
ਠੋਸ ਯਤਨਾਂ ਸਦਕਾ ਜ਼ਿਲ੍ਹਾ ਦੂਜੀ ਮਾਰੂ ਲਹਿਰ ਉੱਤੇ ਕਾਬੂ ਪਾਉਣ ਵਿੱਚ ਕਾਮਯਾਬ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਬੁੱਧਵਾਰ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਡਾਟਾ ਸੈੱਲ ਦੇ 88 ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ।
ਇਨ੍ਹਾਂ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰਬੰਧਨ ਵਿੱਚ ਇਨ੍ਹਾਂ ਵੱਲੋਂ ਨਿਭਾਈ ਗਈ ਬੇਮਿਸਾਲ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਕਾਨਟੈਕਟ ਟਰੇਸਿੰਗ, ਸੈਂਪਲਿੰਗ, ਟੀਕਾਕਰਨ ਜਾਂ ਕੋਈ ਹੋਰ ਕਾਰਜ ਹੋਵੇ, ਮਹਾਂਮਾਰੀ ਦੌਰਾਨ ਹਰੇਕ ਕਰਮਚਾਰੀ ਫਰੰਟ ਫੁੱਟ ‘ਤੇ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮੂਹਰਲੀ ਕਤਾਰ ਦੇ ਯੋਧਿਆਂ ਦੇ ਠੋਸ ਯਤਨਾਂ ਸਦਕਾ ਜ਼ਿਲ੍ਹਾ ਦੂਜੀ ਮਾਰੂ ਲਹਿਰ ਉੱਤੇ ਕਾਬੂ ਪਾਉਣ ਵਿੱਚ ਕਾਮਯਾਬ ਰਿਹਾ।
ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਡਿਊਟੀ ਨਿਪੁੰਨਤਾ ਨਾਲ ਨਿਭਾਉਂਦੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮ ਮੈਂਬਰਾਂ ਵੱਲੋਂ ਦਿਖਾਈ ਗਈ ਬੇਮਿਸਾਲ ਭਾਵਨਾ ਅਤੇ ਦ੍ਰਿੜਤਾ ਦੂਜਿਆਂ ਲਈ ਇਕ ਉਦਾਹਰਣ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕਰਮਚਾਰੀ ਮਨੁੱਖਤਾ ਦੀ ਸੇਵਾ ਨੂੰ ਯਕੀਨੀ ਬਣਾਉਣ ਲਈ ਬਿਹਤਰਨੀਨ ਪ੍ਰਦਰਸ਼ਨ ਕਰਦੇ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਅਧਿਕਾਰੀ, ਕਰਮਚਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਨਮਾਨ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦਾ ਕੋਵਿਡ-19 ਮਹਾਂਮਾਰੀ ਦੌਰਾਨ ਹਰੇਕ ਕਰਮਚਾਰੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕਰਨ ਲਈ ਕੀਤੀ ਪਹਿਲ ਲਈ ਧੰਨਵਾਦ ਕੀਤਾ।



