
ਪਰਾਲੀ ਸਾੜਨ ਦੀਆਂ ਘਟਨਾਵਾਂ ਦੀ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ 1006 ਕਲੱਸਟਰ, ਨੋਡਲ ਅਫ਼ਸਰ ਤਾਇਨਾਤ—ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ 24 ਘੰਟੇ ਨਿਗਰਾਨੀ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 1006 ਕਲੱਸਟਰ ਅਫ਼ਸਰ, ਨੋਡਲ ਅਫ਼ਸਰ ਤਾਇਨਾਤ ਕੀਤੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਲਗਾਮ ਲਾਉਣ ਲਈ ਜ਼ਿਲ੍ਹੇ ਵਿੱਚ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਦੀ ਤਾਇਨਾਤੀ ਕੀਤੀ ਗਈ ਹੈ ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1006 ਕਲੱਸਟਰ ਅਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜਲੰਧਰ-1 ਤਹਿਸੀਲ ਵਿੱਚ 168, ਜਲੰਧਰ-2 ਵਿੱਚ 266, ਨਕੋਦਰ ਵਿੱਚ 148, ਸ਼ਾਹਕੋਟ ਵਿੱਚ 182 ਅਤੇ ਫਿਲੌਰ ਤਹਿਸੀਲ ਵਿੱਚ 242 ਅਧਿਕਾਰੀ ਸ਼ਾਮਲ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਪਿੰਡ ਵਿੱਚ ਇਕ ਕਲੱਸਟਰ ਅਫ਼ਸਰ ਨੂੰ ਲਗਾਇਆ ਗਿਆ ਹੈ ਅਤੇ ਪੰਜ ਪਿੰਡਾਂ ਦੇ ਉਤੇ ਇਕ ਮੁਖੀ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਸਖ਼ਤ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ ਅਤੇ ਜੇਕਰ ਕੋਈ ਮਾਮਲਾ ਇਨ੍ਹਾਂ ਦੇ ਇਲਾਕਿਆਂ ਵਿਚ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਬੰਧਤ ਅਧਿਕਾਰੀ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਜਲਦ ਸ਼ੁਰੂ ਹੋਣ ਵਾਲਾ ਹੈ ਅਤੇ 15 ਅਕਤੂਬਰ ਤੱਕ ਝੋਨੇ ਦੀ ਕਟਾਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਹੋਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜ਼ਰ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਰਾਹੀਂ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਲਈ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਕੰਬਾਈਨ ਆਪ੍ਰੇਟਰਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਆਦਿ ਨੂੰ ਜਾਗਰੂਕ ਕਰਨ ਲਈ ਵੀ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਤਰੀਕਿਆਂ ਦਾ ਸਹਾਰਾ ਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਕਾਰਨ ਹੋਣ ਵਾਲਾ ਧੂੰਆਂ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦਾ ਹੈ ਉਥੇ ਆਮ ਲੋਕਾਂ ਖਾਸ ਕਰਕੇ ਕੋਵਿਡ-19 ਨਾਲ ਜੂਝ ਰਹੇ ਮਰੀਜ਼ਾਂ ਦੀਆਂ ਮੁਸ਼ਕਲਾਂ ਵਿੱਚ ਵੀ ਵਾਧਾ ਕਰ ਸਕਦਾ ਹੈ।



