
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਟੀਕਾਕਰਨ ਮੁਹਿੰਮ ਤਹਿਤ ਕਵਰ ਕਰਨਾ ਸ਼ੁਰੂ ਕਰ ਦਿੱਤਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਪ੍ਰਸ਼ਾਸਨ ਨੇ ਘਰ-ਘਰ ਜਾ ਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ (ਪਰਸਨਜ਼ ਵਿਦ ਡਿਸਅਬਿਲਟੀਜ਼) ਨੂੰ ਟੀਕਾਕਰਨ ਮੁਹਿੰਮ ਤਹਿਤ ਕਵਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰੇਕ ਸਬ ਡਵੀਜ਼ਨ ਲਈ ਇਕ ਮੋਬਾਈਲ ਟੀਕਾਕਰਨ ਟੀਮ ਤਾਇਨਾਤ ਕੀਤੀ ਗਈ ਹੈ, ਜਿਹੜੀ ਅਜਿਹੇ ਲਾਭਪਾਤਰੀਆਂ ਦੇ ਘਰ-ਘਰ ਜਾ ਟੀਕਾਕਰਨ ਨੂੰ ਯਕੀਨੀ ਬਣਾਏਗੀ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਲਾਭਪਾਤਰੀਆਂ ਲਈ ‘ਡੋਰਸਟੈਪ ਟੀਕਾਕਰਨ ਮੁਹਿੰਮ’ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਸਕਣ।
ਅਜਿਹੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਖੁਰਾਕ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਇਕ ਹੈਲਪਲਾਈਨ ਨੰਬਰ 0181-2224417 ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਪੀਡਬਲਯੂਡੀ ਪੈਨਸ਼ਨਰਾਂ ਅਤੇ ਯੂਡੀਆਈਡੀ ਕਾਰਡ ਧਾਰਕਾਂ ਪਾਸ ਪਹੁੰਚ ਕਰੇਗਾ, ਜਿਸ ਲਈ ਸਬੰਧਤ ਵਿਭਾਗਾਂ ਤੋਂ ਪਹਿਲਾਂ ਹੀ ਡਾਟਾ ਮੰਗਿਆ ਜਾ ਚੁੱਕਾ ਹੈ।



