
*ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮਾਵਾਂ ਨੂੰ ਸਿਹਤ ਸੰਭਾਲ ਸੰਬੰਧੀ ਦਿੱਤੀ ਜਾਣਕਾਰੀ*
ਜਲੰਧਰ *ਗਲੋਬਲ ਆਜਤੱਕ*
ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਬੁੱਧਵਾਰ ਨੂੰ ਬਲਾਕ ਆਦਮਪੁਰ ਵਿਖੇ ਹੈਲਥ ਵੈੱਲਨੇਸ ਸੈਂਟਰ ਮਦਾਰਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮਮਤਾ ਦਿਵਸ ਮੌਕੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਆਈਆਂ ਮਾਤਾਵਾਂ ਅਤੇ ਚੈਕਅਪ ਲਈ ਆਈਆਂ ਗਰਭਵਤੀ ਔਰਤਾਂ ਨੂੰ ਸਿਹਤ ਸੰਭਾਲ ਸਬੰਧੀ ਵਿਸਤਾਰਪੂਰਵਕ ਜਾਕਣਾਰੀ ਦਿੱਤੀ ਗਈ। ਇਸ ਮੌਕੇ ਏਐਨਐਮ ਮੀਨਾ, ਆਂਗਣਵਾੜੀ ਵਰਕਰਜ਼ ਅਤੇ ਆਸ਼ਾ ਮੌਕੇ ‘ਤੇ ਮੌਜੂਦ ਸਨ।
ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਦੇ ਹੋਏ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ ਅਤੇ ਬੱਚਿਆਂ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਮੁਫਤ ਏਐਨਸੀ ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਵੀ ਟੀਕਾਕਰਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਅਤੇ ਬੋਤਲ ਰਾਂਹੀ ਦੁੱਧ ਨਾ ਪਿਲਾਇਆ ਜਾਵੇ ਕਿਉਂਕਿ ਇਸ ਨਾਲ ਬੱਚਿਆਂ ਨੂੰ ਡਾਇਰੀਆ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਮਾਂ ਤੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣਾ ਚਾਹੀਦਾ ਹੈ।



