
ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ, ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਮਕਸੂਦਾਂ ਵਿਖੇ ਰੈੱਡ ਕਰਾਸ ਡੈਫ ਅਤੇ ਡੰਬ ਸਕੂਲ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਬੱਚਿਆਂ ਨਾਲ ਕਰੀਬ ਇਕ ਘੰਟਾ ਬਿਤਾਇਆ ਅਤੇ ਉਨ੍ਹਾਂ ਨੂੰ ਮਠਿਆਈਆਂ ਵੰਡੀਆਂ। ਉਨ੍ਹਾਂ ਸਕੂਲ ਪ੍ਰਬੰਧਕਾਂ ਪਾਸੋਂ ਉਨ੍ਹਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਵਿਦਿਆਰਥੀਆਂ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਉਹ ਵਿਦਿਆਰਥੀਆਂ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਵੀ ਹੋਏ।
ਘਨਸ਼ਿਆਮ ਥੋਰੀ ਨੇ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ, ਜੋ ਕਿ ਦੇਸ਼ ਭਰ ਵਿੱਚ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੀ ਮਹੱਤਤਾ ਨੂੰ ਦੇਖਦੇ ਹੋਏ ਉਨ੍ਹਾਂ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝਾ ਕਰਨ ਲਈ ਵਿਅਕਤੀਗਤ ਤੌਰ ‘ਤੇ ਇਸ ਸਕੂਲ ਦਾ ਦੌਰਾ ਕਰਨ ਦਾ ਫੈਸਲਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਮੌਜੂਦ ਰੈੱਡ ਕਰਾਸ ਸੀਨੀਅਰ ਸਿਟੀਜ਼ਨਜ਼ ਹੋਮ ਦੇ ਬਜ਼ੁਰਗਾਂ ਨਾਲ ਵੀ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਉਨ੍ਹਾਂ ਜਿਥੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਨੂੰ ਕੰਬਲ, ਸਵੈਟਰ ਅਤੇ ਮਠਿਆਈਆਂ ਵੰਡੀਆਂ ਉਥੇ ਇਨ੍ਹਾਂ ਸੰਸਥਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਇਨ੍ਹਾਂ ਵਿਦਿਆਰਥੀਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜੇਕਰ ਇਨ੍ਹਾਂ ਨੂੰ ਪਿਆਰ ਅਤੇ ਸਨੇਹ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਵਿੱਚ ਕਮਾਲ ਕਰ ਸਕਦੇ ਹਨ। ਘਨਸ਼ਿਆਮ ਥੋਰੀ ਨੇ ਮਨੁੱਖਤਾ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰ ਰਹੇ ਇਸ ਸਕੂਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰੈੱਡ ਕਰਾਸ ਸੋਸਾਇਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਇਨ੍ਹਾਂ ਦੇ ਸਸ਼ਕਤੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸਕੱਤਰ ਰੈਡ ਕਰਾਸ ਇੰਦਰ ਦੇਵ ਮਿਨਹਾਸ ਅਤੇ ਹੋਰ ਵੀ ਮੌਜੂਦ ਸਨ।



