
ਏਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ’ਚ ਕੀਤੀ ਸ਼ਿਰਕਤ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਫ਼ਲਤਾ ਦੀਆਂ ਬੁਲੰਦੀਆਂ ਛੋਹਣ ਲਈ ਜ਼ਿੰਦਗੀ ਵਿੱਚ ਉੱਚਾ ਨਿਸ਼ਾਨਾ ਤੈਅ ਕਰਨ ਲਈ ਪ੍ਰੇਰਿਤ ਕਰਦਿਆਂ ਦ੍ਰਿੜ ਇਰਾਦੇ, ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਅੱਗੇ ਵਧਣ ਦਾ ਸੁਨੇਹਾ ਦਿੱਤਾ।
ਸਥਾਨਕ ਏਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਜਿਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ ‘ਤੇ ਸ਼ੀਤਲ ਅੰਗੂਰਾਲ ਵੀ ਮੌਜੂਦ ਸਨ, ਨੇ ਕਿਹਾ ਕਿ ਟੀਚਾ ਕਿੰਨਾ ਵੀ ਮੁਸ਼ਕਲ ਕਿਉਂ ਨਾ ਹੋਵੇ, ਕਦੇ ਵੀ ਅਸੰਭਵ ਨਹੀਂ ਹੁੰਦਾ। ਇਸ ਲਈ ਵਿਦਿਆਰਥੀਆਂ ਨੂੰ ਸਕਾਰਾਤਮਕ ਰਵੱਈਆ ਅਪਣਾਉਂਦੇ ਹੋਏ ਲਗਾਤਾਰ ਆਪਣੇ ਨਿਸ਼ਾਨੇ ਵੱਲ ਵਧਦੇ ਰਹਿਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਵਿੱਚ ਜਾਣ ਲਈ ਸਖ਼ਤ ਮਿਹਤਨ ਕਰਨ ਦੀ ਪ੍ਰੇਰਨਾ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਅਜਿਹੇ ਉੱਚ ਅਹੁਦਿਆਂ ’ਤੇ ਪਹੁੰਚ ਕੇ ਉਹ ਦੇਸ਼ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ।
ਸ਼ਖਸੀਅਤ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਸਿੱਖਿਆ ਵਿਅਕਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਸ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੀ ਹੈ ਅਤੇ ਤਰੱਕੀ ਦੇ ਨਵੇਂ ਦਰਵਾਜ਼ੇ ਖੋਲ੍ਹਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ, ਜਿਸ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਵਿਦਿਆਰਥੀ ਜੀਵਨ ਵਿੱਚ ਅਧਿਆਪਕ ਅਤੇ ਮਾਪਿਆਂ ਦੇ ਰੋਲ ਦਾ ਜ਼ਿਕਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਇਕ ਚੰਗਾ ਇਨਸਾਨ ਸਿਰਜਣ ਵਿੱਚ ਮਾਂ-ਬਾਪ ਦੇ ਨਾਲ-ਨਾਲ ਅਧਿਆਪਕ ਦੀ ਵੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਅਧਿਆਪਕਾਂ ਦਾ ਪੂਰਾ ਮਾਣ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਮਾਪਿਆਂ ਤੋਂ ਬਾਅਦ ਇਕ ਅਧਿਆਪਕ ਹੀ ਹੈ, ਜੋ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇ ਸਕਦਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਏਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਅਤੇ ਨਾਰੀ ਨਿਕੇਤਨ ਟਰੱਸਟ ਵੱਲੋਂ ਸਮਾਜ ਭਲਾਈ ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਨਿਭਾਈ ਜਾ ਰਹੀ ਬੇਮਿਸਾਲ ਭੂਮਿਕਾ ਦੀ ਸ਼ਲਾਘਾ ਕਰਦਿਆਂ ਟਰੱਸਟ ਨੂੰ ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਸੰਧਵਾਂ ਵੱਲੋਂ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਪਾਲ ਸਿੰਘ, ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ, ਨਾਰੀ ਨਿਕੇਤਨ ਟਰੱਸਟ ਦੇ ਜਨਰਲ ਸਕੱਤਰ ਗੁਰਜੋਤ ਕੌਰ, ਸੀਈਓ. ਨਵਿਤਾ ਜੋਸ਼ੀ, ਆਪ ਆਗੂ ਰਾਜਵਿੰਦਰ ਕੌਰ, ਦੀਪਕ ਬਾਲੀ, ਦਿਨੇਸ਼ ਢੱਲ, ਸੁਭਾਸ਼ ਸ਼ਰਮਾ ਆਦਿ ਮੌਜੂਦ ਸਨ।
ਇਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਰਬਨ ਇਸਟੇਟ ਸਥਿਤ ਕੈਂਬ੍ਰਿਜ ਇਨੋਵੇਟਿਵ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ।



