
ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ ਤੋਂ ਇਲਾਵਾ ਸਰਕਾਰ ਵੱਲੋਂ ਨਿਰਧਾਰਿਤ ਸਮਾਂ-ਹੱਦ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਹੋਈ ਇੱਕ ਵਿਸ਼ੇਸ਼ ਸਮੀਖਿਆ ਬੈਠਕ ਦੌਰਾਨ ਕਈ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਮਾਰਟ ਵਿਲੇਜ ਮੁਹਿੰਮ ਫੇਜ਼-1 ਅਤੇ 2 ਅਧੀਨ ਕੀਤੇ ਗਏ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਜੈਕਟਾਂ ਦੀ ਰਫ਼ਤਾਰ ‘ਤੇ ਤਸੱਲੀ ਪ੍ਰਗਟ ਕੀਤੀ ਗਈ।
ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ ਸਕੀਮ, ਪਿੰਡਾਂ ਵਿੱਚ ਮਾਡਲ ਖੇਡ ਮੈਦਾਨਾਂ ਦੀ ਉਸਾਰੀ, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਹੜ੍ਹ ਰੋਕੂ ਕਾਰਜਾਂ, ਕਿਸਾਨ ਕਰਜ਼ਾ ਰਾਹਤ ਸਕੀਮ, ਐਨਐਚਏਆਈ ਅਧੀਨ ਪ੍ਰਾਜੈਕਟ, ਮੁੱਖ ਮੰਤਰੀ ਅਖ਼ਤਿਆਰੀ ਫੰਡ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ‘ਤੇ ਮਨਰੇਗਾ ਸਮੇਤ ਕਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਵਿੱਚ ਲਗਭਗ 962 ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਸੀ ‘ਤੇ ਇਨ੍ਹਾਂ ਸਾਰੇ ਕਾਰਜਾਂ ਨੂੰ ਅਧਿਕਾਰੀਆਂ ਵੱਲੋਂ 43.12 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ ਕੁੱਲ 2047 ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ‘ਤੇ ਕਾਰਜਕਾਰੀ ਏਜੰਸੀਆਂ ਵੱਲੋਂ 2045 ਕਾਰਜ ਸ਼ੁਰੂ ਕੀਤੇ ਗਏ ਅਤੇ 1596 ਕੰਮ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਫੇਜ਼-1 ਵਿੱਚ ਵੱਖ-ਵੱਖ ਏਜੰਸੀਆਂ ਵੱਲੋਂ 185 ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 184 ਕੰਮ ਮੁਕੰਮਲ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੇਜ਼-2 ਵਿਚ 481 ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ‘ਤੇ 250 ਨੂੰ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਰਫ਼ਤਾਰ ‘ਤੇ ਤਸੱਲੀ ਜ਼ਾਹਰ ਕਰਦਿਆਂ ਉਨ੍ਹਾਂ ਕਾਰਜਕਾਰੀ ਏਜੰਸੀਆਂ ਨੂੰ ਸਮੁੱਚੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਅਤੇ ਉਨ੍ਹਾਂ ਨੂੰ ਜਾਰੀ ਕੀਤੇ ਫੰਡਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂਸੀ) ਜਮ੍ਹਾ ਕਰਨ ਲਈ ਕਿਹਾ।
ਮਨਰੇਗਾ ਅਧੀਨ ਸਰਕਾਰੀ ਸਕੂਲਾਂ ਦੇ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ 651 ਪ੍ਰਾਜੈਕਟ ਆਰੰਭੇ ਗਏ ਅਤੇ ਲਗਭਗ 331 ਪ੍ਰਾਜੈਕਟਾਂ ਨੂੰ 4.54 ਕਰੋੜ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਮਾਡਲ ਖੇਡ ਮੈਦਾਨਾਂ ਦੀ ਉਸਾਰੀ ਨਾਲ ਸਬੰਧਤ ਸਮੁੱਚੇ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਕੁੱਲ 38 ਪ੍ਰਸਤਾਵਿਤ ਖੇਡ ਮੈਦਾਨਾਂ ਵਿੱਚੋਂ 23 ਖੇਡ ਮੈਦਾਨਾਂ ਨੂੰ ਮੁਕੰਮਲ ਕੀਤਾ ਜਾ ਚੁੱਕਾ ਹੈ, ਨਾਲ ਹੀ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਕੀ ਦੇ ਖੇਡ ਮੈਦਾਨ ਅਗਲੇ ਕੁਝ ਦਿਨਾਂ ਵਿੱਚ ਤਿਆਰ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਰਾਜ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਦਿੱਤਾ ਜਾ ਸਕੇ।



