AgricultureJalandharPunjab

ਪਰਾਲੀ ਪ੍ਰਬੰਧਨ ਵਿੱਚ ਜ਼ਿਲ੍ਹਾ ਜਲੰਧਰ ਦੇ ਪ੍ਰਗਤੀਸ਼ੀਲ ਕਿਸਾਨ ਬਣੇ ਰਾਹ ਦਸੇਰਾ

ਖੇਤਾਂ ਵਿੱਚ ਹੀ ਪਰਾਲੀ ਦਾ ਪ੍ਰਬੰਧਨ ਕਰ ਕੇ ਆਲੂ ਦਾ ਵੱਧ ਝਾੜ ਕਰ ਰਹੇ ਨੇ ਪ੍ਰਾਪਤ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਦੇ ਪ੍ਰਗਤੀਸ਼ੀਲ ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਮਾਮਲੇ ਵਿੱਚ ਦੂਜੇ ਕਿਸਾਨਾਂ ਲਈ ਰਾਹ ਦਸੇਰਾ ਬਣਨ ਲੱਗੇ ਹਨ। ਇਹ ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਾਈ ਟੈੱਕ ਮਸ਼ੀਨਾਂ ਦੀ ਵਰਤੋਂ ਕਰ ਕੇ ਜਿਥੇ ਆਲੂ ਦਾ ਕਈ ਗੁਣਾ ਵਧ ਝਾੜ ਪ੍ਰਾਪਤ ਕਰ ਰਹੇ ਹਨ ਉਥੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਵੀ ਯੋਗਦਾਨ ਪਾ ਰਹੇ ਹਨ।

ਪਿੰਡ ਲੱਲੀਆਂ ਖੁਰਦ ਦੇ ਸਰਪੰਚ ਕਿਸਾਨ ਜਗਜੀਤ ਸਿੰਘ ਵੱਲੋਂ ਪਿਛਲੇ 4 ਸਾਲਾਂ ਤੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰ ਕੇ ਕਰੀਬ 200 ਏਕੜ ਰਕਬੇ ਵਿਚ ਆਲੂ ਦੀ ਬਿਜਾਈ ਕੀਤੀ ਜਾਂਦੀ ਹੈ। ਉਸ ਨੇ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਮਿੱਟੀ ਦੀ ਸਿਹਤ ਵਿੱਚ ਬੇਹੱਦ ਸੁਧਾਰ ਹੋਇਆ ਹੈ ਅਤੇ ਖਾਦਾਂ ਦੀ ਵਰਤੋਂ ਘਟ ਗਈ ਹੈ। ਉਸ ਨੇ ਦੱਸਿਆ ਕਿ ਆਲੂ ਦੇ ਝਾੜ ਵਿੱਚ ਵੀ ਕਈ ਗੁਣਾ ਵਾਧਾ ਹੋਇਆ ਹੈ ਅਤੇ ਇਹ ਸਭ ਪਰਾਲੀ ਨੂੰ ਖੇਤ ਵਿੱਚ ਹੀ ਖਪਾ ਦੇਣ ਕਰਕੇ ਸੰਭਵ ਹੋਇਆ ਹੈ। ਕਿਸਾਨ ਜਗਜੀਤ ਸਿੰਘ, ਜਿਸਨੂੰ 15 ਅਗਸਤ 2019 ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਚੁੱਕਾ ਹੈ, ਨੇ ਕਿਹਾ ਕਿ ਉਸ ਨੇ ਆਪਣੇ ਪਿੰਡ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਰੱਖਣ ਦਾ ਪ੍ਰਣ ਲਿਆ ਹੈ, ਜਿਸ ਤਹਿਤ ਉਸ ਵੱਲੋਂ ਆਪਣੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਪਣੀਆਂ ਇਨ-ਸੀਟੂ ਮਸ਼ੀਨਾਂ ਦੀ ਪੇਸ਼ਕਸ਼ ਕਰਨ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਵੀ ਕੀਤਾ ਜਾਂਦਾ ਹੈ।

ਪਿੰਡ ਲੱਲੀਆਂ ਦੇ ਹੀ ਇਕ ਹੋਰ ਕਿਸਾਨ ਅਮਨਦੀਪ ਸਿੰਘ ਵੱਲੋਂ ਵੀ ਪਿਛਲੇ 4 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਰਿਹਾ ਹੈ।
ਇਸ ਪ੍ਰਗਤੀਸ਼ੀਲ ਕਿਸਾਨ ਨੇ ਆਪਣੇ ਪਿੰਡ ਵਿੱਚ ਕਿਸਾਨਾਂ ਦਾ ਇੱਕ ਸਮੂਹ ਵੀ ਬਣਾਇਆ ਹੋਇਆ ਹੈ, ਜਿਸ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਸ ਨੇ ਦੱਸਿਆ ਕਿ ਉਹ ਕਰੀਬ 150 ਏਕੜ ਰਕਬੇ ਵਿੱਚ ਇਨ-ਸੀਟੂ ਮਸ਼ੀਨਾਂ ਨਾਲ ਪਰਾਲੀ ਦਾ ਪ੍ਰਬੰਧਨ ਕਰ ਕੇ ਆਲੂ ਦੀ ਬਿਜਾਈ ਕਰ ਰਿਹਾ ਹੈ ਅਤੇ ਇਸ ਨਾਲ ਜਿਥੇ ਖੇਤੀ ਖਰਚਿਆਂ ਵਿੱਚ ਕਮੀ ਆਈ ਹੈ ਉਥੇ ਆਲੂ ਦੀ ਗੁਣਵੱਤਾ ਅਤੇ ਉਤਪਾਦਨ ਵਿੱਚ ਵੀ ਵਾਧਾ ਹੋਇਆ ਹੈ।
ਇਸੇ ਤਰ੍ਹਾਂ ਪਿੰਡ ਕਾਦੀਆਂ ਵਾਲੀ ਦੇ ਕਿਸਾਨ ਹਰਮੋਹਿੰਦਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਆਪਣੀ 250 ਏਕੜ ਜ਼ਮੀਨ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਆਲੂ ਦੀ ਬਿਜਾਈ ਕੀਤੀ ਜਾ ਰਹੀ ਹੈ, ਜਿਸ ਸਦਕਾ ਉਸ ਨੂੰ ਚੌਖਾ ਲਾਭ ਪ੍ਰਾਪਤ ਹੋਇਆ ਹੈ।
ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪਰਾਲੀ ਦੀ ਵਰਤੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਫ਼ਸਲੀ ਰਹਿੰਦ-ਖੂਹੰਦ ਦੀ ਪ੍ਰਬੰਧਨ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਲਈ ਐਸਐਮਐਸ, ਸੁਪਰ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਸ਼ਰੈਡਰ, ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਡਲ ਬੋਰਡ ਪਲੌਅ ਕਿਸਾਨਾਂ ਦੀ ਸਹੂਲਤ ਲਈ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!