
*ਪ੍ਰਵਾਸੀ ਪੰਜਾਬੀਆਂ ਦਾ ਡਾਟਾ ਕੀਤਾ ਜਾਵੇਗਾ ਇਕੱਤਰ, ਪਿੰਡਾਂ ਦੇ ਵਿਕਾਸ ’ਚ ਪ੍ਰਵਾਸੀਆਂ ਦਾ ਲਿਆ ਜਾਵੇਗਾ ਪੂਰਾ ਸਹਿਯੋਗ*
*26 ਜੂਨ ਨੂੰ ਸੂਬੇ ਭਰ ਦੇ ਪਿੰਡਾਂ ’ਚ ਹੋਵੇਗਾ ਗ੍ਰਾਮ ਸਭਾਵਾਂ ਦਾ ਇਜਲਾਸ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਪੰਜਾਬ ਦੇ ਪੇਂਡੂ ਵਿਕਾਸ ‘ਤੇ ਪੰਚਾਇਤ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਸੂਬੇ ਦੇ ਪਿੰਡਾਂ ਦਾ ਵਿਕਾਸ ਪੂਰੇ ਯੋਜਨਾਬੱਧ ਢੰਗ ਨਾਲ ਕਰਵਾਇਆ ਜਾਵੇਗਾ, ਜਿਸ ਵਿੱਚ ਪਿੰਡਾਂ ਦੇ ਵਸਨੀਕਾਂ ਅਤੇ ਪ੍ਰਵਾਸੀ ਪੰਜਾਬੀਆਂ ਦਾ ਵੀ ਪੂਰਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਜਲੰਧਰ ਵਾਂਗ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿਖੇ ਵੀ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।
ਸਥਾਨਕ ਸਰਕਟ ਹਾਊਸ ਵਿਖੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਦੇ ਪਿੰਡਾਂ ਵਿੱਚ ਲੋੜੀਂਦੀ ਤਬਦੀਲੀ ਅਤੇ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਸੁਹਿਰਦ ਯਤਨ ਆਰੰਭੇ ਜਾਣ ਤਾਂ ਜੋ ਇਨ੍ਹਾਂ ਪਿੰਡਾਂ ਦੀ ਮੁਕੰਮਲ ਕਾਇਆਕਲਪ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮਿਆਰ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤਯੋਗ ਨਹੀਂ ਹੋਵੇਗਾ ਅਤੇ ਭ੍ਰਿਸ਼ਟਾਚਾਰ ਖਿਲਾਫ਼ ਪੂਰੀ ਸਖ਼ਤੀ ਵਰਤੀ ਜਾਵੇਗੀ।
ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਭਵਿੱਖ ਦੀਆਂ ਲੋੜਾਂ ਮੁਤਾਬਕ ਸਬੰਧਤ ਤਕਨੀਕੀ ਸ਼ਖਾਵਾਂ ਨਾਲ ਵੀ ਪੂਰਾ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ ਅਤੇ ਸੂਬਾ ਸਰਕਾਰ ਸੂਬੇ ਦੇ 12,500 ਤੋਂ ਵੱਧ ਪਿੰਡਾਂ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿਚਲੇ ਵਿਕਾਸ ਕਾਰਜ ਤਕਨੀਕੀ ਸ਼ਖਾਵਾਂ ਤੋਂ ਸਹੀ ਯੋਜਨਾਬੰਦੀ ਉਪਰੰਤ ਹੀ ਕਰਵਾਏ ਜਾਣ, ਜਿਨ੍ਹਾਂ ਦੀ ਮਿਆਦ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਮਿਆਰ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ ਅਤੇ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਜੇਕਰ ਕੋਈ ਅਧਿਕਾਰੀ, ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿੰਡਾਂ ਦੇ ਵਿਕਾਸ ਵਿੱਚ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾਵਾਂ ਪੇਂਡੂ ਵਿਕਾਸ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਜਿਨ੍ਹਾਂ ਦੀ ਹੋਰ ਮਜ਼ਬੂਤੀ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਲ ਵਿੱਚ ਚਾਰ ਵਾਰ ਗ੍ਰਾਮ ਸਭਾਵਾਂ ਦਾ ਇਜਲਾਸ ਕਰਵਾਇਆ ਜਾਵੇਗਾ ਅਤੇ ਪਿੰਡਾਂ ਦੇ ਲੋਕ ਵਿਕਾਸ ਲਈ ਆਈ ਗ੍ਰਾਂਟ ਨੂੰ ਖਰਚ ਕਰਨ ਸਬੰਧੀ ਫੈਸਲਾ ਲੈ ਸਕਣਗੇ। ਉਨ੍ਹਾਂ 26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਮੌਕੇ ਸੂਬੇ ਭਰ ਦੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਇਜਲਾਸ ਬੁਲਾਉਣ ਦੀ ਹਦਾਇਤ ਦਿੰਦਿਆਂ ਇਜਲਾਸ ਦੌਰਾਨ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਤੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਪਿੰਡਾਂ ਦੇ ਵਿਕਾਸ ਲਈ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਬਾਰੇ ਗੱਲ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ, ਜਿਸ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀ ਜਾਣਕਾਰੀ ਇਕੱਤਰ ਕਰਨ ਉਪਰੰਤ ਉਨ੍ਹਾਂ ਵੱਲੋਂ ਆਪਣੇ ਪਿੰਡਾਂ ਵਿੱਚ ਬਣਦਾ ਸਹਿਯੋਗ ਦੇਣ ਲਈ ਉਨ੍ਹਾਂ ਨਾਲ ਰਾਬਤਾ ਕੀਤਾ ਜਾਵੇਗਾ ਤਾਂ ਜੋ ਪੇਂਡੂ ਵਿਕਾਸ ਹੋਰ ਨਿੱਖਰ ਕੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਪਿੰਡਾਂ ਵਿਚਲੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਸਹੀ ਪਲੇਟਫਾਰਮ ਉਪਲਬਧ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਭੇਜਿਆ ਪੈਸਾ ਉਚਿਤ ਢੰਗ ਨਾਲ ਵਿਕਾਸ ਕਾਰਜਾਂ ’ਤੇ ਖਰਚ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ, ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸੋਢੀ, ਰਾਜਵਿੰਦਰ ਕੌਰ, ਮੰਗਲ ਸਿੰਘ, ਦਿਨੇਸ਼ ਢੱਲ, ਬਲਵੰਤ ਭਾਟੀਆ ਆਦਿ ਮੌਜੂਦ ਸਨ।



