
ਅਧਿਕਾਰੀਆਂ ਤੇ ਨੌਜਵਾਨ ਵੋਟਰਾਂ ਨੂੰ ਨੈਤਿਕ ਮਤਦਾਨ ਦਾ ਪ੍ਰਣ ਕਰਵਾਇਆ
ਜਲੰਧਰ (ਗਲੋਬਲ ਆਜਤੱਕ)
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ 13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦਾ ਸੱਦਾ ਦਿੱਤਾ।
‘ਵੋਟ ਵਰਗਾ ਕੁਝ ਨਹੀਂ, ਵੋਟ ਜ਼ਰੂਰ ਪਾਵਾਂਗੇ ਅਸੀਂ’ ਵਿਸ਼ੇ ’ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨਾਲ ਹੀ ਇਕ ਚੰਗੀ ਸਰਕਾਰ ਬਣਾਈ ਜਾ ਸਕਦੀ ਹੈ। ਵੋਟਰਾਂ ਨੂੰ ਸੂਝ-ਬੂਝ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਰਾਸ਼ਟਰ ਸੇਵਾ ਦੇ ਇਸ ਕਾਰਜ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ. ਫਿਲੌਰ ਅਮਨਪਾਲ ਸਿੰਘ ਵੀ ਮੌਜੂਦ ਸਨ।
ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦਾ ਸੱਦਾ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗ ਨਾਗਰਿਕਾਂ ਨੂੰ ਵੋਟ ਬਣਵਾਉਣ ਲਈ ਸਾਲ ਵਿੱਚ ਚਾਰ ਮੌਕੇ ਦਿੰਦਿਆਂ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨਿਰਧਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਤੀਆਂ ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਵਿਅਕਤੀ ਆਪਣੀ ਵੋਟ ਬਣਵਾਉਣ ਲਈ ਫਾਰਮ ਨੰ. 6 ਭਰ ਕੇ ਸਬੰਧਤ ਬੀਐਲਓ/ਈਆਰਓ. ਪਾਸ ਜਮ੍ਹਾ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਯੋਗ ਵੋਟਰ www.nvsp.in ਪੋਰਟਲ ਅਤੇ ਵੋਟਰ ਹੈਲਪਲਾਈਨ ਐਪ ’ਤੇ ਘਰ ਬੈਠੇ ਵੋਟ ਬਣਾਉਣ ਲਈ ਫਾਰਮ ਭਰਿਆ ਜਾ ਸਕਦਾ ਹੈ।
ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਵੋਟਰ ਜਾਗਰੂਕਤਾ ਗੀਤ ‘ਮੈਂ ਭਾਰਤ ਹੂੰ’ ਰਾਹੀਂ ਵੋਟਰਾਂ ਨੂੰ ਲੋਕਤੰਤਰ ਵਿੱਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ। ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਵੋਟਰਾਂ ਨੂੰ ਵੋਟਰ ਕਾਰਨ ਵੰਡੇ ਗਏ ਅਤੇ ਸਮਾਗਮ ਵਿੱਚ ਸ਼ਾਮਲ ਅਧਿਕਾਰੀਆਂ ਤੇ ਨਵੇਂ ਵੋਟਰਾਂ ਨੂੰ ਨੈਤਿਕ ਮਤਦਾਨ ਦਾ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਐਚਐਮਵੀ. ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।
ਸਮਾਰੋਹ ਦੌਰਾਨ ਸਰਬਓਤਮ ਈਆਰਓ. ਵਜੋਂ ਉਪ ਮੰਡਲ ਮੈਜਿਸਟ੍ਰੇਟ ਫਿਲੌਰ ਅਮਨਪਾਲ ਸਿੰਘ, ਸਰਬਓਤਮ ਬੀਐਲਓ. ਕੁਲਦੀਪ ਸਿੰਘ, ਸਰਬਓਤਮ ਸਵੀਪ ਨੋਡਲ ਅਫ਼ਸਰ ਵਜੋਂ ਸੁਰਜੀਤ ਲਾਲ ਦਾ ਸਨਮਾਨ ਕਰਨ ਦੇ ਨਾਲ-ਨਾਲ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਕਰਵਾਏ ਗਏ ਭਾਸ਼ਣ, ਲੇਖ, ਰੰਗੋਲੀ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਆਈਕਨਜ਼ ਵਿਵੇਕ ਜੋਸ਼ੀ, ਪੂਜਾ ਮਹੰਤ ਸਮੇਤ ਵੋਟਰ ਜਾਗਰੂਕਤਾ ਵਿਚ ਵੱਡਮੁੱਲੀਆਂ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਵੀ ਸਨਮਾਨਿਆ ਗਿਆ।
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਅਜੈ ਸਰੀਨ ਨੇ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਪਤਵੰਤਿਆਂ ਦਾ ਕਾਲਜ ਵਿੱਚ ਆਉਣ ‘ਤੇ ਸਵਾਗਤ ਕੀਤਾ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਮਨਦੀਪ ਕੌਰ, ਮਨਦੀਪ ਕੌਰ ਤੇ ਪਰਕੀਰਤ ਸਿੰਘ ਆਦਿ ਮੌਜੂਦ ਸਨ।



