
ਲੋਕਾਂ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਸਮਰੱਥ ਬਣਾਉਣ ਦੇ ਮਕਸਦ ਨਾਲ ਕੀਤਾ ਗਿਆ ਨਿਰੀਖਣ
ਜਲੰਧਰ (ਅਮਰਜੀਤ ਸਿੰਘ ਲਵਲਾ)
ਲੋਕਾਂ ਨੂੰ ਜ਼ਿਲਾ ਪ੍ਰਸ਼ਾਸਨ ਦੁਆਰਾ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਚਾਰੂ ਢੰਗ ਨਾਲ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਜਲੰਧਰ (ਜਨਰਲ) ਅਮਰਜੀਤ ਸਿੰਘ ਬੈਂਸ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨ ਦੇ ਵੱਖ-ਵੱਖ ਦਫ਼ਤਰਾਂ, ਸ਼ਾਖਾਵਾਂ ਵਿੱਚ ਚੈਕਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਨਿਰੀਖਣ ਦੌਰਾਨ ਇਨ੍ਹਾਂ ਸ਼ਾਖਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਆਪਣੇ ਨਿਯਮਿਤ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬੈਂਸ ਨੇ ਕਿਹਾ ਕਿ ਇਹ ਨਿਰੀਖਣ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸੁਪੋਰਟਿਵ ਸੁਪਰਵੀਜ਼ਨ ਲਈ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਸ਼ਾਖਾਵਾਂ ਦੇ ਕੰਮਕਾਜ ਵਿੱਚ ਜੇਕਰ ਕੁਝ ਕਮੀਆਂ ਹਨ, ਨੂੰ ਦੂਰ ਕਰਨਾ ਹੈ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟ੍ਰੇਟ-2 ਦੇ ਦਫ਼ਤਰ ਤੋਂ ਨਿਰੀਖਣ ਦੀ ਸ਼ੁਰੂਆਤ ਕੀਤੀ ਗਈ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਰਿਕਾਰਡ ਨੂੰ ਸਹੀ ਢੰਗ ਨਾਲ ਮੈਨਟੇਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕੰਪਿਊਟਰੀਕਰਨ ਰਾਹੀਂ ਸਾਰੇ ਰਿਕਾਰਡ ਨੂੰ ਉਚਿਤ ਢੰਗ ਨਾਲ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਐਸਡੀਐਮ-2 ਦੇ ਦਫ਼ਤਰ ਵਿੱਚ ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ‘ਤੇ ਪੈਂਡੈਂਸੀ ਚੈੱਕ ਕੀਤੀ ਗਈ ਅਤੇ ਐਸਡੀਐਮ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦਫ਼ਤਰ ਵਿੱਚ ਕਿਸੇ ਕਿਸਮ ਦੀ ਕੋਈ ਪੈਂਡੈਂਸੀ ਨਾ ਹੋਵੇ ਅਤੇ ਸਿਸਟਮ ਵਿੱਚ ਉਚਿਤ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਾਗਰਿਕ ਕੇਂਦਰਿਤ ਫੈਸਲਿਆਂ ਅਤੇ ਸੇਵਾਵਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾਵੇ ।
ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲਾਇਸੈਂਸਿੰਗ ਸ਼ਾਖਾ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਹਥਿਆਰਾਂ ਦੇ ਲਾਇਸੈਂਸਾਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ। ਇਸ ਤੋਂ ਬਾਅਦ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਚੋਣ ਦਫ਼ਤਰ, ਡੀਆਰਏ (ਟੀ) ਅਤੇ ਪੀਜੀਏ ਬ੍ਰਾਂਚ ਦੇ ਦਫ਼ਤਰਾਂ ਵਿੱਚ ਵੀ ਚੈਕਿੰਗ ਕੀਤੀ। ਇਨ੍ਹਾਂ ਸ਼ਾਖਾਵਾਂ ਵਿੱਚ ਬੈਂਸ ਨੇ ਰਿਕਾਰਡ ਦੀ ਯੋਜਨਾਬੱਧ ਸੰਭਾਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਨ੍ਹਾਂ ਸ਼ਾਖਾਵਾਂ ਦੇ ਆਧੁਨਿਕੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਸਮੁੱਚੀ ਪੈਂਡੈਂਸੀ ਨੂੰ ਦੂਰ ਕਰਨ ਦੇ ਨਾਲ-ਨਾਲ ਵਿਭਾਗਾਂ, ਸ਼ਾਖਾਵਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।



