
ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਵਚਨਬੱਧਤਾ ਦੁਹਰਾਈ
ਜਲੰਧਰ (ਅਮਰਜੀਤ ਸਿੰਘ ਲਵਲਾ)
ਨਵ-ਨਿਯੁਕਤ ਰਿਜਨਲ ਪਾਸਪੋਰਟ ਅਫ਼ਸਰ (ਆਰਪੀਓ) ਸਤਪਾਲ ਨੇ ਜਲੰਧਰ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸਤਪਾਲ ਨੇ ਕਿਹਾ ਕਿ ਇਕ ਚੰਗੇ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਰਿਜਨਲ ਪਾਸਪੋਰਟ ਦਫ਼ਤਰ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਪਠਾਨਕੋਟ, ਮੋਗਾ, ਗੁਰਦਾਸਪੁਰ ਜ਼ਿਲ੍ਹਿਆਂ ਅਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਬਿਨੈਕਾਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ, ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਆਪਣੇ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਅਜਿਹੀਆਂ ਦਰਖਾਸਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਸਤ ਪਾਲ ਨੇ ਕਿਹਾ ਕਿ ਲੋਕ ਆਪਣੇ ਕੰਮਾਂ ਲਈ ਉਨ੍ਹਾਂ ਨਾਲ ਈਮੇਲ- rpo.jalandhar@mea.gov.in ‘ਤੇ ਸੰਪਰਕ ਕਰ ਸਕਦੇ ਹਨ ਅਤੇ 0181-2242114 ਜਾਂ 0181-2242115 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।



