
*ਜਲੰਧਰ ’ਚ ਚੱਲ ਰਹੇ ਹਾਈਵੇ ਪ੍ਰਾਜੈਕਟਾਂ ਲਈ ਮੁਆਵਜ਼ੇ ਦੀ ਵੰਡ ਤੇ ਕਬਜ਼ੇ ਦੀ ਪ੍ਰਕਿਰਿਆ ਦੀ ਪ੍ਰਗਤੀ ਦਾ ਲਿਆ ਜਾਇਜ਼ਾ*
*ਅਧਿਕਾਰੀਆਂ ਨੂੰ ਕੈਂਪ ਲਾ ਕੇ ਮੁਆਵਜ਼ੇ ਦੀ ਵੰਡ ’ਚ ਤੇਜ਼ੀ ਲਿਆਉਣ ਲਈ ਕਿਹਾ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਲਈ ਐਕਵਾਇਰ ਕੀਤੀ ਜ਼ਮੀਨ ਲਈ ਮੁਆਵਜ਼ੇ ਦੀ ਵੰਡ ਜਲਦ ਸ਼ੁਰੂ ਕੀਤੀ ਜਾ ਰਹੀ ਹੈ।
ਵਰਚੁਅਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਲੰਧਰ ’ਚ ਚੱਲ ਰਹੇ ਹਾਈਵੇ ਪ੍ਰਾਜੈਕਟਾਂ ਲਈ ਮੁਆਵਜ਼ੇ ਦੀ ਵੰਡ ਅਤੇ ਕਬਜ਼ੇ ਦੀ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ ਅਤੇ ਜਲੰਧਰ-ਹੁਸ਼ਿਆਰਪੁਰ ਐਨਐਚ 70 ਨੂੰ ਚਹੁੰ ਮਾਰਗੀ ਕਰਨ ਸਮੇਤ ਤਿੰਨ ਹਾਈਵੇ ਪ੍ਰਾਜੈਕਟਾਂ ਅਧੀਨ ਜ਼ਮੀਨ ਮਾਲਕਾਂ ਨੂੰ ਹੁਣ ਤੱਕ 481.06 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਅਧੀਨ ਐਸਡੀਐਮ ਨਕੋਦਰ ਵੱਲੋਂ 29.27 ਕਰੋੜ ਰੁਪਏ, ਐਸਡੀਐਮ ਜਲੰਧਰ-2 ਵੱਲੋਂ 128.55 ਕਰੋੜ ਰੁਪਏ ਅਤੇ ਐਸਡੀਐਮ ਫਿਲੌਰ ਵੱਲੋਂ 30.24 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ। ਜਦਕਿ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ-70 ਨੂੰ ਚਹੁੰ-ਮਾਰਗੀ ਕਰਨ ਲਈ 198 ਕਰੋੜ ਰੁਪਏ ਅਤੇ ਜਲੰਧਰ ਬਾਈਪਾਸ ਪ੍ਰਾਜੈਕਟ ਲਈ 95 ਕਰੋੜ ਤੋਂ ਵੱਧ ਰਾਸ਼ੀ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਲਈ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਵੰਡ ਵੀ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਤਹਿਤ ਪਿੰਡ ਕੰਗ ਸਾਬੂ ਵਿੱਚ ਜ਼ਮੀਨ ਦਾ ਕਬਜ਼ਾ ਲੈਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਮੁਆਵਜ਼ੇ ਦੀ ਵੰਡ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਸ਼ੇਸ਼ ਕੈਂਪ ਲਗਾ ਕੇ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਵਿੱਚ ਮੁਆਵਜ਼ੇ ਦੀ ਵੰਡ ਅਤੇ ਕਬਜ਼ਾ ਲੈਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ ਤਾਂ ਜੋ ਚੱਲ ਰਹੇ ਸਾਰੇ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਕੀਤਾ ਜਾ ਸਕੇ।
ਜ਼ਮੀਨ ਮਾਲਕਾਂ ਨੂੰ ਆਪਣੀ ਐਕਵਾਇਰ ਕੀਤੀ ਜ਼ਮੀਨ ਦੇ ਬਦਲੇ ਉਸ ਦਾ ਮੁਆਵਜ਼ਾ (ਅਵਾਰਡ) ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨ ਮਾਲਕ ਆਪਣਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਬਾਅਦ ਵੀ ਲੈਂਡ ਇਨਹੈਂਸਮੈਂਟ ਲਈ ਆਰਬਿਟ੍ਰੇਟਰਾਂ ਪਾਸ ਅਪੀਲ ਦਾਇਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਸਵੀਕ੍ਰਿਤੀ ਅਤੇ ਲੈਂਡ ਇਨਹੈਂਸਮੈਂਟ ਵੱਖੋ-ਵੱਖਰੇ ਮੁੱਦੇ ਹਨ। ਕੋਈ ਵੀ ਅਵਾਰਡ ਪ੍ਰਾਪਤ ਕਰਨ ਦੇ ਬਾਵਜੂਦ ਅਵਾਰਡ ਵਿੱਚ ਵਾਧੇ ਦੀ ਮੰਗ ਕਰਨ ਲਈ ਆਰਬਿਟ੍ਰੇਟਰ ਪਾਸ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਜਲੰਧਰ ਦੇ ਲੋਕਾਂ ਨੂੰ ਸਹੂਲਤ ਹੋਵੇਗੀ ਸਗੋਂ ਜਲੰਧਰ ਤੋਂ ਲੰਘਣ ਵਾਲੇ ਨੇੜਲੇ ਸੂਬਿਆਂ ਦੇ ਯਾਤਰੀਆਂ ਨੂੰ ਵੀ ਫਾਇਦਾ ਹੋਵੇਗਾ।



