JalandharPunjab

ਡਿਪਟੀ ਕਮਿਸ਼ਨਰ ਦੀ ਮੌਜੂਦਗੀ ’ਚ ਕੌਮੀ ਮਾਰਗ ’ਤੇ ਮਕਸੂਦਾਂ ਬਾਈਪਾਸ ਵਿਖੇ 30 ਮੀਟਰ ਉਚਾਈ ’ਤੇ ਲਹਿਰਾਇਆ ਤਿਰੰਗਾ

ਆਜ਼ਾਦੀ ਘੁਲਾਟੀਆਂ ‘ਤੇ ਸ਼ਹੀਦਾਂ ਨੂੰ ਕੀਤਾ ਯਾਦ, ਨੌਜਵਾਨਾਂ ਨੂੰ ਦੇਸ਼ ਦੇ ਵਿਕਾਸ ’ਚ ਉਸਾਰੂ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ
ਜਲੰਧਰ (ਅਮਰਜੀਤ ਸਿੰਘ ਲਵਲਾ ਗਲੋਬਲ ਆਜਤੱਕ)
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਕੌਮੀ ਮਾਰਗ ’ਤੇ ਅੱਜ ਸਥਾਨਕ ਮਕਸੂਦਾਂ ਬਾਈਪਾਸ ਵਿਖੇ 30 ਮੀਟਰ ਉਚਾਈ ’ਤੇ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।
“ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਨੂੰ ਸਮਰਪਿਤ ਸੀਟੀ ਗਰੁੱਪ ਦੇ ਸਹਿਯੋਗ ਨਾਲ ਤਿਰੰਗਾ ਲਹਿਰਾਉਣ ਲਈ ਕਰਵਾਏ ਗਏ ਸਾਦੇ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕੌਮੀ ਮਾਰਗ ’ਤੇ ਕਰੀਬ 100 ਫੁੱਟ ਉਚਾਈ ’ਤੇ ਲਹਿਰਾਇਆ ਤਿਰੰਗਾ ਲੱਖਾਂ ਲੋਕਾਂ ਦੇ ਨਜ਼ਰੀਂ ਪਵੇਗਾ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਦ੍ਰਿੜ ਕਰੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਨਕਸ਼-ਏ-ਕਦਮਾਂ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੇ ਲਾਮਿਸਾਲ ਬਲਿਦਾਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਦੀਆਂ ਸ਼ਹਾਦਤਾਂ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

 

ਨੌਜਵਾਨ ਪੀੜ੍ਹੀ ਨੂੰ ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੇ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਂਦੇ ਹੋਏ ਮੁਲਕ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ।
ਇਸ ਦੌਰਾਨ ਸੀਟੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੈਨਰਾਂ ਨਾਲ ਜਿਥੇ ਆਮ ਲੋਕਾਂ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਉਥੇ ਸੀਟੀ ਗਰੁੱਪ ਦੇ ਅਹੁਦੇਦਾਰਾਂ ਵੱਲੋਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦਾ ਬੂਟਿਆਂ ਨਾਲ ਸਨਮਾਨ ਵੀ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਗਾਏ ਰਾਸ਼ਟਰੀ ਗਾਨ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।
ਇਸ ਮੌਕੇ ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਜਨਰਲ ਮੈਨੇਜਰ ਪੀਐਸਡੀਐਮ ਸੂਰਜ ਕਲੇਰ, ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਕੈਂਪਸ ਡਾਇਰੈਕਟਰ ਡਾ. ਯੋਗੇਸ਼ ਛਾਬੜਾ, ਸੀਟੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੌਜੂਦ ਸੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!