
ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਬੀਮਾਰੀ ਨੂੰ ਕੰਟਰੋਲ ਕਰਨ ਲਈ ਅਪਣਾਈ ਜਾ ਰਹੀ ਬਹੁਪੱਖੀ ਰਣਨੀਤੀ—ਹਿਮਾਂਸ਼ੂ ਜੈਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਡੇਂਗੂ ਦੇ ਮਾਮਲਿਆਂ ਵਿੱਚ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਰਿਹਾਇਸ਼ੀ ਇਲਾਕੇ, ਗਲੀਆਂ ਅਤੇ ਜਨਤਕ ਥਾਵਾਂ ਦੇ ਪਰਿਸਰਾਂ ਵਿੱਚ ਪਾਣੀ ਜਮ੍ਹਾ ਨਾ ਹੋਣ ਦੇਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹੇ ਵਿੱਚ ਪੈਂਦੇ ਪ੍ਰਭਾਵਿਤ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਈਜਿਪਟੀ ਮੱਛਰ ਸਾਫ਼ ਪਾਣੀ ਵਿੱਚ ਪ੍ਰਜਨਨ ਕਰਦੇ ਹਨ ਅਤੇ ਫੁੱਲਦਾਨ, ਫਰਿੱਜ, ਕੂਲਰ, ਟਾਇਰ, ਪੰਛੀਆਂ ਦੇ ਫੀਡਰ ਅਤੇ ਭਾਂਡੇ ਆਦਿ ਖੜ੍ਹੇ ਪਾਣੀ ਤੋਂ ਇਲਾਵਾ ਆਮ ਸਥਾਨ ਹਨ, ਜਿਥੇ ਮੱਛਰ ਦਾ ਪ੍ਰਜਨਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਨਗਰ ਨਿਗਮ ਸਿਹਤ, ਸਿੱਖਿਆ, ਯੂਥ ਵੈੱਲਫੇਅਰ ਅਤੇ ਹੋਰ ਵਿਭਾਗਾਂ ਦੇ ਨਾਲ ਸਾਂਝੀਆਂ ਟੀਮਾਂ ਦਾ ਗਠਨ ਕਰ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਰੈਲੀਆਂ ਵੀ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੰਚਾਇਤ, ਸਿਹਤ ਵਿਭਾਗ, ਈਓਜ਼, ਬੀਡੀਪੀਓਜ਼ ਦੀਆਂ ਟੀਮਾਂ ਵੱਲੋਂ ਸਾਰੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ ਤਾਂ ਜੋ ਪੇਂਡੂ ਲੋਕਾਂ ਨੂੰ ਇਸ ਬਿਮਾਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਇਨਫੋਰਸਮੈਂਟ ਡਰਾਈਵ ਤੋਂ ਲੈ ਕੇ ਜਾਗਰੂਕਤਾ ਮੁਹਿੰਮ ਤੱਕ ਬਹੁਪੱਖੀ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਾਗੀਦਾਰਾਂ ਵਿੱਚ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਵੀ ਵੰਡੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਹਿਮਾਂਸ਼ੂ ਜੈਨ ਨੇ ਕਿਹਾ ਕਿ ਬਹੁਪੱਖੀ ਰਣਨੀਤੀ ਅਪਣਾਉਂਦਿਆਂ ਸਾਂਝੀਆਂ ਟੀਮਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਇਨਫੋਰਸਮੈਂਟ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਵਿਦਿਆਰਥੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਮੱਛਰ ਦੇ ਲਾਰਵੇ ਦਾ ਪਤਾ ਲਗਾਉਣ ਤੋਂ ਇਲਾਵਾ ਹੁਣ ਤੱਕ 370 ਤੋਂ ਵੱਧ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਪਾਣੀ ਦੇ ਭੰਡਾਰ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਣ ਦੇ ਨਾਲ-ਨਾਲ ਪੁਰਾਣੇ ਟਾਇਰਾਂ, ਟੁੱਟੇ-ਫੁੱਟੇ ਭਾਂਡਿਆਂ ਅਤੇ ਹੋਰ ਬੇਕਾਰ ਸਮਾਨ ਨੂੰ ਹਟਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣਾ ਹਰੇਕ ਮਨੁੱਖ ਦੀ ਸਮਾਜਿਕ ਜ਼ਿੰਮੇਵਾਰੀ ਹੈ।



