
ਡਿਸਪਰਸਲ ‘ਤੇ ਕੁਲੈਕਸ਼ਨ ਸੈਂਟਰਾਂ ਦਾ ਵੀ ਕੀਤਾ ਦੌਰਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਜਲੰਧਰ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਥਾਵਾਂ ‘ਤੇ ਸਥਾਪਤ ਕੀਤੇ ਗਏ ਪੋਲਿੰਗ ਪਰਸੋਨਲ ਡਿਸਪਰਸਲ ਅਤੇ ਪੋਲਿੰਗ ਪਾਰਟੀ ਕੁਲੈਕਸ਼ਨ ਸੈਂਟਰਾਂ ਦਾ ਦੌਰਾ ਕੀਤਾ ਗਿਆ।
ਰਿਟਰਨਿੰਗ ਅਫ਼ਸਰਾਂ ਨੂੰ ਆਪਣੀ ਡਿਊਟੀ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਵਿੱਚ ਨਿਰਵਿਘਨ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਵੱਲੋਂ ਰਿਟਰਨਿੰਗ ਅਫ਼ਸਰਾਂ ਦੇ ਵੱਖ-ਵੱਖ ਸੈੱਲਾਂ ਦਾ ਦੌਰਾ ਵੀ ਕੀਤਾ ਗਿਆ ਤਾਂ ਜੋ ਸੁਤੰਤਰ ਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੋਲਿੰਗ ਪਾਰਟੀਆਂ ਦੇ ਡਿਸਪਰਸ ਤੋਂ ਲੈ ਕੇ ਗਿਣਤੀ ਤੱਕ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖਾਲਸਾ ਕਾਲਜ ਫਾਰ ਵੂਮੈਨ, ਕੈਂਟ, ਗੌਰਮਿੰਟ ਆਰਟ ਐਂਡ ਸਪੋਰਟਸ ਕਾਲਜ (ਪੁਰਾਣੀ ਬਿਲਡਿੰਗ) ਕਪੂਰਥਲਾ ਰੋਡ, ਰਾਇਜ਼ਾਦਾ ਹੰਸ ਰਾਜ ਸਟੇਡੀਅਮ (ਬੈਡਮਿੰਟਨ ਹਾਲ), ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਅਲਾਸਕਾ ਚੌਕ, ਸਰਕਾਰੀ ਕਾਲਜ ਆਫ ਐਜੂਕੇਸ਼ਨ, ਲਾਡੋਵਾਲੀ ਰੋਡ ਅਤੇ ਕੇਐਮਵੀ ਕਾਲਜ ਟਾਂਡਾ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਲੌਰ, ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ ਅਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਦਾ ਦੌਰਾ ਵੀ ਕੀਤਾ ਗਿਆ, ਜਿਥੇ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਪੋਲਿੰਗ ਪਰਸੋਨਲ ਡਿਸਪਰਸਲ ਅਤੇ ਪੋਲਿੰਗ ਪਾਰਟੀ ਕੁਲੈਕਸ਼ਨ ਸੈਂਟਰ ਸਥਾਪਤ ਕੀਤੇ ਗਏ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰੀ-ਪੋਲ ਸਟਰਾਂਗ ਰੂਮਾਂ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।



