
ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਨਿਗਰਾਨੀ ਵਿੱਚ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਜੀਓਜੀਜ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਕੋਵਿਡ-19 ਰਾਹਤ ਕਾਰਜਾਂ ਅਤੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਤੇ ਖਰੀਦ ਕੇਂਦਰਾਂ ਵਿੱਚ ਕਣਕ ਦੇ ਖਰੀਦ ਕਾਰਜਾਂ ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ‘ਤੇ 167 ਗਾਰਡੀਅਨਸ ਆਫ਼ ਗਵਰਨੈਂਸ (ਜੀਓਜੀਜ਼) ਦਾ ਸਨਮਾਨ ਕੀਤਾ ਗਿਆ।
ਜੀਓਜੀਜ਼ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਜੀਓਜੀਜ਼ ਦੇ ਜ਼ਿਲ੍ਹਾ ਮੁਖੀ ਮੇਜਰ ਜਨਰਲ (ਰਿਟਾ) ਬਲਵਿੰਦਰ ਸਿੰਘ ਨੂੰ ਉਨ੍ਹਾਂ ਟੀਮ ਸਮੇਤ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਸੌਂਪੇ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਜੀਓਜੀਜ਼ ਵੱਲੋਂ ਕੋਵਿਡ-19 ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਮੁਸ਼ਕਿਲ ਦੇ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਗਏ ਸਖ਼ਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੀਓਜੀਜ਼ ਵੱਲੋਂ ਜ਼ਿਲ੍ਹੇ ਵਿਚ ਖ਼ਾਸਕਰ ਦਿਹਾਤੀ ਖੇਤਰਾਂ ਵਿਚ ਵਾਇਰਸ ਦੀ ਰੋਕਥਾਮ ਅਤੇ ਪੀੜਤ ਲੋਕਾਂ ਦੀ ਸਹਾਇਤਾ ਲਈ ਨਿਭਾਈ ਗਈ ਨਿਵੇਕਲੀ ਭੂਮਿਕਾ ਬੇਮਿਸਾਲ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਦੂਰੀ, ਕਿਸਾਨਾਂ ਅਤੇ ਮਜ਼ਦੂਰਾਂ ਦੁਆਰਾ ਮਾਸਕ ਪਹਿਨਣਾ, ਅਨਾਜ ਮੰਡੀਆਂ ਵਿੱਚ ਪਾਣੀ, ਸਾਬਣ ਅਤੇ ਹੋਰ ਸੁਵਿਧਾਵਾਂ ਦੀ ਉਪਲਬਧਤਾ ਸਮੇਤ ਸਮੁੱਚੇ ਮੈਡੀਕਲ ਪ੍ਰੋਟੋਕੋਲਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚੁਣੌਤੀਪੂਰਨ ਕਾਰਜ ਸੀ ਪਰ ਜੀਓਜੀਜ਼ ਦੇ ਠੋਸ ਯਤਨਾਂ ਸਦਕਾ ਇਹ ਕਾਰਜ ਨਿਰਵਿਘਨ ਢੰਗ ਨਾਲ ਸਿਰੇ ਚੜ੍ਹਿਆ।
ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਜੀਓਜੀਜ਼ ਵੱਲੋਂ ਸਮੁੱਚੇ ਖਰੀਦ ਕਾਰਜਾਂ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੀਆਂ ਅਨਾਜ ਮੰਡੀਆਂ ਵਿਚ ਕੋਵਿਡ ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੀਓਜੀਜ਼ ਵੱਲੋਂ ਬਿਨਾਂ ਕਿਸੇ ਸਮੱਸਿਆ ਦੇ ਕੰਮ ਨੂੰ ਮੁਕੰਮਲ ਕਰਨ ਲਈ ਸਖ਼ਤ ਮਿਹਨਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਉਮੀਦ ਜ਼ਾਹਰ ਕੀਤੀ ਕਿ ਜੀਓਜੀਜ਼ ਭਵਿੱਖ ਵਿੱਚ ਵੀ ਪ੍ਰਸ਼ਾਸਨ ਦੀ ਸਹਾਇਤਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਨਿਰੰਤਰ ਫੀਡਬੈਕ ਰਾਹੀਂ ਇਨ੍ਹਾਂ ਦੀ ਨਿਗਰਾਨੀ ਕਰਨ ਵਿਚ ਜੀਓਜੀਜ਼ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ।



