
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਨਿਯਮਤ ਸੱਭਿਆਚਾਰਕ ਗਤੀਵਿਧੀਆਂ ਦੀ ਲੋੜ ‘ਤੇ ਜ਼ੋਰ ਦਿੱਤਾ
*ਪ੍ਰਸ਼ਾਸਨ ਵੱਲੋਂ ਕੇਐੱਲ ਸਹਿਗਲ ਮੈਮੋਰੀਅਲ ਹਾਲ ਨੂੰ ਸੱਭਿਆਚਾਰਕ ‘ਤੇ ਸੰਗੀਤਕ ਸਰਗਰਮੀਆਂ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ*
ਜਲੰਧਰ *ਗਲੋਬਲ ਆਜਤੱਕ*
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਨਿਰੰਤਰ ਸੱਭਿਆਚਾਰਕ ਅਤੇ ਸੰਗੀਤਕ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕੇਐਲ ਸਹਿਗਲ ਮੈਮੋਰੀਅਲ ਹਾਲ ਦਾ ਦੌਰਾ ਕਰਦਿਆਂ ਕਿਹਾ ਕਿ ਇਹ ਹਾਲ ਸੱਭਿਆਚਾਰਕ ਅਤੇ ਸੰਗੀਤਕ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਸਮਾਗਮਾਂ ਰਾਹੀਂ ਸਮਾਜਿਕ ਬੁਰਾਈਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਾਡੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਜਦੋਂ ਨੌਜਵਾਨ ਸਾਡੇ ਅਮੀਰ ਸੱਭਿਆਚਾਰ ਨੂੰ ਭੁੱਲਦੇ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜ ਕੇ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਸੱਭਿਆਚਾਰ ਨਾਲ ਜੁੜੀਆਂ ਰਹਿਣ। ਉਨ੍ਹਾਂ ਇਸ ਨੇਕ ਕਾਰਜ ਲਈ ਲੋਕਾਂ ਤੋਂ ਵੱਧ ਤੋਂ ਵੱਧ ਭਾਗੀਦਾਰੀ ਦੀ ਅਪੀਲ ਕੀਤੀ ਅਤੇ ਵਿੱਦਿਅਕ ਸੰਸਥਾਵਾਂ ਨੂੰ ਸ਼ਹਿਰ ਦੇ ਮੱਧ ਵਿਚ ਸਥਿਤ ਅਜਿਹੇ ਪਲੇਟਫਾਰਮਾਂ ਦੀ ਵਰਤੋਂ ਲੋਕਾਂ ਨੂੰ ਆਪਣਾ ਕੰਮ ਦਿਖਾਉਣ ਲਈ ਕਰਨ ਲਈ ਕਿਹਾ।
ਇਸ ਤੋਂ ਪਹਿਲਾਂ ਕੰਪਲੈਕਸ ਦੇ ਦੌਰੇ ਦੌਰਾਨ ਕੇਐਲ ਸਹਿਗਲ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਸੁਖਦੇਵ ਰਾਜ, ਸਕੱਤਰ ਅਜੀਮਲ, ਅਸ਼ਵਨੀ ਕੁਮਾਰ, ਗੁਰਿੰਦਰ ਕਲਸੀ, ਕੇਵਲ ਚੌਧਰੀ ਅਤੇ ਡਾ. ਅੰਕੁਰ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਘਨਸ਼ਿਆਮ ਥੋਰੀ ਵੱਲੋਂ ਸੱਭਿਆਚਾਰਕ ਕੇਂਦਰ ਅਤੇ ਆਡੀਟੋਰੀਅਮ ਦਾ ਦੌਰਾ ਵੀ ਕੀਤਾ ਗਿਆ, ਜਿਸ ਦੀ ਸਾਂਭ-ਸੰਭਾਲ ਟਰੱਸਟ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਅੱਗੇ ਵਧਾਉਣ ਲਈ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਟਰੱਸਟੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਕੰਪਲੈਕਸ ਵਿਖੇ ਯੂਵਾ ਥੀਏਟਰ, ਜਲੰਧਰ ਦੇ ਸਹਿਯੋਗ ਨਾਲ ਕਰਵਾਏ ਗਏ ਥੀਏਟਰ ਅਤੇ ਸੰਗੀਤ ਸਮਾਗਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਇੱਥੇ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਟਰੱਸਟ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਟਰੱਸਟ ਨੂੰ ਜਲੰਧਰ ਪ੍ਰਸ਼ਾਸਨ ਵੱਲੋਂ ਭਵਿੱਖ ਕਰਵਾਇਆ ਸਰਗਰਮੀਆਂ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।



