
ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸਮੂਹ ਨੋਡਲ ਅਫ਼ਸਰਾਂ ਨੂੰ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਨੋਡਲ ਅਫ਼ਸਰਾਂ, ਸਹਾਇਕ ਨੋਡਲ ਅਫ਼ਸਰਾਂ ਨੂੰ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਬੰਧਤ ਅਧਿਕਾਰੀਆਂ ਨਾਲ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ ਤਾਂ ਜੋ ਸਾਰੀਆਂ ਟੀਮਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਨਿਗਰਾਨੀ ਅਤੇ ਸਾਰੀਆਂ ਪ੍ਰਕਿਰਿਆਵਾਂ ਨੂੰ ਲਾਗੂ ਕਰਨ ਲਈ ਤਿਆਰ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਮੇਟੀਆਂ ਦੇ ਢਾਂਚੇ ਅਤੇ ਕੰਮਕਾਜ ਦਾ ਜਾਇਜ਼ਾ ਲੈਣ ਤੋਂ ਇਲਾਵਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਮੈਨਪਾਵਰ ਮੈਨੇਜਮੈਂਟ ਕਮੇਟੀ ਵੱਲੋਂ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਮੈਨਪਾਵਰ ਦੀ ਸਮੁੱਚੀ ਲੋੜ ਦਾ ਮੁਲਾਂਕਣ ਕੀਤਾ ਜਾਵੇਗਾ। ਈਵੀਐਮ ਮੈਨੇਜਮੈਂਟ ਕਮੇਟੀ ਵੱਲੋਂ ਸਮੁੱਚੀ ਨਿਗਰਾਨੀ ਸਮੇਤ ਈਵੀਐਮ ਦੀ ਸਹੀ ਸਟੋਰੇਜ, ਸੁਰੱਖਿਆ, ਉਪਲਬਧਤਾ ਅਤੇ ਜਾਂਚ ਨੂੰ ਯਕੀਨੀ ਬਣਾਇਆ ਜਾਵੇਗਾ। ਇਸੇ ਤਰ੍ਹਾਂ, ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਨੋਡਲ ਅਫ਼ਸਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਹ ਯਕੀਨੀ ਬਣਾਉਣਗੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸੇ ਤਰ੍ਹਾਂ ਅਮਨ ਕਾਨੂੰਨ ਦੀ ਵਿਵਸਥਾ, ਸੁਰੱਖਿਆ ਇੰਤਜ਼ਾਮ ਅਤੇ ਸੰਵੇਦਨਸ਼ੀਲ ਥਾਵਾਂ ਸਬੰਧੀ ਨੋਡਲ ਅਫ਼ਸਰ ਰੋਜ਼ਾਨਾ ਰਿਪੋਰਟ ਤਿਆਰ ਕਰਨਗੇ ਅਤੇ ਸਥਾਨਕ ਪੁਲਿਸ ਨਾਲ ਤਾਲਮੇਲ ਕਰਕੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ। ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਹਦਾਇਤਾਂ, ਪ੍ਰੈਸ ਨੋਟਾਂ ਰਾਹੀਂ ਜਾਣਕਾਰੀ ਆਦਿ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ ਤੱਕ ਜਾਣਕਾਰੀ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਵੱਲੋਂ ਬਾਕੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਨੋਡਲ ਅਫ਼ਸਰਾਂ ਨੂੰ ਟਰਾਂਸਪੋਰਟ ਪ੍ਰਬੰਧਨ, ਟ੍ਰੇਨਿੰਗ ਪ੍ਰਬੰਧਨ, ਸਾਜੋ-ਸਮਾਨ ਉਪਲਬਧ ਕਰਵਾਉਣ, ਖਰਚਿਆਂ ਦੀ ਨਿਗ੍ਹਸਾਨੀ, ਸਵੀਪ ਸਰਗਰਮੀਆਂ, ਬੈਲਟ ਪੇਪਰ ਆਦਿ ਸਬੰਧੀ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਘਨਸ਼ਿਆਮ ਥੋਰੀ ਨੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਲੋੜੀਂਦੀਆਂ ਤਿਆਰੀਆਂ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਹਿਮਾਸ਼ੂ ਜੈਨ, ਆਰਟੀਏ ਅਮਿਤ ਮਹਾਜਨ ਤੋਂ ਇਲਾਵਾ ਵੱਖ-ਵੱਖ ਨੋਡਲ ਤੇ ਸਹਾਇਕ ਨੋਡਲ ਅਫ਼ਸਰ ਵੀ ਮੌਜੂਦ ਸਨ।



