ElectionJalandharPunjab

ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼—ਘਣਸ਼ਿਆਮ ਥੋਰੀ

ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

ਜਲੰਧਰ ਜ਼ਿਲੇ ਦੇ 9 ਵਿਧਾਨ ਸਭਾ ਹਲਕਿਆਂ ’ਚ ਨਿਰਪੱਖ ਤੇ ਸ਼ਾਂਤਮਈ ਚੋਣਾਂ ਕਰਵਾਉਣ ਦਾ ਖਾਕਾ ਤਿਆਰ
ਜ਼ਿਲੇ ਵਿਚ 16,50,867 ਵੋਟਰ, 1974 ਪੋਲਿੰਗ ਸਟੇਸ਼ਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਦੀ ਸਮਾਂ ਸਾਰਣੀ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਵਿਭਾਗ ਦੀਆਂ ਵੈਬਸਾਈਟਾਂ ਅਤੇ ਵੈਬ ਪੇਜਾਂ ਆਦਿ ਤੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਅਤੇ ਪੋਸਟਰ ਆਦਿ ਤੁਰੰਤ ਲਾਹੁਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਬਿਲਡਿੰਗਾਂ ਅਤੇ ਕੰਪਲੈਕਸਾਂ ਵਿਚੋਂ ਵੀ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਤੁਰੰਤ ਉਤਾਰੇ ਜਾਣ। ਇਸੇ ਤਰ੍ਹਾਂ ਉਨ੍ਹਾਂ ਨੇ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਦੇ ਦਫ਼ਤਰ ਅਤੇ ਹੋਰਨਾਂ ਸਬੰਧਤ ਅਦਾਰਿਆਂ ਨੂੰ ਵੀ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਬਿਲਡਿੰਗਾਂ ਤੋਂ ਸਿਆਸੀ ਇਸ਼ਤਿਹਾਰ 48 ਘੰਟਿਆਂ ਵਿਚ ਅਤੇ ਨਿੱਜੀ ਪ੍ਰਾਪਰਟੀਆਂ ਤੋਂ ਇਹ ਇਸ਼ਤਿਹਾਰ 72 ਘੰਟਿਆਂ ਵਿਚ-ਵਿਚ ਉਤਾਰੇ ਜਾਣ।
9 ਵਿਧਾਨ ਸਭਾ ਹਲਕੇ, 16,50,867 ਵੋਟਰ ‘ਤੇ 1974 ਪੋਲਿੰਗ ਸਟੇਸ਼ਨ-ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਣਾ ਰਾਜੂ ਵੱਲੋਂ ਕੀਤੀ ਵਰਚੂਅਲ ਮੀਟਿੰਗ ਦੌਰਾਨ ਦੱਸਿਆ ਕਿ ਜਲੰਧਰ ਜ਼ਿਲੇ ਵਿਚ 9 ਵਿਧਾਨ ਸਭਾ ਹਲਕਿਆਂ ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਛਾਉਣੀ, ਜਲੰਧਰ ਪੱਛਮੀ, ਕਰਤਾਰਪੁਰ, ਨਕੋਦਰ, ਆਦਮਪੁਰ, ਫਿਲੌਰ ਅਤੇ ਸ਼ਾਹਕੋਟ ਹਲਕਿਆਂ ਵਿਚ 16,50,867 ਵੋਟਰ ਅਤੇ 1974 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਚੁੱਕੇ ਹਨ।
*78.84 ਫੀਸਦੀ ਲਾਇਸੰਸੀ ਹਥਿਆਰ ਪਹਿਲਾਂ ਹੀ ਹੋ ਚੁੱਕੇ ਜਮ੍ਹਾ*
ਮੁੱਖ ਚੋਣ ਅਧਿਕਾਰੀ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਲਗਭਗ 78.84 ਫੀਸਦੀ ਲਾਇਸੰਸੀ ਹਥਿਆਰ ਪਹਿਲਾਂ ਹੀ ਜਮ੍ਹਾ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 1163 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਜਾਣਗੇ।
*ਆਰਓ ਲੈਵਲ ‘ਤੇ ਖਰਚਾ ਟੀਮਾਂ, ਸੁਪਰਵਾਈਜ਼ਰਾਂ ਅਤੇ ਬੀਐਲਓਜ਼ ਨੂੰ ਤੀਜੇ ਰਾਊਂਡ ਦੀ ਟ੍ਰੇਨਿੰਗ*
ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਖਰਚੇ ਅਤੇ ਕਾਨੂੰਨ ਤੇ ਵਿਵਸਥਾ ਦੀ ਨਿਗ੍ਹਾਸਾਨੀ ਲਈ ਵਿਧਾਨ ਸਭਾ ਹਲਕਾ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦੀ ਗਠਨ ਕੀਤਾ ਗਿਆ ਹੈ ਤਾਂ ਜੋ ਚੋਣਾਂ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਆਰਓ ਲੈਵਲ ‘ਤੇ ਵੱਖ-ਵੱਖ ਖਰਚਾ ਟੀਮਾਂ, ਸੁਪਰਵਾਈਜ਼ਰਾਂ ਅਤੇ ਬੀਐਲਓਜ਼ ਆਦਿ ਨੂੰ ਤੀਜੇ ਰਾਊਂਡ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।
*ਪੋਲਿੰਗ ਸਟਾਫ਼ ਲਈ ਟੀਕਾਕਰਨ ਕੈਂਪ*
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਾਰੇ ਪੋਲਿੰਗ ਬੂਥਾਂ ‘ਤੇ ਲੋੜੀਂਦੇ ਪ੍ਰਬੰਧਾਂ ਦੇ ਨਾਲ ਪੋਲਿੰਗ ਡਿਊਟੀ ਸਟਾਫ਼ ਨੂੰ ਦੋਵੇਂ ਖੁਰਾਕਾਂ ਤਹਿਤ ਟੀਕਾਕਰਨ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਤੋਂ ਬਾਅਦ ਯੋਗ ਵਿਅਕਤੀਆਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਿਵਲ ਸਰਜਨ ਨੂੰ ਜ਼ਿਲ੍ਹਾ ਕੋਵਿਡ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਨਾਜਾਇਜ਼ ਸ਼ਰਾਬ ਤੇ ਕਾਰੋਬਾਰ ਅਤੇ ਤਸਕਰੀ ਨੂੰ ਰੋਕਣ ਲਈ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਆਪਣੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਵੀ ਲਈ ਕਿਹਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!