
*ਕਿਹਾ, ਪ੍ਰਸ਼ਾਸਨ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਵਚਨਬੱਧ*
ਜਲੰਧਰ (ਅਮਰਜੀਤ ਸਿੰਘ ਲਵਲਾ)
ਐਤਵਾਰ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੁੱਚੇ 1975 ਪੋਲਿੰਗ ਬੂਥਾਂ ’ਤੇ ਸੌ ਫੀਸਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ, ਜਿਸ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਪੋਲਿੰਗ ਲੋਕੇਸ਼ਨਾਂ ’ਤੇ 2163 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ ਕਿ ਆਪਣੇ ਕਿਸਮ ਦੀ ਪਹਿਲੀ ਪਹਿਲਕਦਮੀ ਹੈ।
ਡਿਪਟੀ ਕਮਿਸ਼ਨਰ ਨੇ ਅੱਜ ਸੀਟੀ ਇੰਸਟੀਚਿਊਟ, ਮਕਸੂਦਾਂ ਵਿਖੇ ਸਥਾਪਤ ਕੀਤੇ ਗਏ ਜ਼ਿਲ੍ਹਾ ਪੱਧਰੀ ਵੈਬਕਾਸਟਿੰਗ ਕੰਟਰੋਲ ਰੂਮ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਕੁੱਲ 82 ਡੈਸਕਟਾਪ ਕੰਪਿਊਟਰ ਅਤੇ ਪੰਜ ਪ੍ਰਾਜੈਕਟਰ ਲਗਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਲਈ ਕੀਤੀ ਜਾਵੇਗੀ।
ਇਨ੍ਹਾਂ 1975 ਬੂਥਾਂ ਵਿੱਚੋਂ 242 ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ ਫਿਲੌਰ ਵਿੱਚ ਹਨ। ਜਦਕਿ ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਹਲਕੇ ਵਿੱਚ ਕ੍ਰਮਵਾਰ 252, 250, 228, 183, 190, 196, 217 ਅਤੇ 217 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇੰਟਰਨੈੱਟ ਵਾਲੇ ਸੀਸੀਟੀਵੀ ਕੈਮਰੇ ਰਾਊਟਰਾਂ ਅਤੇ ਵਾਈਫਾਈ ਸਿਗਨਲਾਂ ਨਾਲ ਲੈਸ ਹਨ, ਜੋ ਕੰਟਰੋਲ ਰੂਮ ਵਿੱਚ ਵੈਬਕਾਸਟਿੰਗ ਨੂੰ ਯਕੀਨੀ ਬਣਾਉਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਰਾਹੀਂ ਮੁੱਖ ਚੋਣ ਅਧਿਕਾਰੀ, ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣ ਅਬਜ਼ਰਵਰ ਲਾਈਵ ਸਟ੍ਰੀਮਿੰਗ ਰਾਹੀਂ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ਨੂੰ ਦੇਖ ਸਕਦੇ ਹਨ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੋਲਿੰਗ ਸਟੇਸ਼ਨਾਂ ਦੀ ਸੌ ਫੀਸਦੀ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੁਖ਼ਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਪੋਲਿੰਗ ਲੋਕੇਸ਼ਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਲਈ ਪ੍ਰਸ਼ਾਸਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਮਾਈਕਰੋ ਅਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਸੌ ਫੀਸਦੀ ਵੈਬਕਾਸਟਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇੰਨੇ ਵਿਸ਼ਾਲੇ ਢਾਂਚੇ ਨੂੰ ਵਿਕਸਤ ਕਰਨ ਲਈ ਸਮੁੱਚੇ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।



