
ਭਾਜਪਾ ਵੱਲੋਂ ਸੂਬਾ ਚੋਣ ਦਫ਼ਤਰ ਦਾ ਕੀਤਾ ਗਿਆ ਉਦਘਾਟਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਰਤੀ ਜਨਤਾ ਪਾਰਟੀ ਪੰਜਾਬ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਕਰ ਲਈ ਹੈ ‘ਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਹਰ ਵਰਕਰ ਨਾਲ ਤਾਲਮੇਲ ਕਰਕੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਸੂਬਾ ਚੋਣ ਦਫ਼ਤਰ ਦੀ ਸ਼ੁਰੁਆਤ ਕਰ ਦਿੱਤੀ ਗਈ ਹੈ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਇਸ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਕੇਂਦਰੀ ਜਲ ਸ਼ਕਤੀ ਮੰਤਰੀ ‘ਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤਾ। ਦਫ਼ਤਰ ਦੇ ਉਦਘਾਟਨ ਮੌਕੇ ਹਵਨ-ਯੱਗ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਭਾਜਪਾ ਦੇ ਜ਼ੋਨਲ ਚੋਣ ਇੰਚਾਰਜ ਸੌਦਾਨ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸੰਗਠਨ ਜਨਰਲ ਸਕੱਤਰ ਪਵਨ ਰਾਣਾ ਵੀ ਮੌਜੂਦ ਸਨ। ਸਾਰੇ ਸੀਨੀਅਰ ਆਗੂਆਂ ਦੇ ਜਲੰਧਰ ਪੁੱਜਣ ‘ਤੇ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਆਪਣੇ ਔਹਦੇਦਾਰਾਂ ਸਮੇਤ ਸਵਾਗਤ ਕੀਤਾ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ, ਜਿਸ ਕਾਰਨ ਪੂਰੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਣ ਦੀ ਖੁਸ਼ਬੂ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ 48 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਚੁੱਕੇ ਹਨ, ਕਾਂਗਰਸ ਦੇ ਰਾਜ ਤੋਂ ਦੁਖੀ ਲੋਕ ਹੁਣ ਪੰਜਾਬ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਭੈਅ ਮੁਕਤ, ਵਿਕਾਸਸ਼ੀਲ ਸਰਕਾਰ ਲਿਆਉਣ ਲਈ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ। ਕਿਉਂਕਿ ਭਾਜਪਾ ਹੀ ਇੱਕੋ-ਇੱਕ ਅਜਿਹਾ ਵਿਕਲਪ ਹੈ, ਜੋ ਪੰਜਾਬ ਨੂੰ ਨਸ਼ਾ ਮੁਕਤ, ਰੁਜ਼ਗਾਰ ਭਰਪੂਰ ਅਤੇ ਸਥਿਰ ਸਰਕਾਰ ਦੇ ਸਕਦੀ ਹੈ। ਉਹਨਾਂ ਕਿਹਾ ਕਿ ਜਨਧਨ ਖਾਤਿਆਂ ਵਿਚ ਸਹਾਇਤਾ ਰਾਸ਼ੀ, ਮੁਫ਼ਤ ਗੈਸ ਸਲੰਡਰ, ਘਰ-ਘਰ ਸ਼ੌਚਾਲਿਆ ਅਤੇ ਗਰੀਬਾਂ ਲਈ ਮਕਾਨ ‘ਤੇ ਮੁਫ਼ਤ ਰਾਸ਼ਨ ਵਰਗੀਆਂ ਸਹੂਲਤਾਂ ਕਾਰਨ ਭਾਰਤੀ ਜਨਤਾ ਪਾਰਟੀ ਦੇਸ਼ ਦੀ ਇਕਲੌਤੀ ਲੋਕਾਂ ਦੇ ਵਿਸ਼ਵਾਸ਼ ਉੱਪਰ ਖ਼ਰਾ ਉਤਰਨ ਵਾਲੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਉਹਨਾਂ ਕਿਹਾ ਕਿ ਗਰੰਟੀਆਂ ਦੇ ਸਬਜ਼ਬਾਗ ਦਿਖਾਉਣ ਵਾਲੀਆਂ ਧਿਰਾਂ ਨੂੰ ਲੋਕ ਹੁਣ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਆਰਥਿਕ ਅਤੇ ਮਾਫੀਆ ਦਲਦਲ ਵਿਚੋਂ ਕੇਂਦਰ ਦੀ ਮੋਦੀ ਸਰਕਾਰ ਹੀ ਬਾਹਰ ਕੱਢ ਸਕਦੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਧਿਰ ਦੇ ਝੂਠੇ ਵਾਅਦਿਆਂ ਅਤੇ ਗਰੰਟੀਆਂ ਤੋਂ ਭਲੀ-ਭਾਂਤ ਜਾਣੂ ਹਨ, ਕਿਉਂਕਿ ਉਹ ਜਾਣਦੇ ਹਨ ਕਿ ਇਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਜਾਂ ਗਾਰੰਟੀ ਪੂਰਾ ਪਿਛਲੇ ਚਾਰ ਵਰ੍ਰੇ ਕੀਤੇ ਵਾਦੀਆਂ ਵਾਂਗ ਪੂਰਾ ਨਹੀਂ ਹੋਣ ਵਾਲਾ। ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਅਰਾਜਕਤਾ, ਦਹਿਸ਼ਤ ਅਤੇ ਭ੍ਰਿਸ਼ਟਾਚਾਰ ਦਾ ਅਜਿਹਾ ਮਾਹੌਲ ਪੈਦਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਰਹਿਣ ਵਾਲਾ ਹਰ ਵਿਅਕਤੀ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਇਸ ਵਾਰ ਸੂਬੇ ਦੀ ਸੱਤਾ ਬਦਲ ਕੇ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਦੇਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਉਦੇਸ਼ ‘ਭ੍ਰਿਸ਼ਟਾਚਾਰ-ਮੁਕਤ ਅਤੇ ਨਸ਼ਾ-ਮੁਕਤ ਸਮਾਜ’’ ਹੈ ਅਤੇ ਇਸੇ ਉਦੇਸ਼ ਨਾਲ ਭਾਜਪਾ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਪੰਜਾਬ ਵਿੱਚ ਸਰਕਾਰ ਬਣਨ ’ਤੇ ਇਹ ਉਦੇਸ਼ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਤੀਕਸ਼ਨ ਸੂਦ, ਮਨੋਰੰਜਨ ਕਾਲੀਆ, ਰਾਣਾ ਗੁਰਮੀਤ ਸਿੰਘ ਸੋਢੀ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਤੇ ਹੋਰ ਹਾਜ਼ਰ ਸਨ।



