
ਐਫਆਈਆਰ ਦਰਜ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਪਾ ਦਿੱਤੀ ਜਾਵੇਗੀ ਟਰੈਵਲ ਏਜੰਟਾਂ ਦੀ ਸੂਚਨਾ
ਜਲੰਧਰ, 5 ਅਕਤੂਬਰ (ਅਮਰਜੀਤ ਲਵਲਾ)
ਵਿਦੇਸ਼ ਯਾਤਰਾ, ਵਿਦੇਸ਼ਾਂ ਵਿੱਚ ਪੜ੍ਹਾਈ ‘ਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰਵੈਂਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2012-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ l
ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਬਿਊਰੋ ਵਿਖੇ ਰਜਿਸਟਰ ਅਤੇ ਅਣ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਕਮਰਾ ਨੰ. 324, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਪਣੇ ਯੋਗ ਪਛਾਣ ਪੱਤਰ ਰਾਹੀਂ ਦਰਜ ਕਰਵਾ ਸਕਦਾ ਹੈ।
ਰਾਏ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ਼, ਸਹਿ-ਪੱਤਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸ਼ਿਕਾਇਤ ਦੀ ਵੈਰੀਫਿਕੇਸ਼ਨ ਇੱਕ ਹਫਤੇ ਦੇ ਅੰਦਰ ਕੀਤੀ ਜਾਵੇਗੀ ਅਤੇ ਜੇਕਰ ਬਿਊਰੋ ਦੇ ਧਿਆਨ ਵਿਚ ਕੋਈ ਟਰੈਵਲ ਏਜੰਟ ਬਿਨਾਂ ਲਾਇਸੈਂਸ ਜਾਂ ਮਿਆਦ ਪੁੱਗਾ ਚੁੱਕੇ ਜਾਂ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਨ੍ਹਾਂ ‘ਤੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵੱਲੋਂ ਤੁੰਰਤ ਕਾਰਵਾਈ ਤਹਿਤ ਐਫਆਈਆਰ ਦਰਜ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਐਫਆਈਆਰ ਦਰਜ ਹੋਣ ਤੋਂ ਤੁਰੰਤ ਬਾਅਦ ਟਰੈਵਲ ਏਜੰਟਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਬਾਕੀਆਂ ਨੂੰ ਜਾਗਰੂਕ ਕੀਤਾ ਜਾ ਸਕੇ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਕੈਰੀਅਰ ਕਾਊਂਸਲਰ ਜਸਵੀਰ ਸਿੰਘ ਦੇ ਮੋਬਾਇਲ ਨੰ. 89683 21674 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



