EmploymentJalandharPunjab

ਨਕੋਦਰ ‘ਤੇ ਸ਼ਾਹਕੋਟ ਵਿਖੇ ਲਗਾਏ ਗਏ ਰੋਜ਼ਗਾਰ ਮੇਲਿਆਂ ਵਿੱਚ 310 ਨੌਜਵਾਨਾਂ ਦੀ ਰੋਜ਼ਗਾਰ ਲਈ ਹੋਈ ਚੋਣ

ਰੋਜ਼ਗਾਰ ਮੇਲੇ ਵਿੱਚ ਪੁੱਜੀਆਂ 13 ਕੰਪਨੀਆਂ, 358 ਉਮੀਦਵਾਰਾਂ ਨੇ ਲਿਆ ਹਿੱਸਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬੀਡੀਪੀਓ ਨਕੋਦਰ ‘ਤੇ ਸ਼ਾਹਕੋਟ ਦੇ ਦਫ਼ਤਰ ਵਿਖੇ ਬੁੱਧਵਾਰ ਨੂੰ ਲਗਾਏ ਗਏ 2 ਰੋਜ਼ਗਾਰ ਮੇਲਿਆਂ ਵਿੱਚ 310 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿਥੇ 358 ਬੇਰੋਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਪੁਖਰਾਜ ਹੈਲਥ ਕੇਅਰ, ਐਲਆਈਸੀ, ਸਟਾਰ ਹੈਲਥ ਇੰਸ਼ੋਰੈਂਸ, ਹਰਬਲਾਈਫ ਹੈਲਥ ਕੇਅਰ, ਆਈਸੀਆਈ ਪਰੂਡੈਂਸ਼ੀਅਲ, ਫਿਊਚਰ ਜਨਰਲੀ, ਏ-ਵਨ ਇੰਟਰਨੈਸ਼ਨਲ, ਏਜਾਈਲ ਹਰਬਲ ਅਤੇ ਹੈਲਥ ਹਰਬਲ ਸਮੇਤ 13 ਕੰਪਨੀਆਂ ਨੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਦਿਆਂ 310 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਹੀ ਰੋਜ਼ਗਾਰ ਮੇਲੇ 2 ਸਤੰਬਰ ਨੂੰ ਬੀਡੀਪੀਓ ਦਫ਼ਤਰ ਲੋਹੀਆਂ ਖਾਸ ‘ਤੇ ਰੁੜਕਾਂ ਕਲਾਂ, 3 ਸਤੰਬਰ ਨੂੰ ਬੀਡੀਪੀਓ ਦਫ਼ਤਰ ਨੂਰਮਹਿਲ ‘ਤੇ ਜਲੰਧਰ ਪੂਰਬੀ ਅਤੇ 7 ਸਤੰਬਰ ਨੂੰ ਬੀਡੀਪੀਓ ਦਫ਼ਤਰ ਜਲੰਧਰ ਪੱਛਮੀ ‘ਤੇ ਮਹਿਤਪੁਰ ਵਿਖੇ ਲਗਾਏ ਜਾ ਰਹੇ ਹਨ। ਜਿਥੇ ਭਾਗ ਲੈਣ ਵਾਲਿਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਨਿਯਮਿਤ ਰੋਜ਼ਗਾਰ ਮੇਲਿਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਤਹਿਤ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ,13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਡੀਸੀ ਥੋਰੀ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਾਬਿਤ ਹੋ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਜਿਸ ਤਹਿਤ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ‘ਤੇ ਕੀਤੀ ਜਾ ਰਹੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਵਧੇਰੇ ਨੌਕਰੀਆਂ ਲਈ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Related Articles

Leave a Reply

Your email address will not be published. Required fields are marked *

Back to top button
error: Content is protected !!