
ਯੂਨੀਵਰਸਿਟੀ ਵੱਲੋਂ 5 ‘ਤੇ 3 ਸਾਲਾ ਲਾਅ ਕੋਰਸਾਂ ਦੀ ਪੇਸ਼ਕਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ ਗਿਆ ‘ਤੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ ਗਏ, ਜੋ ਕਿ ਪੰਜਾਬ ਸਰਕਾਰ ਦੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਥਿਤ ਫੁਲਕਾਰੀ ਸਟੋਰਾਂ ‘ਤੇ ਉਪਲੱਬਧ ਹੋਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਵਿੱਚ ਵਰਚੁਅਲ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਦੇ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਦਾ ਉਦੇਸ਼ ਇਸ ਵਿੱਚ ਹੋਰ ਵਾਧਾ ਕਰਨਾ ਹੈ ‘ਤੇ ਨਵੀਂ ਯੂਨੀਵਰਸਿਟੀ ਵਿੱਦਿਅਕ ਸੈਸ਼ਨ 2021-2022 ਤੋਂ ਕਾਰਜਸ਼ੀਲ ਹੋਵੇਗੀ।
ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲਾਅ ਕੋਰਸਾਂ ਲਈ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਕੇਂਦਰੀਕ੍ਰਿਤ ਦਾਖ਼ਲਾ ਪ੍ਰਕਿਰਿਆ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਲਾਟ ਕੀਤੀ ਗਈ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਲਈ ਦਾਖ਼ਲਾ ਪ੍ਰਕਿਰਿਆ ਚੱਲ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਮੌਜੂਦਾ ਵਿੱਦਿਅਕ ਸੈਸ਼ਨ 2021-22 ਤੋਂ ਐਲਐਲਬੀ (ਟੀਵਾਈਸੀ) ਬੀਏ ਐਲਐਲਬੀ (ਐਫਵਾਈਆਈਸੀ) ਬੀਬੀਏ. ਐਲਐਲਬੀ (ਪੀਆਈਸੀ) ‘ਤੇ ਬੀਕਾਮ ਐਲਐਲਬੀ (ਐਫਵਾਈਆਈਸੀ) ਕਲਾਸਾਂ ਸ਼ੁਰੂ ਕਰੇਗੀ।
ਮੌਜੂਦਾ ਸਰਕਾਰ ਵੱਲੋਂ ਇਹ ਤੀਜੀ ਸੂਬਾ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ ਅਤੇ ਇਸ ਤੋਂ ਪਹਿਲਾਂ 2 ਨਵੀਆਂ ਯੂਨੀਵਰਸਿਟੀਆਂ ਸ੍ਰੀ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ ‘ਤੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਡਿਗਰੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਅਮੇਟੀ ਅਤੇ ਪਲਾਕਸ਼ਾ ਸਮੇਤ ਕਈ ਨਿੱਜੀ ਯੂਨੀਵਰਸਿਟੀਆਂ ਵੀ ਮੌਜੂਦਾ ਸਰਕਾਰ ਵੱਲੋਂ ਸਥਾਪਿਤ ਕੀਤੀਆਂ ਗਈਆਂ ਹਨ।



