JalandharPunjab

ਪ੍ਰਸ਼ਾਸਨ ਨੇ ਦਿਵਿਆਂਗ ਵਿਅਕਤੀਆਂ ਦੇ ਘਰ ਵਿੱਚ ਟੀਕਾਕਰਨ ਦੀ ਮੁਹਿੰਮ ਵਿੱਚ ਲਿਆਂਦੀ ਤੇਜ਼ੀ, 949 ਯੋਗ ਲਾਭਪਾਤਰੀਆਂ ਨੇ ਘਰ ਵਿੱਚ ਪ੍ਰਾਪਤ ਕੀਤੀ ਵੈਕਸੀਨ ਦੀ ਖੁਰਾਕ–ਘਨਸ਼ਿਆਮ ਥੋਰੀ

ਪੀਡਬਲਯੂਡੀ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਟੀਕਾਕਰਨ ਨੂੰ ਯਕੀਨੀ ਬਣਾਉਣ ਤੱਕ ਜਾਰੀ ਰਹੇਗੀ ਮੁਹਿੰਮ--ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਟੀਕਾਕਰਨ ਤੋਂ ਇਲਾਵਾ ਸਿਹਤ ਟੀਮਾਂ ਵੱਲੋਂ ਇਸ ਦੇ ਫਾਇਦਿਆਂ ਬਾਰੇ ਪੇਂਡੂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹੈ–ਐਸਐਮਓ

ਜਲੰਧਰ (ਅਮਰਜੀਤ ਸਿੰਘ ਲਵਲਾ)

ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਘਰ ਵਿੱਚ ਟੀਕਾਕਰਨ ਲਈ ਸ਼ੁਰੂ ਕੀਤੀ ਮੁਹਿੰਮ ਨੇ ਰਫ਼ਤਾਰ ਫੜ ਲਈ ਹੈ, ਜਿਸ ਤਹਿਤ ਅਜਿਹੇ 949 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਵਿੱਚ ਕੋਵਿਡ-19 ਵੈਕਸੀਨ ਦੀ ਖੁਰਾਕ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਟੀਕਾਕਰਨ ਦੀ ਸਹੂਲਤ ਦੇਣ ਮਕਸਦ ਨਾਲ ਕੁਝ ਦਿਨਾਂ ਪਹਿਲਾਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੂਹ ਐਸਐਮਓਜ਼ ਵੱਲੋਂ ਹਰੇਕ ਪੀਡਬਲਯੂਡੀ ਲਾਭਪਾਤਰੀ ਨੂੰ ਕੋਵਿਡ-19 ਵੈਕਸੀਨ ਦੀ ਖੁਰਾਕ ਘਰ ਵਿੱਚ ਦੇਣੀ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੇ ਪੰਜ ਐਸਡੀਐਮਜ਼ ਵੱਲੋਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿਸ਼ਾਲ ਅਭਿਆਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਿਆ ਜਾ ਸਕੇ। ਉਨ੍ਹਾਂ ਸਮੂਹ ਲਾਭਪਾਤਰੀਆਂ ਤੱਕ ਪਹੁੰਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਉਨ੍ਹਾਂ ਨੂੰ ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਹੁਣ ਤੱਕ ਦੇ ਸਭ ਤੋਂ ਵੱਡੇ ਟੀਕਾਕਰਨ ਪ੍ਰੋਗਰਾਮ ਦਾ ਹਿੱਸਾ ਬਣਾਇਆ ਜਾ ਸਕੇ।
ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਾਂਝਾ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ, ਜਮਸ਼ੇਰ ਹੈਲਥ ਬਲਾਕ ਡਾ. ਆਰਪੀ ਬੈਂਸ ਨੇ ਦੱਸਿਆ ਕਿ ਆਸ਼ਾ ਵਰਕਰਾਂ, ਏਐੱਨਐੱਮ ਅਤੇ ਵੈਕਸੀਨੇਟਰਾਂ ਦੀਆਂ ਟੀਮਾਂ ਵੱਲੋਂ ਨਾ ਸਿਰਫ਼ ਦਿਵਿਆਂਗ ਵਿਅਕਤੀਆਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ ਸਗੋਂ ਪੇਂਡੂ ਲੋਕਾਂ ਵਿੱਚ ਜਲਦੀ ਟੀਕਾਕਰਨ ਦੇ ਫਾਇਦਿਆਂ ਸਬੰਧੀ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਸਾਡੀਆਂ ਟੀਮਾਂ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵਿਅਕਤੀਆਂ (ਪਰਸਨਜ਼ ਵਿਦ ਡਿਸਅਬਿਲਟੀਜ਼) ਦੇ ਟੀਕੇ ਲਗਾਉਣ ਲਈ ਘਰ-ਘਰ ਜਾ ਰਹੀਆਂ ਹਨ ਅਤੇ ਹੁਣ ਤੱਕ 339 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਵਿੱਚ ਕੋਵਿਡ-19 ਵੈਕਸੀਨ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ।”

ਇਸੇ ਤਰ੍ਹਾਂ ਐਸਐਮਓ ਆਦਮਪੁਰ ਬਲਾਕ ਡਾ. ਰੀਮਾ ਨੇ ਕਿਹਾ, “ਅਸੀਂ ਆਪਣੇ ਹੈਲਥ ਬਲਾਕ ਵਿੱਚ ਲਗਭਗ 95 ਫੀਸਦੀ ਪੀਡਬਲਯੂਡੀ ਲਾਭਪਾਤਰੀਆਂ ਨੂੰ ਕਵਰ ਕੀਤਾ ਹੈ ਅਤੇ ਸਿਰਫ਼ ਉਹ ਲੋਕ ਹੀ ਵੈਕਸੀਨ ਦੀ ਖੁਰਾਕ ਲੈਣ ਤੋਂ ਬਚੇ ਹਨ, ਜੋ ਟੀਕਾਕਰਨ ਨਹੀਂ ਕਰਵਾਉਣਾ ਚਾਹੁੰਦੇ।” ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ 50 ਸਮੇਤ ਹੁਣ ਤੱਕ 340 ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਵੱਧ ਤੋਂ ਵੱਧ ਟੀਕਾਕਰਨ ਦਾ ਟੀਚਾ ਪੂਰਾ ਨਹੀਂ ਹੋ ਜਾਂਦਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਮਸ਼ੇਰ, ਆਦਮਪੁਰ, ਸ਼ਾਹਕੋਟ, ਲੋਹੀਆਂ, ਬੜਾ ਪਿੰਡ, ਸ਼ੰਕਰ, ਨਕੋਦਰ ਅਤੇ ਜਲੰਧਰ ਸ਼ਹਿਰੀ ਸਿਹਤ ਬਲਾਕਾਂ ਵਿੱਚ 339, 340, 30,160, 20, 20 ਅਤੇ 40 ਲਾਭਪਾਤਰੀਆਂ ਦੀ ਟੀਕਾਕਰਨ ਕੀਤਾ ਜਾ ਚੁੱਕਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!