
ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਦਾ ਸਿਹਤ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ—ਡਾ. ਰਣਜੀਤ ਸਿੰਘ ਘੋਤੜਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਜਲੰਧਰ ਵੱਲੋਂ ਐਨਪੀਸੀਡੀਸੀਐਸ (ਨੈਸ਼ਨਲ ਪ੍ਰੋਗਰਾਮ ਫਾਰ ਪ੍ਰਵੈੱਨਸ਼ਨ ਐਂਡ ਕੰਟਰੋਲ ਆਫ਼ ਕੈਂਸਰ ਡਾਇਬਟੀਜ਼ ਐਂਡ ਕਾਰਡਿਓ ਵੈਸਕੂਲਰ ਐਂਡ ਸਟ੍ਰੋਕ) ਤਹਿਤ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨ ਪਹੁੰਚੀ। ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਹਰੀ ਝੰਡੀ ਦੇ ਕੇ ਇਸ ਵੈਨ ਨੂੰ ਜਨ-ਜਾਗਰੂਕਤਾ ਫੈਲਾਉਣ ਹਿੱਤ ਰਵਾਨਾ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੋਰ ਥਿੰਦ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਜਿਲ੍ਹਾ ਸਿਹਤ ਅਫ਼ਸਰ ਡਾ. ਨਰੇਸ਼ ਕੁਮਾਰ ਬਾਠਲਾ, ਸਹਾਇਕ ਸਿਹਤ ਅਫਸਰ ਡਾ. ਚਰਨਜੀਤ ਸਿੰਘ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੋਰ ਰੂਬੀ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਪਰਮਜੀਤ ਕੋਰ, ਬੀਈਈ ਰਾਕੇਸ਼ ਸਿੰਘ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਆਦਿ ਮੌਜੂਦ ਸਨ।
ਸਿਵਲ ਸਰਜਨ ਡਾ. ਰਣਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ 30 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਆਪਣੀ ਮੈਡੀਕਲ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਰੋਜਾਨਾ ਸੈਰ ਕਰਨੀ ਚਾਹੀਦੀ ਹੈ। ਆਪਣਾ ਬਲੱਡ ਪ੍ਰੈਸ਼ਰ ਨਿਯਮਤ ਰੂਪ ਵਿੱਚ ਚੈੱਕ ਕਰਵਾਉਣਾ ਚਾਹੀਦਾ ਹੈ। ਕੈਂਸਰ ਬੀਮਾਰੀ ਦਾ ਜਿੰਨੀ ਜਲਦੀ ਪਤਾ ਲੱਗ ਜਾਵੇ ਤਾਂ ਉਨੀ ਹੀ ਛੇਤੀ ਬੀਮਾਰੀ ਦਾ ਇਲਾਜ ਸੰਭਵ ਹੈ ਅਤੇ ਕੈਂਸਰ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਬਚਿਆ ਜਾ ਸਕੇ।
ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਜਾਗਰੂਕਤਾ ਵੈਨ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ, ਜਿਸ ਵਿੱਚ ਕੈਂਸਰ, ਬਲੱਡ ਪ੍ਰੈਸ਼ਰ, ਸੂਗਰ, ਦਿਲ ਦੀਆਂ ਬਿਮਾਰੀਆਂ, ਕਾਰਡਿਓ ਵੈਸਕੂਲਰ ਅਤੇ ਸਟ੍ਰੋਕ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਹਰ ਇਕ ਵਿਅਕਤੀ ਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ, ਤਲੇ ਹੋਏ ਭੋਜਨ ਤੋਂ ਪ੍ਰਹੇਜ਼ ਕਰਨਾ, ਨਸ਼ੇ ਤੋਂ ਰਹਿਤ, ਸਰੀਰਿਕ ਵਜ਼ਨ ਨੂੰ ਕਾਬੂ ਵਿੱਚ ਰੱਖਣਾ ਅਤੇ ਸਮੇਂ-ਸਮੇਂ ਸਿਰ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਇਹਨਾਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਇਹ ਵੈਨ ਜਲੰਧਰ ਵਿੱਚ 9 ਦਸੰਬਰ ਤੱਕ ਰਹੇਗੀ। ਇਹ ਵੈਨ 6 ਦਸੰਬਰ ਨੂੰ ਕਰਤਾਰਪੁਰ, ਕਾਲਾ ਬਕਰਾ, ਆਦਮਪੁਰ, 7 ਦਸੰਬਰ ਨੂੰ ਗੋਰਾਇਆ, ਬੜਾ ਪਿੰਡ, ਫਿਲੌਰ, 8 ਦਸੰਬਰ ਨੂੰ ਜੰਡੀਆਲਾ, ਬਿਲਗਾ, ਜਮਸ਼ੇਰ ਖਾਸ ਅਤੇ 9 ਦਸੰਬਰ ਨੂੰ ਮਹਿਤਪੁਰ, ਨਕੋਦਰ ਅਤੇ ਸ਼ਾਹਕੋਟ ਵਿਖੇ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਓ ਪ੍ਰਤੀ ਜਾਗਰੂਕ ਕਰੇਗੀ।



