
ਰੀੜ੍ਹ ਦੀ ਹੱਡੀ ਦੀ ਸੱਟ ਤੋਂ ਪੀੜਤ ਵਿਅਕਤੀ ਦੇ ਇਲਾਜ ਲਈ ਹਸਪਤਾਲ ਨੂੰ 25 ਹਜ਼ਾਰ ਰੁਪਏ ਦਾ ਚੈਕ ਭੇਟ
ਜਲੰਧਰ ਗਲੋਬਲ ਆਜਤੱਕ
ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ਦੀ ਵਚਨਬੱਧਤਾ ਤਹਿਤ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੀੜ੍ਹ ਦੀ ਹੱਡੀ ਦੀ ਸੱਟ ਤੋਂ ਪੀੜਤ ਇਲਾਜ ਅਧੀਨ ਮਰੀਜ਼ ਦੇ ਇਲਾਜ ਲਈ ਹਸਪਤਾਲ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਦਿੱਤਾ ਗਿਆ।
ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਇਲਾਜ ਰਾਸ਼ੀ ਦਾ ਚੈਕ ਭੇਟ ਕਰਨ ਉਪਰੰਤ ਦੱਸਿਆ ਕਿ ਵਿਕਰਮ ਵਾਸੀ ਬੜਿੰਗ, ਜੋ ਕਿ ਰੀੜ੍ਹ ਦੀ ਹੱਡੀ ਦੀ ਸੱਟ ਤੋਂ ਪੀੜਤ ਹੋਣ ਕਾਰਨ ਜਲੰਧਰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਹੈ, ਦੇ ਪਰਿਵਾਰਕ ਮੈਂਬਰਾਂ ਵੱਲੋਂ ਮਦਦ ਲਈ ਪ੍ਰਸ਼ਾਸਨ ਪਾਸ ਪਹੁੰਚ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਅੱਜ ਉਕਤ ਮਰੀਜ਼ ਦੇ ਇਲਾਜ ਦੇ ਖਰਚੇ ਵਿੱਚ ਮਦਦ ਵਜੋਂ ਹਸਪਤਾਲ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ ਹੈ।
ਸਕੱਤਰ ਰੈਡ ਕਰਾਸ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਜਲੰਧਰ ਸਮਾਜ ਦੇ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਹੈ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਰਹਿਨੁਮਾਈ ਹੇਠ ਸੁਸਾਇਟੀ ਵੱਲੋਂ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਸਮੇ-ਸਮੇਂ ਸਿਰ ਮੁਹੱਈਆ ਕਰਵਾਈਆਂ ਜਾਂਦੀਆਂ ਹਨ।



