ਸਿੰਥੈਟਿਕ, ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਸਟੋਰ ਕਰਨ ‘ਤੇ ਵਰਤੋਂ ਕਰਨ ‘ਤੇ ਪਾਬੰਦੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ, ਜਿਸ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਨਹੀਂ ਕੀਤੀ ਗਈ, ਦੇ ਸਾਈਬਰ ਕੈਫੇ ਦੀ ਵਰਤੋਂ ਕਰਨ ‘ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਹੁਕਮਾਂ ਵਿੱਚ ਕਿਹਾ ਹੈ ਕਿ ਵਰਤੋਂ ਕਰਨ ਵਾਲੇ, ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਾਈਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ, ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।ਐਕਟੀਵਿਟੀ ਸਰਵਰ ਲਾਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ 6 ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹੁਕਮ 18.09.2021 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ ਵਿੱਚ ਪਤੰਗ, ਗੁੱਡੀਆਂ ਉਡਾਉਣ ਲਈ ਸਿੰਥੈਟਿਕ, ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਇਹ 18.01.2022 ਤੱਕ ਲਾਗੂ ਰਹਿਣਗੇ।



