
ਪੋਲੀਓ ਮੁਹਿੰਮ ਦੇ ਤੀਜੇ ਦਿਨ ਸਿਹਤ ਵਿਭਾਗ ਜਲੰਧਰ ਵਲੋਂ ਨਿਰਧਾਰਤ ਟੀਚਾ ਪੂਰਾ*
ਜਲੰਧਰ (ਅਮਰਜੀਤ ਸਿੰਘ ਲਵਲਾ)
ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਸਿਹਤ ਵਿਭਾਗ ਜਲੰਧਰ ਵਲੋਂ ਜਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਦੀ ਉਮਰ ਦੇ 217368 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਨਿਰਧਾਰਤ ਟੀਚਾ ਪੂਰਾ ਕਰ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਮੰਗਲਵਾਰ ਨੂੰ ਮੁਹਿੰਮ ਦੇ ਤੀਜੇ ਦਿਨ 57031 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਜਿਨ੍ਹਾਂ ਵਿੱਚ ਪੇਂਡੂ ਖੇਤਰ ਦੇ 31332 ਬੱਚਿਆਂ ਅਤੇ ਸ਼ਹਿਰੀ ਖੇਤਰ ਦੇ 25699 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕਵਰ ਕੀਤਾ ਗਿਆ।
ਸਿਵਲ ਸਰਜਨ ਵਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ 1989 ਟੀਮਾਂ ਵਲੋਂ ਇਸ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੌਰਾਨ ਨਿਰਧਾਰਤ ਟੀਚੇ ਨੂੰ ਪੂਰਾ ਕਰਨ ਵਿੱਚ 60 ਮੋਬਾਈਲ ਟੀਮਾਂ ਅਤੇ 26 ਟ੍ਰਾਂਜਿਟ ਟੀਮਾਂ ਵਲੋਂ ਵੀ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।
07 ਮਾਰਚ ਤੋਂ ਜਿਲ੍ਹੇ ਅੰਦਰ ਮਿਸ਼ਨ ਇੰਦਰਧਨੁਸ਼ ਤਹਿਤ ਇਕ ਵਿਸ਼ੇਸ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਸੰਬੰਧੀ ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੁਹਿੰਮ ਦੌਰਾਨ ਕਿਸੇ ਕਾਰਨ ਕਰਕੇ ਟੀਕਾਕਰਨ ਤੋਂ ਵਾਂਝੇ ਰਹਿ ਗਏ 0 ਤੋਂ 2 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 7 ਮਾਰਚ ਤੋਂ ਸ਼ੁਰੂ ਹੋ ਕੇ ਆਉਣ ਵਾਲੇ ਤਿੰਨ ਮਹੀਨਿਆਂ ਤੱਕ ਜਾਰੀ ਰਹੇਗੀ ਅਤੇ ਹਰ ਮਹੀਨੇ ਵਿੱਚ 7 ਦਿਨ ਟੀਕਾਕਰਨ ਕੀਤਾ ਜਾਵੇਗਾ।



