
ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਕਣਕ ਦੀ ਸੁਚੱਜੀ ਖ਼ਰੀਦ ‘ਤੇ ਜੀਓਜੀਜ਼ ਤਾਇਨਾਤ– ਡਿਪਟੀ ਕਮਿਸ਼ਨਰ
ਕਿਸਾਨਾਂ ਦੀ ਸਹੂਲਤ ਲਈ ਬੱਡੀ ਸਿਸਟਮ ਦੇ ਆਧਾਰ ‘ਤੇ ਕੀਤੀ ਗਈ ਜੀਓਜੀਜ਼ ਦੇ ਨਿਯਮ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਕਣਕ ਦੀ ਫ਼ਸਲ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਗਾਰਡੀਅਨਸ ਆਫ ਗਵਰਨੈਂਸ (ਜੀਓਜੀਜ਼) ਨੂੰ ਤਾਇਨਾਤ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ 150 ਜੀਓਜੀਜ਼ ਦੀ ਤਾਇਨਾਤੀ ਕੀਤੀ ਗਈ ਹੈ। ਤਾਂ ਜੋ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੰਡੀਆਂ ਵਿੱਚ ਫ਼ਸਲ ਦੀ ਖਰੀਦ ‘ਤੇ ਲਿਫ਼ਟਿੰਗ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਸਕੇ, ‘ਤੇ ਕੋਵਿਡ-19 ਸਬੰਧੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਕੋਵਿਡ-19 ਪ੍ਰੋਟੋਕਾਲਜ਼ ਦੀ ਪਾਲਣਾ ਦੇ ਨਾਲ-ਨਾਲ ਖਰੀਦ ਪ੍ਰੀਕਿਰਿਆ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਜੀਓਜੀਜ਼ ਦੀ ਤਾਇਨਾਤੀ ਬੱਡੀ ਸਿਸਟਮ ਵਿੱਚ ਕੀਤੀ ਗਈ ਹੈ। ਤਾਂ ਜੋ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਦੇ ਮੰਤਵ ਨਾਲ ਜੀਓਜੀਜ਼ ਨੂੰ ਪਲਸ ਆਕਸੀਮੀਟਰਜ਼, ਥਰਮਲ ਸਕੈਨਰਜ਼, ਐਨ 95 ਮਾਸਕ ਅਤੇ ਹੈਂਡ ਸਨੀਟਾਈਜ਼ਰਜ਼ ਦੀ ਵੰਡ ਕੀਤੀ ਗਈ ਹੈ। ਜੀਓਜੀਜ਼ ਵੱਲੋਂ ਥਰਮਲ ਸਕੈਨਰਾਂ ਨਾਲ ਜਿਥੇ ਮੰਡੀਆਂ ਵਿੱਚ ਦਾਖਲ ਹੋਣ ਵਾਲਿਆਂ ਦੇ ਸਰੀਰ ਦੇ ਤਾਪਮਾਨ ਦੀ ਜਾਂਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਥੇ ਪਲਸ ਆਕਸੀਮੀਟਰਾਂ ਰਾਹੀਂ ਕਿਸਾਨਾਂ, ਮਜ਼ਦੂਰਾਂ ਤੇ ਹੋਰਨਾਂ ਦੇ ਆਕਸੀਜ਼ਨ ਪੱਧਰ ਦੀ ਜਾਂਚ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਸ਼ੱਕੀ ਕੋਵਿਡ -19 ਕੇਸਾਂ ਨੂੰ ਹੋਰਨਾਂ ਤੋਂ ਵੱਖ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਅਧਿਕਾਰੀਆਂ ਵੱਲੋਂ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਖਰੀਦ ਪ੍ਰਕਿਰਿਆ ਵਿੱਚ ਜੁਟੇ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੀ ਵਰਤੋਂ ਲਈ ਜੀਓਜੀਜ਼ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਜੀਓਜੀਜ਼ ਨੂੰ ਮੰਡੀਆਂ ਵਿਚ ਸਮੁੱਚੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਸਮੁੱਚੀਆਂ ਮੰਡੀਆਂ ਵਿੱਚ ਕੂਪਨ ਪ੍ਰਣਾਲੀ ਪਹਿਲਾਂ ਹੀ ਲਾਗੂ ਕਰ ਦਿੱਤੀ ਗਈ ਹੈ। ਤਾਂ ਜੋ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾ ਸਕੇ, ‘ਤੇ ਕੋਵਿਡ-19 ਸਬੰਧੀ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਨਿਯਮਿਤ ਤੌਰ ‘ਤੇ ਕੀਟਾਣੂ ਨਾਸ਼ਕ ਦਵਾਈ ਦਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰੋਟੋਕਾਲਜ਼ ਨੂੰ ਸਹੀ ਢੰਗ ਨਾਲ ਲਾਗੂ ਕਰਦਿਆਂ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਵਿਕਰੀ ਲਈ ਸੁੱਕੀ ਫ਼ਸਲ ਹੀ ਲੈ ਕੇ ਆਉਣ ਅਤੇ ਕੋਵਿਡ ਸਬੰਧੀ ਜਾਰੀ ਹਦਾਇਤਾਂ ਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦੂਜੇ ਪਾਸੇ ਜ਼ਿਲ੍ਹਾ ਮੁਖੀ ਗਾਰਡੀਅਨਜ਼ ਆਫ ਗਵਰਨੈਂਸ, ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਬਾਵਜੂਦ ਖ਼ਰੀਦ ਪ੍ਰਕਿਰਿਆ ਦਾ ਕੰਮ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੀਓਜੀਜ਼ ਵੱਲੋਂ ਤਨਦੇਹੀ ਨਾਲ ਸੇਵਾ ਨਿਭਾਈ ਜਾ ਰਹੀ ਹੈ।



