
ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਲਹਿਰਾਇਆ ਜਾਵੇਗਾ ਤਿਰੰਗਾ
ਜਲੰਧਰ ਗਲੋਬਲ ਆਜਤੱਕ
ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਵੀਰਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਜਿੱਥੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਸਟੇਡੀਅਮ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਮੇਜਰ ਅਮਿਤ ਸਰੀਨ ਨੇ ਸਬੰਧਤ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਪੂਰੀ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਵੱਲੋਂ ਉਸ ਜਗ੍ਹਾ ਦਾ ਦੌਰਾ ਵੀ ਕੀਤਾ ਗਿਆ, ਜਿਥੇ ਮੁੱਖ ਸਟੇਜ ਬਣਾਈ ਜਾਣੀ ਹੈ ਅਤੇ ਬੈਠਣ ਵਾਲੀ ਥਾਂ ਸਮੇਤ ਝੰਡਾ ਲਹਿਰਾਉਣ ਵਾਲੀ ਜਗ੍ਹਾ ਦਾ ਮੁਆਇਨਾ ਵੀ ਕੀਤਾ ਗਿਆ ਤਾਂ ਜੋ ਲੋੜੀਂਦੇ ਬੰਦੋਬਸਤ ਸਮੇਂ ਸਿਰ ਕੀਤੇ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਸਿਹਤ ਸੰਭਾਲ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ।
ਜ਼ਿਕਰਯੋਗ ਹੈ ਕਿ ਮਾਰਚ ਪਾਸਟ ਵਿੱਚ ਬੀਐਸਐਫ, ਆਈਟੀਬੀਪੀ, ਸੀਆਰਪੀਐਫ, ਪੀਏਪੀ, ਪੰਜਾਬ ਪੁਲਿਸ, ਐਨਸੀਸੀ, ਹੋਮ ਗਾਰਡ, ਗਰਲਜ਼ ਗਾਈਡ, ਬੁਆਇਜ਼ ਸਕਾਊਟਸ ਦੀਆਂ ਟੁੱਕੜੀਆਂ ਭਾਗ ਲੈਣਗੀਆਂ ਜਦਕਿ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ, ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ।
ਇਸ ਮੌਕੇ ਡੀਸੀਪੀ ਹੈੱਡਕੁਆਰਟਰ ਵਤਸਲਾ ਗੁਪਤਾ, ਡੀਸੀਪੀ ਲਓ ਐਂਡ ਆਰਡਰ ਅੰਕੁਰ ਗੁਪਤਾ, ਐਸਡੀਐਮ ਜੈ ਇੰਦਰ ਸਿੰਘ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਮੌਜੂਦ ਸਨ।



