੀਵਿਧੀਆਂ, ਪੋਸਟਰਾਂ ਅਤੇ ਵੱਖ-ਵੱਖ ਤਸਵੀਰਾਂ ਨਾਲ ਸਜਾਇਆ ਗਿਆ ਸੀ। ਸਮਾਗਮ ਦੌਰਾਨ ਪ੍ਰਮੋਟ ਹੋਏ ਵਿਦਿਆਰਥੀਆਂ ਦੀਆਂ ਪ੍ਰਗਤੀ ਰਿਪੋਰਟਾਂ ਵੀ ਉਨ੍ਹਾਂ ਦੇ ਮਾਪਿਆਂ ਨੂੰ ਸੌਂਪੀਆਂ ਗਈਆਂ ਤਾਂ ਜੋ ਉਹ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਹੋ ਸਕਣ।
ਇਸ ਮੌਕੇ ਸਕੂਲ ਅਧਿਆਪਕ ਸੁਖਵਿੰਦਰ ਕੌਰ, ਮਨਦੀਪ ਕੌਰ, ਸ਼ਬਨਮ, ਕਮਲੇਸ਼ ਰਾਣੀ ਅਤੇ ਮਨਦੀਪ ਵੀ ਮੌਜੂਦ ਸਨ।



