AgricultureJalandharPunjab

ਡਿਪਟੀ ਕਮਿਸ਼ਨਰ ‘ਤੇ ਵਿਧਾਇਕਾਂ ਨੇ ਨਵੀਂ ਅਨਾਜ ਮੰਡੀ ’ਚ ਝੋਨੇ ਦੀ ਸ਼ੁਰੂ ਕਰਵਾਈ ਖ਼ਰੀਦ

ਮੰਡੀਆ 'ਚ ਝੋਨੇ ਦੀ ਖਰੀਦ ਦੇ ਸਮੁੱਚੇ ਲੋੜੀਂਦੇ ਪ੍ਰਬੰਧ ਮੁਕੰਮਲ---ਜਸਪ੍ਰੀਤ ਸਿੰਘ

ਗੈਰ-ਕਾਨੂੰਨੀ, ਬੋਗਸ ਖ਼ਰੀਦ ਸਬੰਧੀ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਤ, 2060 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ ਫ਼ਸਲ
ਖ਼ਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ 12 ਉਡਨ ਦਸਤਿਆਂ ਦਾ ਗਠਨ
ਜਲੰਧਰ ਗਲੋਬਲ ਆਜਤੱਕ
ਮੰਡੀਆਂ ਵਿੱਚ ਕਰੀਬ 11 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਦਰਮਿਆਨ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੇ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ।

ਖ਼ਰੀਦ ਸ਼ੁਰੂ ਕਰਵਾਉਣ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਲਈ ਮੰਡੀਆਂ ਵਿੱਚ ਬਾਰਦਾਨੇ ਦੀ ਲੋੜੀਂਦੀ ਉਪਲਬਧਤਾ ਦੇ ਨਾਲ-ਨਾਲ ਸਮੁੱਚੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਬੰਧਤ ਅਧਿਕਾਰੀ ਵੱਲੋਂ ਪਿੰਡ ਗਿੱਲ ਦੇ ਕਿਸਾਨ ਰਸ਼ਪਾਲ ਸਿੰਘ ਵੱਲੋਂ ਲਿਆਂਦੀ ਫ਼ਸਲ ਦੀ ਢੇਰੀ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਹਿਤਪੁਰ, ਭੋਗਪੁਰ, ਸ਼ਾਹਕੋਟ ਅਤੇ ਕਰਤਾਰਪੁਰ ਦੀਆਂ ਮੰਡੀਆਂ ਵਿੱਚ ਵੀ ਖ਼ਰੀਦ ਸ਼ੁਰੂ ਕੀਤੀ ਗਈ, ਜਿੱਥੇ ਕਿਸਾਨਾਂ ਦੀ ਫ਼ਸਲ ਨਿਰਵਿਘਨ ਢੰਗ ਨਾਲ ਖ਼ਰੀਦੀ ਗਈ।

ਕਿਸਾਨਾਂ ਨੂੰ ਨਮੀ ਦੀ ਨਿਰਧਾਰਿਤ ਸੀਮਾ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਗਸ ਖ਼ਰੀਦ ਅਤੇ ਗੈਰ-ਕਾਨੂੰਨੀ ਢੰਗ ਨਾਲ ਦੂਜੇ ਰਾਜਾਂ ਤੋਂ ਫ਼ਸਲ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ, ਜਿਸ ਲਈ 12 ਉਡਨ ਦਸਤਿਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਦਸਤਿਆਂ ਦੀ ਅਗਵਾਈ ਵੱਖ-ਵੱਖ ਮਾਰਕੀਟ ਕਮੇਟੀਆਂ ਜਲੰਧਰ ਛਾਉਣੀ, ਆਦਮਪੁਰ, ਭੋਗਪੁਰ, ਫਿਲੌਰ, ਨੂਰਮਹਿਲ, ਬਿਲਗਾ, ਗੁਰਾਇਆ, ਸ਼ਾਹਕੋਟ, ਲੋਹੀਆਂ ਖਾਸ, ਨਕੋਦਰ ਅਤੇ ਮਹਿਤਪੁਰ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ ਕੀਤੀ ਜਾਵੇਗੀ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਜੇਕਰ ਜ਼ਿਲ੍ਹੇ ਵਿੱਚ ਕਿਤੇ ਵੀ ਗੈਰ-ਕਾਨੂੰਨੀ ਗਤੀਵਿਧੀ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਸੂਚਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 14-ਏ ਵਿੱਚ ਬੋਗਸ ਖ਼ਰੀਦ, ਗੈਰ-ਕਾਨੂੰਨੀ ਰੀਸਾਈਕਲਿੰਗ ਜਾਂ ਖ਼ਰੀਦ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਟੈਲੀਫੋਨ ਰਾਹੀਂ 0181-2224417 ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੀਜ਼ਨ ਲਈ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 78 ਰੈਗੂਲਰ ਮੰਡੀਆਂ ਅਤੇ 28 ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਹੋਰਨਾਂ ਲਈ ਪੀਣ ਵਾਲੇ ਪਾਣੀ, ਯਾਰਡਾਂ ਵਿੱਚ ਲਾਈਟ, ਬਾਰਦਾਨੇ, ਸਾਫ-ਸਫਾਈ ਸਮੇਤ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ ਐੱਫਸੀਆਈ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, “ਆਪ” ਆਗੂ ਰਾਜਵਿੰਦਰ ਕੌਰ ਵੀ ਮੌਜੂਦ ਸਨ।

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!