JalandharPunjab

ਜਲੰਧਰ ਵਿੱਚ 1 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਂਦੇ—ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਸਿਹਤ ਸੰਭਾਲ ਪ੍ਰੋਗਰਾਮ ਦਾ ਲਾਭ ਲੈਣ ਲਈ ਲਾਭਪਾਤਰੀਆਂ ਨੂੰ ਨੇੜਲੇ ਸੀਐਸਸੀਜ਼ ਜਾਂ ਸੇਵਾ ਕੇਂਦਰ ਜਾਣ ਦੀ ਕੀਤੀ ਅਪੀਲ
ਜਲੰਧਰ, 26 ਸਤੰਬਰ (ਅਮਰਜੀਤ ਸਿੰਘ ਲਵਲਾ)
ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਇੱਕ ਲੱਖ ਤੋਂ ਵੱਧ ਨਵੇਂ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੱਸਿਆ ਕਿ ਇਸ ਸਿਹਤ ਸੰਭਾਲ ਪ੍ਰੋਗਰਾਮ ਅਧੀਨ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਲਈ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਇੱਕ ਲੱਖ ਤੋਂ ਵੱਧ ਨਵੇਂ ਲਾਭਪਾਤਰੀਆਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਕੁੱਲ 2,47,882 ਪਰਿਵਾਰਾਂ ਨਾਲ ਸਬੰਧਤ 5,61,972 ਵਿਅਕਤੀਆਂ ਨੂੰ (85.89 ਫੀਸਦੀ ਕਵਰੇਜ ਦਰ ਦੇ ਨਾਲ) ਕਵਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਅੱਗੇ ਕਿਹਾ ਕਿ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਵਿਸ਼ੇਸ਼ ਯਤਨਾਂ ਦੇ ਹਿੱਸੇ ਵਜੋਂ ਸਰਬਓਤਮ ਕਾਰਗੁਜ਼ਾਰੀ ਵਾਲੇ ਸੀਐਸਸੀਜ਼ ਜਾਂ ਫੀਲਡ ਸਟਾਫ਼ ਲਈ ਪ੍ਰੋਤਸਾਹਨ ਦਾ ਐਲਾਨ ਵੀ ਕੀਤਾ ਗਿਆ, ਜਿਨ੍ਹਾਂ ਵੱਲੋਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਰਜਿਸਟਰੇਸ਼ਨ ਕਰਵਾਉਣ ਲਈ ਆਪਣੇ ਨਜ਼ਦੀਕੀ ਸੀਐਸਸੀਜ਼ ਜਾਂ ਸੇਵਾ ਕੇਂਦਰਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ, ਜਿਥੇ ਉਨ੍ਹਾਂ ਨੂੰ ਢੁੱਕਵੀਂ ਪ੍ਰਕਿਰਿਆ ਤੋਂ ਬਾਅਦ ਈ-ਕਾਰਡ ਜਾਰੀ ਕੀਤੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰਣਾਲੀ ਦੇ ਫਾਇਦਿਆਂ ਦੇ ਨਾਲ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾ ਸਕਦੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਵੱਖ-ਵੱਖ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਤੋਂ 5 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਭਗ 200 ਸੀਐਸਸੀ ਹਨ, ਜਿੱਥੋਂ ਲੋਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮੁੱਚੀਆਂ 13 ਸਰਕਾਰੀ ਸਿਹਤ ਸੰਸਥਾਵਾਂ ਅਤੇ 57 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿੱਥੋਂ ਲਾਭਪਾਤਰੀ ਸਕੀਮ ਤਹਿਤ 5 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਚੀਬੱਧ ਹਸਪਤਾਲਾਂ ਦੀ ਸੂਚੀ ਅਤੇ ਲਾਭਪਾਤਰੀਆਂ ਦੀ ਯੋਗਤਾ sha.punjab.gov.in ‘ਤੇ ਦੇਖੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ 1579 ਪੈਕੇਜ ਉਪਲਬੱਧ ਹਨ। ਇਨ੍ਹਾਂ ਵਿੱਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਹਨ, ਜਿਨ੍ਹਾਂ ਵਿੱਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਲਈ ਰੈਫਰਯੋਗ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨਐਫਐਸਏ, ਰਾਸ਼ਨ ਕਾਰਡ ਧਾਰਕ ਲਾਭਪਾਤਰੀ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਪੀਲੇ ਕਾਰਡਧਾਰਕ ਜਾਂ ਮਾਨਤਾ ਪ੍ਰਾਪਤ ਪੱਤਰਕਾਰ, ਜੇ-ਫਾਰਮ ਹੋਲਡਰ ਕਿਸਾਨ ਅਤੇ ਸਮੁੱਚੇ ਪੀਐਮਜੇਏਵਾਈ ਪਰਿਵਾਰ (ਨੀਲੇ ਕਾਰਡ ਧਾਰਕ ਪਰਿਵਾਰ) ਇਸ ਸਕੀਮ ਅਧੀਨ ਯੋਗ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!