
ਕਿਹਾ ਜ਼ਿਲ੍ਹਾ ਪ੍ਰਸ਼ਾਸਨ ਨੇ ਯੂਨੀਵਰਸਿਟੀ ਰਾਹੀਂ ਪ੍ਰੀਖਿਆ ਕਰਵਾ ਕੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਈ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਵੱਲੋਂ ਯੋਗ ਬਿਨੈਕਾਰਾਂ ਦੀ ਮੈਰਿਟ ਸੂਚੀ ਤਿਆਰ ਕਰਕੇ ਪ੍ਰੀਖਿਆ ਦਾ ਨਤੀਜਾ ਐਲਾਨ ਕਰ ਦੇਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਨੇ ਯੋਗ ਉਮੀਦਵਾਰਾਂ ਨੂੰ 157 ਸਟੈਂਪ ਡਿਊਟੀ ਲਾਇੰਸਸ ਜਾਰੀ ਕਰਨ ਲਈ ਤਿਆਰੀ ਖਿੱਚ ਦਿੱਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਿਖਤੀ ਇਮਤਿਹਾਨ ਤੋਂ ਬਾਅਦ ਇੰਟਰਵਿਊ ਸਮੇਤ ਨਿਰਪੱਖ ਚੋਣ ਪ੍ਰਕਿਰਿਆ ਤਿਆਰ ਕੀਤੀ ਗਈ।
ਡਿਪਟੀ ਕਮਿਸ਼ਨਰ ਥੋਰੀ ਨੇ ਅੱਗੇ ਦੱਸਿਆ ਕਿ ਦੋਵਾਂ ਪ੍ਰੀਖਿਆਵਾਂ ਵਿੱਚ ਕੁੱਲ 451 ਉਮੀਦਵਾਰਾਂ ਨੇ ਭਾਗ ਲਿਆ, ਜਿਸ ਤੋਂ ਬਾਅਦ ਪ੍ਰੀਖਿਆ ਵਿੱਚ ਉਮੀਦਵਾਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਯੂਨੀਵਰਸਿਟੀ ਵੱਲੋਂ ਮੈਰਿਟ ਸੂਚੀ ਤਿਆਰ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸੁਪਰਵਾਈਜ਼ਿੰਗ ਕਮੇਟੀ ਅਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਫਾਈਨਲ ਨਤੀਜੇ ਵਿੱਚ ਉਮੀਦਵਾਰਾਂ ਵੱਲੋਂ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੋਵਾਂ ਵਿੱਚੋਂ ਪ੍ਰਾਪਤ ਕੀਤੇ ਅੰਕ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ 157 ਅਸਾਮੀਆਂ ਲਈ ਕੁੱਲ 518 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 470 ਨੇ ਲਿਖਤੀ ਪ੍ਰੀਖਿਆ ਦਿੱਤੀ ਜਦਕਿ ਇੰਟਰਵਿਊ ਲਈ 451 ਆਏ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਦੇ ਦੋਵੇਂ ਮਾਡਿਊਲਾਂ ਵਿੱਚ ਹਾਜ਼ਰ ਹੋਏ ਸਾਰੇ 451 ਉਮੀਦਵਾਰਾਂ ਦੀ ਮੈਰਿਟ ਸੂਚੀ ਤਿਆਰ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਵਿੱਚ 70 ਅੰਕਾਂ ਦਾ ਲਿਖਤੀ ਟੈਸਟ ਸ਼ਾਮਲ ਸੀ, ਜਿਸ ਤੋਂ ਬਾਅਦ 10 ਨੰਬਰਾਂ ਦੀ ਇੰਟਰਵਿਊ ਸੀ ਅਤੇ 10ਵੀਂ ਦੀ ਪ੍ਰੀਖਿਆ ਵਿੱਚ ਅੰਕਾਂ ਲਈ 20 ਪੁਆਇੰਟ ਦਿੱਤੇ ਗਏ। 10ਵੀਂ ਜਮਾਤ ਵਿੱਚ ਜਿੰਨੇ ਵੱਧ ਅੰਕ ਸਨ, ਉਮੀਦਵਾਰਾਂ ਨੂੰ ਓਨੇ ਹੀ ਵੱਧ ਪੁਆਇੰਟ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬਿਨੈਕਾਰ http://af.ptuexam.com/PublicAnnouncement.aspx ‘ਤੇ ਆਪਣਾ ਨਤੀਜਾ ਦੇਖ ਸਕਦੇ ਹਨ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ‘ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੈਰਿਟ ਸੂਚੀ ਅਨੁਸਾਰ 157 ਸਟੈਂਪ ਵੈਂਡਰਾਂ ਦੇ ਲਾਇਸੰਸ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮੁੱਚੀ ਚੋਣ ਪ੍ਰਕਿਰਿਆ ਇਸ਼ਤਿਹਾਰ ਤੋਂ ਨਤੀਜੇ ਤੱਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਰਜੀਤ ਬੈਂਸ ਦੀ ਅਗਵਾਈ ਵਾਲੀ ਵਿਸ਼ੇਸ਼ ਕਮੇਟੀ ਵੱਲੋਂ ਸੰਚਾਲਿਤ ਕੀਤੀ ਗਈ ਸੀ।



