
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ
ਜਲੰਧਰ ਗਲੋਬਲ ਆਜਤੱਕ
15 ਜੂਨ ਨੂੰ ਜਲੰਧਰ ਤੋਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਲਗਜ਼ਰੀ ਬੱਸ ਸੇਵਾ ਦੀ ਸ਼ੁਰੂਆਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਾਂਝੇ ਤੌਰ ‘ਤੇ ਸਥਾਨਕ ਸ਼ਹੀਦ ਭਗਤ ਸਿੰਘ ਅੰਤਰਰਾਜੀ ਬੱਸ ਟਰਮੀਨਲ ਤੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸੋਮਵਾਰ ਨੂੰ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਵੱਲੋਂ ਉਸ ਥਾਂ ਦਾ ਮੁਆਇਨਾ ਵੀ ਕੀਤਾ ਗਿਆ, ਜਿੱਥੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਸਮਾਗਮ ਵਾਲੀ ਥਾਂ ‘ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੁਰੱਖਿਆ, ਪਾਰਕਿੰਗ, ਬੈਠਣ, ਮੈਡੀਕਲ ਸਮੇਤ ਸਾਰੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਸ ਸਟੈਂਡ ਕੰਪਲੈਕਸ ਅੰਦਰ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਸਮਾਗਮ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ।
ਇਸ ਮੌਕੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਏਸੀਏ ਰਜਤ ਓਬਰਾਏ, ਡਿਪਟੀ ਡਾਇਰੈਕਟਰ ਪ੍ਰਨੀਤ ਸਿੰਘ ਮਿਨਹਾਸ, ਐਸਡੀਐਮ ਬਲਬੀਰ ਰਾਜ ਸਿੰਘ, ਜੀਐਮ ਰੋਡਵੇਜ਼ ਮਨਿੰਦਰ ਪਾਲ ਸਿੰਘ, ਜੀਐਸ ਰਾਜਪਾਲ ਆਦਿ ਮੌਜੂਦ ਸਨ।



