
ਕਿਹਾ ਵਿਕਾਸ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਂਦਿਆਂ ਸਮੇਂ ਸਿਰ ਮੁਕੰਮਲ ਕੀਤੇ ਜਾਣ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਸਾਲ 2022-23 ਦੀ ਦੂਜੀ ਤਿਮਾਹੀ ਦੀ ਮੀਟਿੰਗ ਦੌਰਾਨ ਸੰਸਦ ਮੈਂਬਰ ਨੇ ਮੇਅਰ ਜਗਦੀਸ਼ ਰਾਜ ਰਾਜਾ, ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ, ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਨਾਲ ਕੇਂਦਰੀ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਦੇ ਲਾਭ ਤੋਂ ਵਾਂਝਾ ਨਾ ਰਹੇ।
ਲੋਕ ਸਭਾ ਮੈਂਬਰ ਤੇ ਸਮੂਹ ਵਿਧਾਇਕਾਂ ਨੇ ਇਕਮਤ ਹੁੰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਰੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਸਮਾਜ ਦੇ ਲੋੜਵੰਦ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਕਾਸ ਕੰਮਾਂ ਅਤੇ ਚੱਲ ਰਹੀਆਂ ਸਰਕਾਰੀ ਸਕੀਮਾਂ ਦੀਆਂ ਸੂਚੀਆਂ ਵਿਧਾਇਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਹ ਆਪਣੇ ਪੱਧਰ ‘ਤੇ ਇਨ੍ਹਾਂ ਦੀ ਸਮੀਖਿਆ ਕਰ ਸਕਣ, ਜਿਸ ਨਾਲ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।
ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਮੇਤ ਹੋਰ ਪ੍ਰੋਗਰਾਮਾਂ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਲੋਕ ਸਭਾ ਮੈਂਬਰ ਨੇ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ, ਮਿਡ-ਡੇ ਮੀਲ ਸਕੀਮ, ਆਈਸੀਡੀਐਸ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਮਗਨਰੇਗਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਚੌਧਰੀ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਸਬੰਧੀ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣ। ਖਾਸ ਕਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ੇ, ਸਿਖਲਾਈ ਪ੍ਰਦਾਨ ਕਰਨ ਸਬੰਧੀ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਨੌਜਵਾਨ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੰਦਿਆਂ ਲੋਕ ਸਭਾ ਮੈਂਬਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ, ਵਰਿਆਣਾ ਵਿਖੇ ਬਾਇਓ ਮਾਈਨਿੰਗ ਪ੍ਰਾਜੈਕਟ, ਸਰਫੇਸ ਵਾਟਰ ਪ੍ਰਾਜੈਕਟ ਦੇ ਚੱਲ ਰਹੇ ਕਾਰਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਸਮੀਖਿਆ ਕਰਦਿਆਂ ਉਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਮਾਰਟ ਸਿਟੀ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਬੁਲਾਉਣ ਲਈ ਵੀ ਕਿਹਾ ਤਾਂ ਜੋ ਪ੍ਰਾਜੈਕਟਾਂ ਵਿੱਚ ਆ ਰਹੀਆਂ ਦਿੱਕਤਾਂ ਨੂੰ ਵਿਭਾਗਾਂ ਦੇ ਤਾਲਮੇਲ ਨਾਲ ਫੌਰੀ ਹੱਲ ਕਰਕੇ ਪ੍ਰਾਜੈਕਟਾਂ ਦੇ ਜਲਦ ਮੁਕੰਮਲ ਹੋਣ ਦਾ ਰਾਹ ਪੱਧਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਸਰਗਰਮੀ ਲਿਆਂਦੀ ਜਾਵੇਗੀ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ, ਐਸਡੀਐਮ. ਜਲੰਧਰ-1 ਜੈ ਇੰਦਰ ਸਿੰਘ, ਐਸਡੀਐਮ. ਜਲੰਧਰ-1 ਬਲਬੀਰ ਰਾਜ ਸਿੰਘ, ਐਸਡੀਐਮ. ਨਕੋਦਰ ਰਣਦੀਪ ਸਿੰਘ ਹੀਰ, ਐਸਡੀਐਮ. ਫਿਲੌਰ ਅਮਨਪਾਲ ਸਿੰਘ, ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।



