
0 ਤੋਂ 5 ਸਾਲ ਤੱਕ ਦੇ ਕੁੱਲ 1,18,453 ਬੱਚਿਆਂ ਨੂੰ ਪਿਲਾਈਆ ਗਈਆਂ ਪੋਲੀਓ ਰੋਧਕ ਬੂੰਦਾਂ
ਜਲੰਧਰ ਗਲੋਬਲ ਆਜਤੱਕ
ਸਿਹਤ ਵਿਭਾਗ ਜਲੰਧਰ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਦੇ ਤੀਜੇ ਦਿਨ ਮੰਗਲਵਾਰ ਨੂੰ ਪੋਲੀਓ ਵੈਕਸੀਨੇਸ਼ਨ ਟੀਮਾਂ ਵਲੋਂ 0 ਤੋਂ 5 ਸਾਲ ਤੱਕ ਦੀ ਉਮਰ ਦੇ 28835 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ, ਜਿਨ੍ਹਾਂ ਵਿੱਚ ਪੇਂਡੂ ਖੇਤਰ ਦੇ 6553 ਅਤੇ ਸ਼ਹਿਰੀ ਖੇਤਰ ਦੇ 22282 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ 19 ਜੂਨ ਤੋਂ 21 ਜੂਨ ਤੱਕ ਚਲਾਏ ਗਏ ਇਸ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਦੌਰਾਨ ਪੇਂਡੂ ਅਤੇ ਸ਼ਹਿਰੀ ਖੇਤਰ ਨੂੰ ਕਵਰ ਕਰਦੇ ਹੋਏ 0 ਤੋਂ 5 ਸਾਲ ਤੱਕ ਦੀ ਉਮਰ ਦੇ ਕੁੱਲ 1,18,453 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ 98.4 ਫੀਸਦ ਟੀਚਾ ਪ੍ਰਾਪਤ ਕਰ ਲਿਆ ਗਿਆ। ਇਨ੍ਹਾਂ ਬੱਚਿਆਂ ਵਿੱਚ ਪੇਂਡੂ ਖੇਤਰ ਦੇ 35996 ਅਤੇ ਸ਼ਹਿਰੀ ਖੇਤਰ ਦੇ 82457 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 47,422, ਦੂਜੇ ਦਿਨ 42196 ਅਤੇ ਤੀਜੇ ਦਿਨ 28,835 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ ਨਿਰਧਾਰਤ ਟੀਚੇ 1,20,329 ਦਾ 98.4 ਫੀਸਦ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਭਰ ਵਿੱਚ ਪਲਸ ਪੋਲੀਓ ਰਾਉਂਡ ਦੌਰਾਨ 106 ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ 918 ਹਾਊਸ-ਟੂ- ਹਾਊਸ ਟੀਮਾਂ, 103 ਮੌਬਾਈਲ ਟੀਮਾਂ ਅਤੇ 5 ਟ੍ਰਾਂਜਿਟ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਡਾ. ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਜੋ ਬੱਚੇ ਕਿਸੇ ਕਾਰਨ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਬੱਚਿਆਂ ਨੂੰ ਸਿਹਤ ਵਿਭਾਗ ਦੇ ਫੀਲਡ ਸਟਾਫ ਵੱਲੋਂ ਸੰਬੰਧਤ ਖੇਤਰ ‘ਚ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ਅਤੇ ਹਰ ਬੱਚੇ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ।



