
*ਡਿਪਟੀ ਕਮਿਸ਼ਨਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਅਪੀਲ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਲੰਧਰ ਜ਼ਿਲ੍ਹੇ ਨੇ 15-17 ਸਾਲ ਦੀ ਉਮਰ ਵਰਗ ਦੇ ਕੁੱਲ ਲਾਭਪਾਤਰੀਆਂ ਵਿੱਚੋਂ 82 ਫੀਸਦੀ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਕਿਸ਼ੋਰਾਂ ਦੇ ਟੀਕਾਕਰਨ ਵਿੱਚ ਪੰਜਾਬ ਭਰ ’ਚ ਮੋਹਰੀ ਸਥਾਨ ਹਾਸਲ ਕੀਤਾ ਹੈ।
ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਅਗਵਾਈ ਵਿੱਚ ਹੋਈ ਵਰਚੁਅਲ ਸਮੀਖਿਆ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 15 ਤੋਂ 17 ਸਾਲ ਉਮਰ ਵਰਗ ਦੇ 82.16 ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕੀਤਾ ਗਿਆ ਹੈ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਇਸੇ ਤਰ੍ਹਾਂ 48.56 ਫੀਸਦੀ ਲਾਭਪਾਤਰੀਆਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਵਰਗ ਤਹਿਤ 92179 ਅਤੇ 54480 ਲਾਭਪਾਤਰੀਆਂ ਨੂੰ ਕ੍ਰਮਵਾਰ ਪਹਿਲੀ ਤੇ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਹਰੇਕ ਯੋਗ ਲਾਭਪਾਤਰੀ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
12 ਤੋਂ 14 ਸਾਲ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਇਸ ਉਮਰ ਵਰਗ ਦੇ 9730 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਕਵਰ ਕਰਨ ਲਈ ਜ਼ਿਲ੍ਹੇ ਭਰ ਵਿੱਚ ਸਕੂਲ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਅਜਿਹੇ 2100 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਕਵਰ ਕਰਨ ਦਾ ਟੀਚਾ ਹੈ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 18,60,522 ਪਹਿਲੀ, 16,05,770 ਦੂਜੀ ਅਤੇ 71,362 ਅਹਿਤਿਆਤੀ ਖੁਰਾਕ ਸਮੇਤ ਕੁੱਲ 35,37,654 ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਕੋਵਿਡ ਵੈਕਸੀਨ ਲਗਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਸਹਾਇਕ ਕਮਿਸ਼ਨਰ (ਯੂਟੀ) ਓਜਸਵੀ ਅਲੰਕਾਰ, ਸਿਵਲ ਸਰਜਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਆਦਿ ਮੌਜੂਦ ਸਨ।



