ਐਕਟ ਤਹਿਤ ਦਾਇਰ ਅਰਜ਼ੀਆਂ ‘ਤੇ ਅਪੀਲਾਂ ਦੇ ਹੱਲ ਲਈ ਸਰਕਾਰੀ ਵਿਭਾਗਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਲਿਆ ਜਾਇਜ਼ਾ
ਜਲੰਧਰ 1 ਅਕਤੂਬਰ (ਅਮਰਜੀਤ ਸਿੰਘ ਲਵਲਾ)
ਸਟੇਟ ਆਰਟੀਆਈ ਕਮਿਸ਼ਨਰ ਖੁਸ਼ਵੰਤ ਸਿੰਘ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਦਫਤਰਾਂ ਵਿੱਚ ਸੂਚਨਾ ਦਾ ਅਧਿਕਾਰ ਕਾਨੂੰਨ ਨੂੰ ਉਚਿਤ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨੈਕਾਰਾਂ ਨੂੰ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨਰ ਨੇ ਕਿਹਾ ਕਿ ਸੂਚਨਾ ਦੀ ਸਵੈ-ਘੋਸ਼ਣਾ ਸਮੇਂ ਦੀ ਲੋੜ ਹੈ। ਇਸ ਲਈ ਹਰੇਕ ਵਿਭਾਗ ਨੂੰ ਆਪਣੀਆਂ ਵੈਬਸਾਈਟਾਂ ‘ਤੇ ਲੋਕ ਸੂਚਨਾ ਅਧਿਕਾਰੀਆਂ ਅਤੇ ਉਨ੍ਹਾਂ ਦੇ ਐਪੀਲੈਂਟ ਅਥਾਰਟੀਆਂ ਦੇ ਨਾਂ ਅਤੇ ਪਤੇ ਸਮੇਤ ਕੁਝ ਜਾਣਕਾਰੀ ਘੋਸ਼ਿਤ ਕਰਨੀ ਚਾਹੀਦੀ ਹੈ। ਉਨ੍ਹਾਂ ਆਰਟੀਆਈ ਐਕਟ ਅਧੀਨ ਦਾਇਰ ਅਰਜ਼ੀਆਂ ਅਤੇ ਅਪੀਲਾਂ ਦੇ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਤਾਂ ਜੋ ਆਰਟੀਆਈ ਅਰਜ਼ੀਆਂ ਦੇ ਨਿਪਟਾਰੇ ਦੇ ਸੰਬੰਧ ਵਿੱਚ ਵਿਭਾਗਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਐਕਟ ਅਧੀਨ ਸਾਰੀਆਂ ਅਰਜ਼ੀਆਂ ਦਾ ਜਵਾਬ 30 ਦਿਨਾਂ ਦੇ ਨਿਰਧਾਰਤ ਸਮੇਂ ਦੇ ਅੰਦਰ ਦਿੱਤਾ ਜਾਣਾ ਚਾਹੀਦਾ ਹੈ ‘ਤੇ ਜੇਕਰ ਵਾਸਤਵਿਕ ਕਾਰਨਾਂ ਕਰਕੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਦੇਰੀ ਹੋਈ ਹੈ ਤਾਂ ਬਿਨੈਕਾਰ ਨੂੰ ਵਿਧੀਪੂਰਵਕ ਸੂਚਨਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਆਦਾਤਰ ਜਾਣਕਾਰੀ ਵਿਭਾਗੀ ਵੈਬਸਾਈਟਾਂ ‘ਤੇ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ, ਜਿਸ ਨਾਲ ਵਿਭਾਗਾਂ ‘ਤੇ ਬੋਝ ਘਟੇਗਾ ਕਿਉਂਕਿ ਬਿਨੈਕਾਰ ਵੈਬਸਾਈਟ ਤੋਂ ਹੀ ਸੰਬੰਧਤ ਜਾਣਕਾਰੀ ਪ੍ਰਾਪਤ ਕਰ ਸਕਣਗੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਪ੍ਰੀਤ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕਮਿਸ਼ਨਰ ਆਰਟੀਆਈ ਦਾ ਸਵਾਗਤ ਕੀਤਾ। ਉਨ੍ਹਾਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸਰਕਾਰੀ ਅਧਿਕਾਰੀਆਂ ਨੂੰ ਕਮਿਸ਼ਨਰ ਆਰਟੀਆਈ ਸਾਹਮਣੇ ਆਪਣੇ ਸਵਾਲ ਰੱਖਣ ਲਈ ਵੀ ਕਿਹਾ ਤਾਂ ਜੋ ਕਮਿਸ਼ਨਰ ਦੁਆਰਾ ਉਚਿਤ ਹੱਲ ਕੱਢਿਆ ਜਾ ਸਕੇ।



