JalandharPunjab

ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਆਮ ਜਨਤਾ ਦੇ ਸਹਿਯੋਗ ਦੀ ਲੋੜ—ਦਿਲਜਿੰਦਰ ਸਿੰਘ ਢਿੱਲੋਂ

ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਕਰਵਾਇਆ ਸਮਾਗਮ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ 26 ਅਕਤੂਬਰ 2021 ਤੋਂ 1 ਨਵੰਬਰ 2021 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਅੱਜ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਦਿਲਜਿੰਦਰ ਸਿੰਘ ਢਿੱਲੋਂ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਜਲੰਧਰ ਨੇ ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼੍ਰੀ ਵੱਲਭ ਭਾਈ ਪਟੇਲ (ਲੋਹ ਪੁਰਸ਼) ਦੇ ਜਨਮ ਦਿਵਸ ਨੂੰ ਮੁੱਖ ਰੱਖ ਕੇ ਮਨਾਇਆ ਜਾਂਦਾ ਹੈ। ਇਸ ਸੈਮੀਨਾਰ ਵਿੱਚ ਭ੍ਰਿਸ਼ਟਾਚਾਰ ਵਧਣ ਦੇ ਕਾਰਨਾਂ ਬਾਰੇ ਵੀ ਚਰਚਾ ਕਰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ, ਕਰਮਚਾਰੀ ਤੁਹਾਡੇ ਸਰਕਾਰੀ ਕੰਮ ਕਰਨ ਦੇ ਬਦਲੇ ਪੈਸੇ ਜਾਂ ਤੋਹਫੇ ਦੇ ਰੂਪ ਵਿੱਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਸੀਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਸ ਬਾਰੇ ਵਿਜੀਲੈਂਸ ਬਿਊਰੋ, ਜਲੰਧਰ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਸਕਦੇ ਹੋ।

ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਆਪਣੀ ਪਹਿਚਾਣ ਨੂੰ ਗੁਪਤ ਰੱਖਣਾ ਚਾਹੁੰਦਾ ਹੈ ਤਾਂ ਉਹ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ–1800-1800-1000 ਅਤੇ ਈ-ਮੇਲ ਆਈ.ਡੀ. complaint2vb@punjab.gov.in ‘ਤੇ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਆਮ ਜਨਤਾ ਤੋਂ ਸਹਿਯੋਗ ਦੀ ਮੰਗ ਕਰਦਿਆਂ ਲੋਕਾਂ ਨੂੰ ਵਿਜੀਲੈਂਸ ਦੇ ਅੱਖ, ਕੰਨ, ਨੱਕ ਅਤੇ ਹੱਥ ਬਣਨ ਦਾ ਸੱਦਾ ਦਿੱਤਾ।
ਉਨ੍ਹਾਂ ਜਨਤਾ ਨੂੰ ਵੀ ਇਹ ਅਪੀਲ ਕੀਤੀ ਗਈ ਕਿ ਉਨਾਂ ਨੂੰ ਆਪਣਾ ਕੰਮ ਕਰਾਉਣ ਸਮੇਂ ਧੀਰਜ ਰੱਖਣ ਦੀ ਜ਼ਰੂਰਤ ਹੈ ਅਤੇ ਆਪਣਾ ਕੰਮ ਜਲਦੀ ਕਰਾਉਣ ਲਈ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਪੈਸੇ ਦੇ ਕੇ ਉਤਸ਼ਾਹਿਤ ਕਰਦੇ ਹੋਏ ਭ੍ਰਿਸ਼ਟਾਚਾਰ ਨੂੰ ਬੁਲਾਵਾ ਨਾ ਦਿੱਤਾ ਜਾਵੇ।
ਇਸ ਤੋਂ ਬਾਅਦ ਸਤਿੰਦਰ ਸਿੰਘ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ, ਜਲੰਧਰ ਦਿਹਾਤੀ ਨੇ ਆਪਣੇ ਭਾਸ਼ਣ ਵਿੱਚ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਦਾ ਹੋਕਾ ਦਿੱਤਾ। ਉਨ੍ਹਾਂ ਸਾਰੇ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੰਮ ਪ੍ਰਤੀ ਅਤੇ ਲੋਕਾਂ ਪ੍ਰਤੀ ਸਕਾਰਾਤਮਕ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਪਰਮਜੀਤ ਸਿੰਘ, ਡੀਈਟੀਸੀ, ਜੀਐਸਟੀ, ਜਲੰਧਰ ਨੇ ਸਮਾਗਮ ਨੂੰ ਸੰਬੋਧਤ ਕਰਦਿਆਂ ਵਿਦਿਆਰਥੀ ਵਰਗ ਨੂੰ ਰਿਸ਼ਵਤਖੋਰੀ ਦੇ ਖਾਤਮੇ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਅਮਰਜੀਤ ਸਿੰਘ ਬੈਂਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਵੱਲੋਂ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ ਗਈ।
ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰੋਫ਼ੈਸਰ ਜਸਲੀਨ ਨੇ ਭ੍ਰਿਸ਼ਟਾਚਾਰ ਵਿਰੁੱਧ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਬੁਰਾਈ ਤੋਂ ਸਮਾਜ ਨੂੰ ਬਚਣ ਦੀ ਲੋੜ ਹੈ। ਇਸ ਉਪਰੰਤ ਸ੍ਰੀਮਤੀ ਸਰਿਤਾ ਤਿਵਾੜੀ ਬੁਧੀਜੀਵੀ, ਕਲਾਕਾਰ ਨੇ ਇਸ ਸਮਾਗਮ ਵਿੱਚ ਆਏ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਪਾਸੋਂ “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਜ਼ਿੰਦਾਬਾਦ” ਦਾ ਨਾਅਰਾ ਲਗਵਾਇਆ। ਉਨ੍ਹਾਂ ਵਿਜੀਲੈਂਸ ਬਿਊਰੋ ਦੇ ਪਿਛੋਕੜ ਬਾਰੇ ਚਾਨਣਾ ਪਾਉਂਦਿਆਂ ਵਿਜੀਲੈਂਸ ਦੇ ਇਕ-ਇਕ ਸ਼ਬਦ ਦੀ ਪਰਿਭਾਸ਼ਾ ਦੱਸੀ।
ਅਖੀਰ ਵਿੱਚ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿੰਦੇ ਹੋਏ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਰਿਸ਼ਵਤ ਨਹੀਂ ਦੇਣੀ ਚਾਹੀਦੀ ਅਤੇ ਹਰੇਕ ਨੂੰ ਰਿਸ਼ਵਤਖੋਰੀ ਖਿਲਾਫ਼ ਜਾਗਰੂਕ ਕਰਨਾ ਚਾਹੀਦਾ ਹੈ।
ਸਮਾਗਮ ਵਿੱਚ ਮੰਚ ਦਾ ਸੰਚਾਲਨ ਪ੍ਰੋਫੈਸਰ ਸੁਰਿੰਦਰਪਾਲ ਵੱਲੋਂ ਕੀਤਾ ਗਿਆ। ਇਸ ਮੌਕੇ 60 ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲਾਇਲਪੁਰ ਖਾਲਸਾ ਕਾਲਜ ਦੇ ਐਨਐਸਐਸ ਯੂਨਿਟ ਦੇ ਵਿਦਿਆਰਥੀਆਂ ਸਮੇਤ ਕਾਲਜ ਦੇ ਹੋਰ ਵਿਦਿਆਰਥੀ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!