JalandharPunjab

ਪੰਜਾਬ ਸਰਕਾਰ ਵਲੋਂ ਇਕ ਹੋਰ ਨਿਵੇਕਲੀ ਪਹਿਲ, ਹੁਣ ਸੇਵਾ ਕੇਂਦਰਾਂ ਤੋਂ ਮਿਲੇਗੀ ਐਨਆਰਆਈ ਸੈੱਲ ਪੰਜਾਬ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਦੀ ਸੁਵਿਧਾ—ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਇਕ ਸਾਲ ਦੌਰਾਨ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ 2,97,224 ਅਰਜ਼ੀਆਂ ਦਾ ਕੀਤਾ ਗਿਆ ਨਿਪਟਾਰਾ—ਡਿਪਟੀ ਕਮਿਸ਼ਨਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਲਗਾਤਾਰਤਾ ਵਿੱਚ ਇਕ ਹੋਰ ਪੁਲਾਂਘ ਪੁੱਟਦੇ ਹੋਏ ਹੁਣ ਐਨਆਰਆਈ ਸੈੱਲ, ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਸਬੰਧੀ ਸੇਵਾ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਰਵਿਸ ਨੂੰ ਸੇਵਾਂ ਕੇਂਦਰਾਂ ਨਾਲ ਜੋੜ ਦੇਣ ਸਦਕਾ ਹੁਣ ਕਿਸੇ ਨੂੰ ਵੀ ਚੰਡੀਗੜ੍ਹ ਦਫ਼ਤਰ ਵਿੱਚ ਆਪ ਜਾ ਕੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਲੋੜ ਨਹੀਂ ਸਗੋਂ ਸੇਵਾ ਕੇਂਦਰ ਵਿੱਚ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਕੇ ਰਸੀਦ ਪ੍ਰਾਪਤ ਕਰਨੀ ਹੈ। ਬਾਕੀ ਸਾਰਾ ਕੰਮ ਜਿਵੇਂ ਦਸਤਾਵੇਜ਼ ਚੰਡੀਗੜ੍ਹ ਪਹੁੰਚਾਉਣਾ, ਤਸਦੀਕ ਉਪਰੰਤ ਵਾਪਸ ਆਦਿ ਲੈ ਕੇ ਆਉਣ ਦੀ ਜ਼ਿੰਮੇਵਾਰੀ ਸੇਵਾ ਕੇਂਦਰਾਂ ਦੀ ਹੋਵੇਗੀ। ਸੇਵਾ ਕੇਂਦਰ ਵੱਲੋਂ ਸਬੰਧਤ ਵਿਅਕਤੀ ਦੇ ਮੋਬਾਇਲ ‘ਤੇ ਮੈਸੇਜ ਭੇਜਿਆ ਜਾਵੇਗਾ ਅਤੇ ਉਹ ਆਪਣੇ ਤਸਦੀਕਸ਼ੁਦਾ ਦਸਤਾਵੇਜ਼ ਸੇਵਾ ਕੇਂਦਰ ਤੋਂ ਪ੍ਰਾਪਤ ਕਰ ਸਕੇਗਾ। ਇਸ ਤੋਂ ਇਲਾਵਾ ਬਿਨੈਕਾਰ ਨੂੰ ਉਸ ਦੀ ਫਾਈਲ ਦੇ ਹਰ ਸਟੇਜ ਦੀ ਜਾਣਕਾਰੀ ਐਸਐਮਐਸ ਰਾਹੀਂ ਮਿਲਦੀ ਰਹੇਗੀ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਬਿਨੈਕਾਰ ਦਸਤਾਵੇਜ਼ਾਂ ਦੀ ਤਸਦੀਕ ਸਬੰਧੀ ਸੇਵਾ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਪਹੁੰਚ ਕਰ ਸਕਦੇ ਹਨ। ਇਸ ਸੇਵਾ ਲਈ 500 ਰੁਪਏ ਫੀਸ ਪ੍ਰਤੀ ਦਸਤਾਵੇਜ਼ ਨਿਰਧਾਰਿਤ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 33 ਸੇਵਾ ਕੇਂਦਰ ਹਨ, ਜਿਨ੍ਹਾਂ ਵਿੱਚੋਂ 18 ਜਲੰਧਰ ਸ਼ਹਿਰ ਵਿੱਚ ਚੱਲ ਰਹੇ ਹਨ। ਇਨ੍ਹਾਂ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਨਾਲ ਸਬੰਧਤ, ਜਨਮ ‘ਤੇ ਮੌਤ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ ਸਰਟੀਫਿਕੇਟ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 332 ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਹੁਣ ਐਨਆਰਆਈ ਦਸਤਾਵੇਜ਼ ਤਸਦੀਕ ਸਬੰਧੀ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਅਤੇ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਇਹ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜੀਂਦੀਆਂ ਸੇਵਾਵਾਂ ਇਕੋ ਛੱਤ ਥੱਲੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਜਲੰਧਰ ਵਿੱਚ ਖੋਲ੍ਹੇ ਗਏ ਸੇਵਾ ਕੇਂਦਰ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ, ਜਿਨ੍ਹਾਂ ਰਾਹੀਂ ਇਕ ਸਾਲ ਵਿੱਚ 17 ਅਗਸਤ 2020 ਤੋਂ ਹੁਣ ਤੱਕ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ 2,97,224 ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਤੋਂ 5 ਵਜੇ ਤੱਕ ਲੋਕਾਂ ਲਈ ਖੁੱਲ੍ਹੇ ਰਹਿੰਦੇ ਹਨ, ਜੋ ਕਿ ਵੱਖ-ਵੱਖ ਸੇਵਾਵਾਂ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਬੇਹੱਦ ਸਹਾਈ ਸਾਬਤ ਹੋ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!