
*ਬਾਕੀ ਰਹਿੰਦੇ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਮਾਲੀ ਮਦਦ ਦਾ ਲਾਭ ਲੈਣ ਦੀ ਕੀਤੀ ਅਪੀਲ*
ਜਲੰਧਰ, 19 ਅਪ੍ਰੈਲ *ਗਲੋਬਲ ਆਜਤੱਕ*
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਕਾਰਨ ਆਪਣਾ ਮੈਂਬਰ ਗੁਆ ਦੇਣ ਵਾਲੇ ਜਲੰਧਰ ਦੇ 1102 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 1102 ਪਰਿਵਾਰਾਂ (ਅਨਾਥ ਬੱਚਿਆਂ ਸਮੇਤ) ਨੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਲਾਭ ਲਿਆ ਹੈ। ਉਨ੍ਹਾਂ ਬਾਕੀ ਰਹਿੰਦੇ ਸਾਰੇ ਲਾਭਪਾਤਰੀਆਂ ਨੂੰ ਵੀ ਇਸ ਮਾਲੀ ਸਹਾਇਤਾ ਲਈ ਅਪਲਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 106 ਤੋਂ ਬਿਨੈ ਪੱਤਰ ਫਾਰਮ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਫਾਰਮ ਜਲੰਧਰ ਜ਼ਿਲ੍ਹੇ ਦੀ ਅਧਿਕਾਰਤ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਹ ਸਹਾਇਤਾ ਮਹਾਮਾਰੀ ਪ੍ਰਭਾਵਿਤ ਬੱਚਿਆਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਕੋਵਿਡ-19 ਕਾਰਨ ਆਪਣੇ ਮਾਤਾ-ਪਿਤਾ (ਇੱਕ ਜਾਂ ਦੋਵੇਂ) ਗੁਆ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਬੱਚੇ ਆਪਣੀ ਪੜ੍ਹਾਈ ਵਿੱਚ ਸਹਾਇਤਾ ਤੋਂ ਇਲਾਵਾ ਮਹੀਨਾਵਾਰ ਪੈਨਸ਼ਨ ਦੇ ਵੀ ਯੋਗ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੋ ਕੋਈ ਵੀ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕਾ ਹੈ, ਉਹ ਵਿੱਤੀ ਸਹਾਇਤਾ ਅਤੇ ਪੈਨਸ਼ਨ ਲਾਭ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪਰਿਵਾਰ, ਜਿਸ ਨੇ ਕੋਵਿਡ-19 ਕਾਰਨ ਆਪਣਾ ਰੋਜ਼ੀ-ਰੋਟੀ ਕਮਾਉਣ ਵਾਲਾ ਗੁਆ ਦਿੱਤਾ ਹੈ, ਦੇ ਆਸ਼ਰਿਤ ਪਤਨੀ ਅਤੇ ਨਾਬਾਲਗ ਬੱਚਿਆਂ ਸਮੇਤ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਲਈ ਯੋਗ ਹਨ।
ਡਿਪਟੀ ਕਮਿਸ਼ਨਰ ਨੇ ਕੋਵਿਡ-19 ਪ੍ਰਭਾਵਿਤ ਸਾਰੇ ਪਰਿਵਾਰਾਂ ਅਤੇ ਬੱਚਿਆਂ ਨੂੰ ਵਿੱਤੀ ਲਾਭ ਲਈ ਬਿਨੈ ਕਰਨ ਦੀ ਅਪੀਲ ਕਰਦਿਆਂ ਅਥਾਰਟੀ ਨੂੰ ਅਜਿਹੇ ਕੇਸਾਂ ਦੀ ਸਮੇਂ ਸਿਰ ਪੜਤਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਵਿੱਤੀ ਲਾਭਾਂ ਸਬੰਧੀ ਜਲਦੀ ਤੋਂ ਜਲਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਪ੍ਰਭਾਵਿਤ ਸਾਰੇ ਵਿਅਕਤੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਲੋਕ ਵਿੱਤੀ ਸਹਾਇਤਾ ਲਈ ਬਿਨੈ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸਹਾਇਤਾ ਲਈ ਹੈਲਪਲਾਈਨ ਨੰਬਰ 0181-2224417 ’ਤੇ ਫੋਨ ਕਰ ਸਕਦੇ ਹਨ



