
*ਕਿਹਾ,ਸ਼ਹਿਰ ਨੂੰ ਅਪਰਾਧ ਮੁਕਤ ਰੱਖਣਾ ‘ਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਹੋਵੇਗਾ ਮੁੱਖ*
ਜਲੰਧਰ *ਗਲੋਬਲ ਆਜਤੱਕ*
ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਯੋਗ ਉਪਰਾਲੇ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਕਮਿਸ਼ਨਰੇਟ ਪੁਲਿਸ ਜਲੰਧਰ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਦੀ ਅਗਵਾਈ ਵਿੱਚ ਗੈਰ ਸਮਾਜਿਕ ਅਨਸਰਾਂ ’ਤੇ ਨਕੇਲ ਪਾਉਣ ਅਤੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨਾ ਪੰਜਾਬ ਪੁਲਿਸ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਇਸ ਅਮੀਰ ਵਿਰਾਸਤ ਨੂੰ ਕਾਇਮ ਰੱਖਣਗੇ। ਕਮਿਸ਼ਨਰੇਟ ਪੁਲਿਸ ਜਲੰਧਰ ਵਿਖੇ ਅਮਨ-ਕਾਨੂੰਨ ਨੂੰ ਬਹਾਲ ਰੱਖਣ ਦੇ ਮਨਸੂਬੇ ਬਾਰੇ ਦਸਦਿਆਂ ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਅਤੇ ਉਨਾਂ ਦੀਆਂ ਗਤੀਵਿਧੀਆਂ ’ਤੇ ਬਾਜ਼ ਅੱਖ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਸ਼ਿਆਂ ਖਿਲਾਫ਼ ਹੋਰ ਸਖ਼ਤੀ ਅਪਣਾਈ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸ਼ਹਿਰ ਨੂੰ ਮੁਕੰਮਲ ਨਸ਼ਾ ਮੁਕਤ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਇਸੇ ਤਰ੍ਹਾਂ ਪੀਸੀਆਰ ਟੀਮਾ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਹੋਰ ਜਿੰਮੇਵਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆਂ ਵਿੱਚ ਪਬਲਿਕ ਡੀਲਿੰਗ ਨੁੰ ਹੋਰ ਵਧੀਆ ਬਣਾਇਆ ਜਾਵੇਗਾ ਅਤੇ ਇਸ ਲਈ ਪੁਲਿਸ ਅਧਿਕਾਰੀ ਜਵਾਬਦੇਹ ਹੋਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸਿੰਗ ਨੂੰ ਹੋਰ ਵਧੀਆ, ਜਿੰਮੇਵਾਰ ਅਤੇ ਪਾਰਦਰਸ਼ੀ ਬਣਾਉਣ ਲਈ ਆਮ ਜਨਤਾ ਪਾਸੋਂ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬਜੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਵੀ ਖਾਸ ਧਿਆਨ ਦਿੱਤਾ ਜਾਵੇਗਾ।



