
ਟੀਕਾਕਰਨ ਕਰਵਾ ਚੁੱਕੇ ਨਾਗਰਿਕਾਂ ਦੇ ਦਾਖ਼ਲੇ ਨੂੰ ਯਕੀਨੀ ਬਣਾਉਣ ਲਈ ਬਾਜ਼ਾਰਾਂ, ਮਾਲਾਂ, ਹੋਟਲਾਂ, ਜਿੰਮਾਂ ‘ਚ ਸ਼ੁਰੂ ਕੀਤੀ ਜਾਵੇਗੀ ਚੈਕਿੰਗ ਮੁਹਿੰਮ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਸੇਵਾ ਕੇਂਦਰਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਵਿਅਕਤੀਆਂ ਨੂੰ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ ਕਿਉਂਕਿ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਕਰਨ ਵਾਲੇ ਵਿਅਕਤੀ ਹੀ ਜਲੰਧਰ ਵਿੱਚ ਸਰਕਾਰੀ ਦਫ਼ਤਰਾਂ ‘ਚ ਦਾਖ਼ਲ ਹੋ ਸਕਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਕਾਰਡ ਅਨੁਸਾਰ ਅਜੇ ਵੀ ਵੱਡੀ ਗਿਣਤੀ ਵਿੱਚ ਲੋਕ ਆਪਣੀ ਦੂਜੀ ਖੁਰਾਕ ਪ੍ਰਾਪਤ ਕਰਨ ਤੋਂ ਰਹਿੰਦੇ ਹਨ, ਜੋ ਕਿ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਵਿੱਚ ਵੱਡੀ ਰੁਕਾਵਟ ਹੈ।ਉਨ੍ਹਾਂ ਕਿਹਾ ਕਿ ਮੁਕੰਮਲ ਟੀਕਾਕਰਨ ਕਰਵਾ ਚੁੱਕੇ, ਵੈਕਸੀਨ ਦੀ ਇਕ ਖੁਰਾਕ ਪ੍ਰਾਪਤ ਵਿਅਕਤੀ ਅਤੇ ਗੈਰ ਟੀਕਾਕਰਨ ਵਾਲੇ ਲੋਕਾਂ ਦਾ ਜਨਤਕ ਥਾਵਾਂ ‘ਤੇ ਆਪਸ ਵਿੱਚ ਮਿਲਣਾ ਇਕ ਗੰਭੀਰ ਸਿਹਤ ਸੰਕਟ ਵਿੱਚ ਤਬਦੀਲ ਹੋ ਸਕਦਾ ਹੈ। ਇਸ ਲਈ ਇਹ ਸਮੇਂ ਦੀ ਲੋੜ ਹੈ ਕਿ ਸਿਰਫ਼ ਮੁਕੰਮਲ ਟੀਕਾਕਰਨ (ਦੋਵੇਂ ਖੁਰਾਕਾਂ ਪ੍ਰਾਪਤ) ਵਾਲੇ ਵਿਅਕਤੀਆਂ ਨੂੰ ਹੀ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ‘ਤੇ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਸਬੰਧਤ ਅਧਿਕਾਰੀਆਂ ਵੱਲੋਂ ਸੇਵਾ ਕੇਂਦਰਾਂ ਅਤੇ ਹੋਰ ਵਿਭਾਗਾਂ ਦੀ ਰਿਸੈਪਸ਼ਨ ਵਿਖੇ ਆਉਣ ਵਾਲੇ ਵਿਅਕਤੀਆਂ ਦੇ ਟੀਕਾਕਰਨ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਢੁੱਕਵੀਂ ਤਸਦੀਕ ਉਪਰੰਤ ਇਨ੍ਹਾਂ ਦਫ਼ਤਰਾਂ ਵਿੱਚ ਦਾਖ਼ਲ ਹੋਣ ਦੀ ਆਗਿਆ ਦਿੱਤੀ ਜਾਵੇਗੀ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਲੋਕਾਂ ਨੂੰ ਹੀ ਜਨਤਕ ਥਾਵਾਂ ‘ਤੇ ਜਾਣ ਦੀ ਇਜਾਜ਼ਤ ਹੈ। ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਾਪਿੰਗ ਮਾਲਾਂ, ਹੋਟਲਾਂ, ਰੈਸਟੋਰੈਂਟਾਂ, ਸਿਨੇਮਾਘਰਾਂ ਅਤੇ ਮਾਰਕੀਟਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਜੇਕਰ ਕੋਈ ਵੀ ਇਨ੍ਹਾਂ ਥਾਵਾਂ ‘ਤੇ ਬਿਨਾਂ ਉਚਿਤ ਟੀਕਾਕਰਨ ਤੋਂ ਪਾਇਆ ਗਿਆ ਤਾਂ ਅਜਿਹੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਟੀਕਾਕਰਨ ਨਾ ਕਰਵਾਉਣ ਵਾਲੇ ਜਾਂ ਅੰਸ਼ਕ ਤੌਰ ‘ਤੇ ਟੀਕਾਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਟੀਕਾਕਰਨ ਪੂਰਾ ਹੋਣ ਤੱਕ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ‘ਤੇ ਮੋਬਾਈਲ ਕੈਂਪ ਲਗਾ ਕੇ ਲੋਕਾਂ ਨੂੰ ਟੀਕਾਕਰਨ ਦੀ ਸਹੂਲਤ ਉਨ੍ਹਾਂ ਦੀਆਂ ਬਰੂਹਾਂ ‘ਤੇ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਇਸ ਵਾਇਰਸ ਨੂੰ ਖਤਮ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਹ ਟੀਚਾ ਸੌ ਫੀਸਦੀ ਟੀਕਾਕਰਨ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਅਤੇ ਨੇੜਲੇ ਟੀਕਾਕਰਨ ਕੇਂਦਰਾਂ ਵਿੱਚ ਜਾ ਕੇ ਆਪਣੀ ਵੈਕਸੀਨ ਦੀ ਖੁਰਾਕ ਮੁਕੰਮਲ ਕਰਨ ਦੀ ਅਪੀਲ ਵੀ ਕੀਤੀ।



