
ਜਲੰਧਰ ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਆਤਮ ਨਿਰਭਰ ਜ਼ਿਲ੍ਹਾ ਬਣਨ ਵੱਲ ਵਧ ਰਿਹੈ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਜਲੰਧਰ ਵਿੱਚ ਸਿਹਤ ਸਹੂਲਤਾਂ ਸਬੰਧੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਹਸਪਤਾਲਾਂ ਲਈ 2 ਹੋਰ ਪੀਐਸਏ ਆਧਾਰਿਤ ਆਕਸੀਜਨ ਉਤਪਾਦਨ ਪਲਾਂਟਾਂ ਦਾ ਨਿਰਮਾਣ ਸ਼ੁਰੂ ਕਰਨ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 1000 ਐਲਪੀਐਮ ਦੀ ਸਮਰੱਥਾ ਵਾਲਾ ਪਹਿਲਾ ਪਲਾਂਟ ਸਿਵਲ ਹਸਪਤਾਲ, ਜਲੰਧਰ ਵਿਖੇ ਅਤੇ 200 ਐਲਪੀਐਮ ਦੀ ਸਮਰੱਥਾ ਵਾਲਾ ਦੂਜਾ ਪਲਾਂਟ ਨਕੋਦਰ ਸਬ ਡਵੀਜ਼ਨਲ ਹਸਪਤਾਲ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸੰਸਥਾਵਾਂ ਵਿੱਚ ਮੌਜੂਦਾ ਆਕਸੀਜਨ ਉਤਪਾਦਨ ਦੀ ਸਮਰੱਥਾ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਵਿੱਚ ਪਹਿਲਾਂ ਤੋਂ ਹੀ ਇੱਕ ਆਕਸੀਜਨ ਪਲਾਂਟ ਕੰਮ ਕਰ ਰਿਹਾ ਹੈ।
ਇਨ੍ਹਾਂ ਪ੍ਰਾਜੈਕਟਾਂ ਲਈ ਨਿਯੁਕਤ ਕੀਤੇ ਨੋਡਲ ਅਫਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਮੁੱਚੀ ਰੂਪ-ਰੇਖਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜਗ੍ਹਾ ਦੀ ਤਿਆਰੀ, ਬਿਜਲੀ ਕੁਨੈਕਸ਼ਨ ਦੀ ਸਥਾਪਨਾ, ਜਨਰੇਟਰ ਸੈਟ ਦੀ ਉਪਲਬਧਤਾ, ਗੈਸ ਦੀ ਸਪਲਾਈ ਲਈ ਪਾਈਪ ਲਾਈਨ ਤੋਂ ਇਲਾਵਾ ਹੋਰ ਤਕਨੀਕੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਕਾਰਜ ਨਿਰਧਾਰਤ ਸਮਾਂ ਹੱਦ ਦੇ ਅੰਦਰ ਸਮੇਂ ਸਿਰ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ-19 ਦੀ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਇਹ ਪਲਾਂਟ ਸ਼ੁਰੂ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਇਹ ਪਲਾਂਟ ਮਹਾਂਮਾਰੀ ਦੀ ਅਗਲੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ ਮਦਦਗਾਰ ਸਾਬਤ ਹੋਣਗੇ, ਹਾਲਾਂਕਿ, ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਵੱਧ ਤੋਂ ਵੱਧ ਪੀਐਸਏ ਆਧਾਰਿਤ ਆਕਸੀਜਨ ਪਲਾਂਟ ਲਗਾਉਣ ਦੇ ਮਾਮਲੇ ਵਿੱਚ ਜਲੰਧਰ ਮੋਹਰੀ ਜ਼ਿਲ੍ਹਿਆਂ ਵਿੱਚੋਂ ਇਕ ਬਣ ਕੇ ਉੱਭਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਪੀਲ ‘ਤੇ ਕਈ ਹਸਪਤਾਲਾਂ ਵੱਲੋਂ ਆਪਣੇ ਪਲਾਂਟ ਲਗਾਏ ਗਏ ਹਨ, ਜੋ ਆਕਸੀਜਨ ਉਤਪਾਦਨ ਵਿਚ ਆਤਮ ਨਿਰਭਰ ਬਣਨ ਵਿਚ ਕਾਫੀ ਸਹਾਇਕ ਸਾਬਤ ਹੋਏ ਹਨ।
ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਾਈਵੇਟ ਹਸਪਤਾਲਾਂ ਅਪੀਲ ਹੈ ਕਿ ਤੀਜੀ ਲਹਿਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣੇ ਪੀਐਸਏ ਆਧਾਰਿਤ ਆਕਸੀਜਨ ਪਲਾਂਟ ਜਲਦੀ ਤੋਂ ਜਲਦੀ ਲਗਾਉਣ।



