
ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦਾ ਹਮੇਸ਼ਾ ਰਿਣੀ ਰਹੇਗਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ ਉਪ ਮੰਡਲ ਮੈਜਿਸਟਰੇਟ ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਵਾਲੀ ਟੀਮ ਵੱਲੋਂ ਸ਼ਨੀਵਾਰ ਨੂੰ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਨਮਾਨਿਤ ਕੀਤਾ ਗਿਆ।
ਐਸਡੀਐਮ ਵੱਲੋਂ ਆਜ਼ਾਦੀ ਘੁਲਾਟੀਏ ਦੇਵ ਵ੍ਰਤ ਸ਼ਰਮਾ ਨਾਲ ਰਾਜਿੰਦਰ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਆਜ਼ਾਦੀ ਘੁਲਾਟੀਏ ਪ੍ਰੇਮ ਸਾਗਰ ‘ਤੇ ਜਵਾਹਰ ਲਾਲ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਇਨ੍ਹਾਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਦੇਸ਼ ਹਮੇਸ਼ਾ ਆਜ਼ਾਦੀ ਘੁਲਾਟੀਆਂ ਦਾ ਰਿਣੀ ਰਹੇਗਾ, ਜਿਨ੍ਹਾਂ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਸਦਕਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ। ਉਨ੍ਹਾਂ ਕਿਹਾ ਕਿ ਸਾਡੇ ਇਨ੍ਹਾਂ ਨਾਇਕਾਂ ਦਾ ਸੰਘਰਸ਼ ਨੌਜਵਾਨ ਪੀੜ੍ਹੀਆਂ ਨੂੰ ਹਮੇਸ਼ਾ ਉਤਸ਼ਾਹਿਤ ਕਰਦਾ ਰਹਿਣ ਤੋਂ ਇਲਾਵਾ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਦਾ ਸੰਚਾਰ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਕੋਵਿਡ-19 ਪਾਬੰਦੀਆਂ ਕਾਰਨ ਇਸ ਸਾਲ ਜ਼ਿਲ੍ਹੇ ਵਿੱਚ ਆਜ਼ਾਦੀ ਦਿਹਾੜੇ ਸਮਾਗਮ ਨੂੰ ਸਾਦਗੀ ਨਾਲ ਮਨਾਇਆ ਜਾ ਰਿਹਾ ਹੈ ਅਤੇ ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਘਰਾਂ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਕਾਰਨ ਦੇਸ਼ ਵਾਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਨ। ਸਾਡੇ ਆਜ਼ਾਦੀ ਘੁਲਾਟੀਆਂ ਨੇ ਸੁਤੰਤਰਤਾ ਸੰਗਰਾਮ ਵਿੱਚ ਆਪਣੀਆਂ ਜਾਨਾਂ ਵਾਰ ਦਿੱਤੀਆਂ ਤਾਂ ਜੋ ਅਸੀਂ ਆਜ਼ਾਦ ਦੇਸ਼ ਵਿੱਚ ਸਾਹ ਲੈ ਸਕੇ।



