
ਅਧਿਕਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਲਈ ਕੋਵਿਡ-19 ਪੀੜਤਾਂ ਦੇ 332 ਆਸ਼ਰਿਤਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਹਨ।
ਕੋਵਿਡ-19 ਡੈਥ ਐਸਰਟੇਨਿੰਗ ਕਮੇਟੀ ਸੀਡੀਏਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੁੱਲ 104 ਮਾਮਲਿਆਂ ਵਿੱਚ ਵਿੱਤੀ ਸਹਾਇਤਾ ਪਹਿਲਾਂ ਹੀ ਮੁਹੱਈਆ ਕਰਵਾਈ ਜਾ ਚੁੱਕੀ ਹੈ ਜਦਕਿ ਸਿਹਤ ਅਧਿਕਾਰੀਆਂ ਵੱਲੋਂ 76 ਫਾਈਲਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1496 ਕੇਸ ਸਨ, ਜਿਨ੍ਹਾਂ ਵਿੱਚੋਂ ਸਿਰਫ਼ 332 ਵੱਲੋਂ ਹੀ ਇਸ ਲਾਭ ਲਈ ਅਪਲਾਈ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਪੀੜਤ ਪਰਿਵਾਰਾਂ ਨਾਲ ਸੰਪਰਕ ਵੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਸਾਰਿਆਂ ਤੱਕ ਐਕਸ-ਗ੍ਰੇਸ਼ੀਆ ਰਾਸ਼ੀ ਦਾ ਲਾਭ ਪਹੁੰਚਾਇਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਤਸਦੀਕ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਲਦੀ ਤੋਂ ਜਲਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਲਾਭ ਦੇ ਦਾਇਰੇ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਇਸ ਤੋਂ ਇਲਾਵਾ ਲੋੜੀਂਦੀ ਵੈਰੀਫਿਕੇਸ਼ਨ ਨੂੰ ਪੂਰਾ ਕਰਨ ਤੋਂ ਬਾਅਦ ਸਾਰਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਐਲਾਨਿਆ ਗਿਆ ਮੁਆਵਜ਼ਾ ਉਨ੍ਹਾਂ ਵਿਅਕਤੀਆਂ ਦੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਪ੍ਰਦਾਨ ਕੀਤਾ ਜਾ ਸਕੇ, ਜੋ ਕੋਰੋਨਾ ਵਾਇਰਸ ਕਾਰਨ ਜਾਨ ਗੁਆ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਵੀ ਸਬੰਧਤ ਦਫ਼ਤਰ ਵਿੱਚ ਮੁਆਵਜ਼ਾ ਲੈਣ ਲਈ ਆਪਣੀਆਂ ਅਰਜ਼ੀਆਂ ਦੇਣ ਦੀ ਅਪੀਲ ਕੀਤੀ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਅਰਜ਼ੀ ਫਾਰਮ ਅਤੇ ਹੋਰ ਸਬੰਧਤ ਦਸਤਾਵੇਜ਼ ਜਲੰਧਰ ਪ੍ਰਸ਼ਾਸਨ ਦੀ ਵੈੱਬਸਾਈਟ www.jalandhar.nic.in ‘ਤੇ ਪਹਿਲਾਂ ਹੀ ਅਪਲੋਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਲੋਕ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬਿਨੈ ਪੱਤਰ ਕਮਰਾ ਨੰਬਰ 106, ਪਹਿਲੀ ਮੰਜ਼ਿਲ, ਡਿਪਟੀ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਕਮਰੇ ਵਿੱਚ ਸਟਾਫ਼ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕ ਇਸ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਕੋਵਿਡ ਕੰਟਰੋਲ ਰੂਮ ਨੰਬਰ 0181-2224417 ‘ਤੇ ਫੋਨ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਿਵਲ ਸਰਜਨ ਡਾ. ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਅਤੇ ਹੋਰ ਵੀ ਮੌਜੂਦ ਸਨ।



