ElectionJalandharPunjab

*ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਉਲੰਘਣਾ ਤੋਂ ਬਾਅਦ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਸੀ—ਜੈ ਰਾਮ ਠਾਕੁਰ*

ਸੁਰੱਖਿਆ ‘ਚ ਹੋਈ ਉਲੰਘਣਾ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ*
ਜਲੰਧਰ 11ਫਰਵਰੀ (ਅਮਰਜੀਤ ਸਿੰਘ ਲਵਲਾ)
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਪੱਖੋਂ ਗੰਭੀਰ ਕੁਤਾਹੀ ਕਾਰਨ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ।

ਅੱਜ ਇੱਥੇ ਜਲੰਧਰ ਕੇਂਦਰੀ ਤੋਂ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਦੇ ਸਮਰਥਨ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਠਾਕੁਰ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦੀ ਘੋਰ ਅਸਫਲਤਾ ਹੈ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਆਪਣੇ ਜਨਤਕ ਰੈਲੀ ਵਾਲੇ ਸਥਾਨ ‘ਤੇ ਨਹੀਂ ਪੁੱਜ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਣ ਦੀ ਬਜਾਏ ਇਸ ‘ਤੇ ਸ਼ੇਖੀ ਮਾਰਦੇ ਰਹੇ।
ਜੈ ਰਾਮ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਿਰੋਜ਼ਪੁਰ ਰੈਲੀ ਮੌਕੇ ਉਸ ਥਾਂ ਤੋਂ ਪੰਜਾਬ ਲਈ 43 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਨਾਲ ਵਿਸ਼ੇਸ਼ ਲਗਾਉ ਹੈ ਕਿਉਂਕਿ ਉਨ੍ਹਾਂ ਨੇ ਲੰਮੇ ਸਮੇਂ ਤੱਕ ਪੰਜਾਬ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਅਗਵਾਈ ਵਾਲੀ ਗੱਠਜੋੜ ਦੀ ਸਰਕਾਰ ਬਣਨ ’ਤੇ ਅਜਿਹੇ ਹੋਰ ਵੀ ਕਈ ਪ੍ਰਾਜੈਕਟ ਆਉਣਗੇ।
ਹਿਮਾਚਲ ਦੇ ਮੁੱਖ ਮੰਤਰੀ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਲੰਬੇ ਅਤੇ ਡੂੰਘੇ ਰਿਸ਼ਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਿਮਾਚਲ ਪੰਜਾਬ ਨੂੰ ਵੱਡਾ ਭਰਾ ਮੰਨਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਨੂੰ ਲੋੜ ਪਈ ਤਾਂ ਅਸੀਂ ਨਾਲ ਖੜੇ ਹਾਂ ਅਤੇ ਜਦੋਂ ਵੀ ਸਾਨੂੰ ਲੋੜ ਪਈ ਤਾਂ ਪੰਜਾਬ ਸਾਡੇ ਨਾਲ ਖੜਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਇੱਕ ਦੂਜੇ ਨਾਲ ਸਬੰਧ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹਿਣਗੇ।
ਜੈ ਰਾਮ ਠਾਕੁਰ ਨੇ ਲੋਕਾਂ ਨੂੰ ਇਸ ਵਾਰ ਪੰਜਾਬ ਵਿੱਚ ਭਾਜਪਾ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਪੰਜਾਬ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਨੂੰ ਕੇਂਦਰ ਤੋਂ ਵੱਡੀ ਵਿੱਤੀ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਲਈ 2000 ਕਰੋੜ ਰੁਪਏ ਦਿੱਤੇ ਗਏ  ਹਨ, ਪਰ ਫਿਰ ਵੀ ਪੰਜਾਬ ਸਰਕਾਰ ਇਸ ਦੀ ਸਹੀ ਵਰਤੋਂ ਕਰਨ ਵਿੱਚ ਨਾਕਾਮ ਰਹੀ ਹੈ। ਸ਼ਹਿਰ ਵਿੱਚ ਸਮਾਰਟ ਸਿਟੀ ਵਰਗਾ ਕੁਝ ਨਹੀਂ ਦਿਸਦਾ।
ਜੈ ਰਾਮ ਠਾਕੁਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਜਵਾਨੀ, ਬਹਾਦਰੀ ਅਤੇ ਦਲੇਰੀ ਲਈ ਜਾਣਿਆ ਜਾਂਦਾ ਹੈ ਅਤੇ ਹਰ ਭਾਰਤੀ ਨੂੰ ਪੰਜਾਬੀਆਂ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ‘ਚ ਜ਼ਿਆਦਾਤਰ ਪੰਜਾਬੀ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਦੇ ਮਾਣ ਦਾ ਸਥਾਨ ਹਮੇਸ਼ਾ ਬਣਿਆ ਰਹੇ ਅਤੇ ਜਿਹੜੇ ਲੋਕ ਪੰਜਾਬ ਦੇ ਮਾਣ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਹਮੇਸ਼ਾ ਲਈ ਬਾਹਰ ਕਰ ਦਿੱਤਾ ਜਾਵੇ।
ਠਾਕੁਰ ਨੇ ਲੋਕਾਂ ਨੂੰ ਚੋਣਾਂ ਵਿੱਚ ਮਨੋਰੰਜਨ ਕਾਲੀਆ ਦੇ ਹੱਕ ਵਿੱਚ ਵੋਟ ਪਾ ਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਵੋਟ ਪਾਈ ਜਾਵੇ ਅਤੇ ਕਿਸੇ ਦੀ ਵੀ ਵੋਟ ਬਰਬਾਦ ਨਾ ਹੋਣ ਦਿੱਤੀ ਜਾਵੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!